ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 8 ਦਸੰਬਰ
ਹਿਮਾਚਲ ਵਿਧਾਨ ਸਭਾ ਚੋਣਾਂ ਵਿੱਚ ਹੋਈ ਜਿੱਤ ਦੀ ਖੁਸ਼ੀ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਅੱਜ ਇੱਥੇ ‘ਕਾਂਗਰਸ ਭਵਨ’ ਵਿੱਚ ਲੱਡੂ ਵੰਡੇ ਅਤੇ ਪਟਾਖੇ ਚਲਾਏ।
ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿਚ ਜੰਮੇ ਇਸ ਖ਼ੁਸ਼ੀ ਦੇ ਮਾਹੌਲ ‘ਚ ਸ੍ਰੀ ਗਰਗ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੇ ਕਾਂਗਰਸ ਪਾਰਟੀ ਦਾ ਸਾਥ ਦੇ ਕੇ ਇਤਿਹਾਸਕ ਫੈਸਲਾ ਕੀਤਾ ਹੈ। ਉਨ੍ਹਾਂ ਆਖਿਆ ਕਿ ਵੋਟਰਾਂ ਨੇ ਪੁਸ਼ਟੀ ਕਰ ਦਿੱਤੀ ਹੈ ਕਿ ਕਾਂਗਰਸ ਦੀਆਂ ਸਰਕਾਰਾਂ ਵਕਤ ਹੀ ਹਿਮਾਚਲ ਪ੍ਰਦੇਸ਼ ਦਾ ਵਿਕਾਸ ਹੋਇਆ ਹੈ ਜਦੋਂ ਕਿ ਭ੍ਰਿਸ਼ਟਾਚਾਰ ‘ਚ ਗਲ ਤੱਕ ਖੁੱਭੀ ਭਾਜਪਾ ਨੂੰ ਲੋਕਾਂ ਨੇ ਇਸ ਵਾਰ ਨਕਾਰਿਆ ਹੈ। ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ, ਕੇਕੇ ਅਗਰਵਾਲ, ਪਵਨ ਮਾਨੀ ਅਤੇ ਰੁਪਿੰਦਰ ਬਿੰਦਰਾ ਨੇ ਕਿਹਾ ਕਿ ਹਿਮਾਚਲ ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਨੇ, ਆਗਾਮੀ ਲੋਕ ਸਭਾ ਚੋਣਾਂ ‘ਚ ਕਾਂਗਰਸ ਦੀ ਮਜ਼ਬੂਤੀ ਦਾ ਸੁਨੇਹਾ ਦਿੱਤਾ ਹੈ।