ਮਨੋਜ ਸ਼ਰਮਾ
ਬਠਿੰਡਾ, 17 ਜੂਨ
ਐਨਫੋਰਸਮੈਂਟ ਡਾਇਰੈਕਟਰ (ਈਡੀ) ਵੱਲੋਂ ਗਾਂਧੀ ਪਰਿਵਾਰ ਤੋਂ ਕੀਤੀ ਜਾ ਰਹੀ ਪੜਤਾਲ ਦੇ ਨਾਂ ’ਤੇ ਕਥਿਤ ਪ੍ਰੇਸ਼ਾਨ ਕਰਨ ਖ਼ਿਲਾਫ਼ ਅੱਜ ਪੰਜਾਬ ਵਿੱਚ ਕਾਂਗਰਸੀ ਸੜਕਾਂ ਤੇ ਉਤਰੇ। ਬਠਿੰਡਾ ਵਿੱਚ ਸਮੂਹ ਕਾਂਗਰਸ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਪ੍ਰਦਰਸ਼ਨ ਵਿਚ ਕਾਂਗਰਸ ਦੇ ਆਗੂ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਕੌਂਸਲਰਾਂ ਸਣੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਏ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਕੇਕੇ ਅਗਰਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਈਡੀ ਦੀ ਦੁਰਵਰਤੋਂ ਕਰ ਕੇ ਗਾਂਧੀ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਈਡੀ ਦੀਆਂ ਧੱਕੇਸ਼ਾਹੀਆਂ ਦਾ ਕਾਂਗਰਸ ਲੀਡਰਸ਼ਿਪ ਅਤੇ ਵਰਕਰ ਡਟ ਕੇ ਮੁਕਾਬਲਾ ਕਰਨਗੇ। ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਨਗਰ ਨਿਗਮ ਬਠਿੰਡਾ ਦੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ ਬਠਿੰਡਾ ਦੇ ਸਾਬਕਾ ਚੇਅਰਮੈਨ ਰਾਜਨ ਗਰਗ ਨੇ ਈਡੀ ਵੱਲੋਂ ਗਾਂਧੀ ਪਰਿਵਾਰ ਤੋਂ ਲਗਾਤਾਰ ਕੀਤੀ ਜਾ ਰਹੀ ਪੁੱਛ ਪੜਤਾਲ ਤੇ ਤੰਗ ਪ੍ਰੇਸ਼ਾਨ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਧੱਕੇਸ਼ਾਹੀਆਂ ਬਰਦਾਸ਼ਤ ਯੋਗ ਨਹੀਂ ਹਨ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਇੱਥੇ ਅੱਜ ਜ਼ਿਲ੍ਹਾ ਕਾਂਗਰਸ ਦੇ ਕਾਰਰੁਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਈਡੀ ਰਾਹੀਂ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਹੁਲ ਗਾਂਧੀ ਨੂੰ ਪ੍ਰੇਸ਼ਾਨ ਕਰ ਰਹੀ ਹੈ ਅਤੇ ਅਜਿਹਾ ਕਰ ਕੇ ਉਹ ਕਾਂਗਰਸੀ ਆਗੂਆਂ ਦਾ ਮਨੋਬਲ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਸੋਥਾ, ਕੌਂਸਲ ਪ੍ਰਧਾਨ ਕ੍ਰਿਸ਼ਨ ਕੁਮਾਰ ਸ਼ਮ੍ਹੀ ਤੇਹਰੀਆ, ਭੀਨਾ ਬਰਾੜ ਤੇ ਹੋਰ ਆਗੂ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਮੰਗ ਪੱਤਰ ਵੀ ਸੌਂਪਿਆ।