ਮਨੋਜ ਸ਼ਰਮਾ
ਬਠਿੰਡਾ, 13 ਅਗਸਤ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਅੱਜ ਥਰਮਲ ਪਲਾਂਟ ਲਹਿਰਾ, ਪਾਵਰਕੌਮ ਜ਼ੋਨ ਬਠਿੰਡਾ, ਜਲ ਸਪਲਾਈ ਅਤੇ ਸੈਨੀਟੇਸ਼ਨ, ਪਾਵਰਕੌਮ ਅਤੇ ਟ੍ਰਾਂਸਕੋ, ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ, ਮਗਨਰੇਗਾ ਆਦਿ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੇ ਕਾਲੇ ਚੋਲੇ ਪਾ ਕੇ ਆਜ਼ਾਦੀ ਦਿਵਸ ਨੂੰ ਗ਼ੁਲਾਮੀ ਦਿਵਸ ਵਜੋਂ ਮਨਾਇਆ।
ਅੱਜ ਦੇ ਇਸ ਪ੍ਰਦਰਸ਼ਨ ਵਿੱਚ ਬੀਬੀ ਵਾਲਾ ਚੌਕ ਤੋਂ ਡੀ.ਸੀ. ਦਫ਼ਤਰ ਤੱਕ ਮੋਟਰਸਾਈਕਲਾਂ ’ਤੇ ਰੋਸ ਮਾਰਚ ਕਰਦਿਆਂ ਡੀ.ਸੀ. ਬਠਿੰਡਾ ਨੂੰ ਮੰਗ ਪੱਤਰ ਸੌਂਪਿਆ ਗਿਆ।
ਮੋਰਚੇ ਦੇ ਆਗੂਆਂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਜਗਸੀਰ ਸਿੰਘ ਭੰਗੂ, ਖ਼ੁਸ਼ਦੀਪ ਸਿੰਘ ਬਠਿੰਡਾ, ਸੇਵਕ ਸਿੰਘ, ਵਰਿੰਦਰ ਸਿੰਘ ਬੀਬੀਵਾਲਾ ਤੇ ਸੰਦੀਪ ਖ਼ਾਨ ਨੇ ਕਿਹਾ ਕਿ ਕੈਪਟਨ ਸਰਕਾਰ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਈ ਸੀ ਪਰ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਲੰਘੇ ਸਾਢੇ ਤਿੰਨ ਸਾਲਾਂ ਵਿੱਚ ਕਿਸੇ ਵੀ ਅਦਾਰੇ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ।
ਬੁਲਾਰਿਆਂ ਮੰਗ ਕੀਤੀ ਕਿ ਸਮੂਹ ਅਦਾਰਿਆਂ ਦੇ ਨਿੱਜੀਕਰਨ ਕਰਨ ਦੀ ਨੀਤੀ ਰੱਦ ਕਰਨ ਕੀਤੀ ਜਾਵੇ, ਸਮੂਹ ਵਿਭਾਗਾਂ ਦਾ ਪੁਨਰਗਠਨ ਕਰਨ ਦੇ ਨਾਮ ਤੇ ਅਸਾਮੀਆਂ ਖ਼ਤਮ ਕਰਨ ਦਾ ਫ਼ੈਸਲਾ ਵਾਪਸ ਲਿਆ ਜਾਵੇ।
ਮੋਰਚੇ ਦੇ ਸੂਬਾ ਆਗੂਆਂ ਨੇ ਨਿੱਜੀਕਰਨ ਵਧਾਉਣ ਅਤੇ ਪਾਵਰਕੌਮ ਵਿੱਚੋਂ ਚਾਲੀ ਹਜ਼ਾਰ ਪੋਸਟਾਂ ਖਤਮ ਕਰਨ ਅਤੇ ਠੇਕਾ ਮੁਲਾਜ਼ਮਾਂ ਦੀ ਛਾਂਟੀ ਕਰਨ ਦੇ ਬਿਆਨ ਦੀ ਨਿਖੇਧੀ ਕੀਤੀ। ਊਨ੍ਹਾਂ ਕਿਹਾ ਕਿ ਜਦੋਂ ਤੱਕ ਠੇਕਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿੱਚ ਰੈਗੂਲਰ ਨਹੀਂ ਕੀਤਾ ਜਾਂਦਾ ਤਦ ਤੱਕ ਮੋਰਚੇ ਦੇ ਬੈਨਰ ਹੇਠ ਸੰਘਰਸ਼ ਜਾਰੀ ਰਹਿਣਗੇ ਅਤੇ 22 ਅਗਸਤ ਨੂੰ ਪਟਿਆਲਾ ਵਿੱਚ ਮੋਰਚੇ ਦੀ ਸੂਬਾਈ ਮੀਟਿੰਗ ਕਰ ਕੇ ਅਗਲੇ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸੇ ਦੌਰਾਨ ਅੱਜ ਵਰ੍ਹਦੇ ਮੀਂਹ ਵਿੱਚ ਵੱਖ ਵੱਖ ਮਹਿਕਮਿਆਂ ਦੇ ਠੇਕਾ, ਮੁਲਾਜ਼ਮਾਂ ਸਮੇਤ ਵੱਖ ਵੱਖ ਕੈਟਾਗਰੀਆਂ ਨਾਲ ਸਬੰਧਤ ਆਗੂਆਂ ਨੇ ਮੁਲਾਜ਼ਮ ਐਕਟ ਦਾ ਹਵਾਲਾ ਦਿੱਤਾ।
ਮਾਨਸਾ (ਜੋਗਿੰਦਰ ਸਿੰਘ ਮਾਨ): ਇੱਥੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਅੱਜ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਜ਼ਾਦੀ ਦਿਵਸ ਨੂੰ ਕਾਲੇ ਚੋਲੇ ਪਾਕੇ ਗੁਲਾਮੀ ਦਿਵਸ ਵਜੋਂ ਮਨਾਇਆ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿਆਲਾ ਨੇ ਕਿਹਾ ਕਿ ਸਰਕਾਰ ਸਮੂਹ ਅਦਾਰਿਆਂ ਵਿੱਚੋਂ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਅਤੇ ਤਨਖਾਹ ਕਟੌਤੀਆ ਦੇ ਰਾਹ ਪਈ ਹੋਈ ਹੈ। ਆਗੂਆਂ ਨੇ ਮੰਗ ਕੀਤੀ ਕਿ ਸਮੂਹ ਅਦਾਰਿਆਂ ਦੇ ਨਿੱਜੀਕਰਨ ਕਰਨ ਪੰਚਾਇਤੀਕਰਨ ਦੀ ਨੀਤੀ ਰੱਦ ਕਰਨ ਕੀਤੀ ਜਾਵੇ ਅਤੇ ਸਮੂਹ ਵਿਭਾਗਾਂ ਦਾ ਪੁਨਰਗਠਨ ਕਰਨ ਦੇ ਨਾਮ ਤੇ ਆਸਾਮੀਆਂ ਖ਼ਤਮ ਕਰਨ ਦਾ ਫੈਸਲਾ ਵਾਪਿਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿੱਚ ਰੈਗੂਲਰ ਨਹੀਂ ਕੀਤਾ,ਉਦੋਂ ਤੱਕ ਸੰਘਰਸ਼ ਲਗਾਤਾਰ ਜਾਰੀ ਰਹਿਣਗੇ।
ਕਾਲੇ ਚੋਲੇ ਪਾ ਕੇ ਰੋਸ ਦਾ ਪ੍ਰਗਟਾਵਾ
ਬਰਨਾਲਾ (ਪਰਸ਼ੋਤਮ ਬੱਲੀ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਅੱਜ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ‘ਆਜ਼ਾਦੀ ਦਿਵਸ’ ਨੂੰ ਕਾਲੇ ਚੋਲੇ ਪਾ ਕੇ ‘ਗੁਲਾਮੀ ਦਿਵਸ’ ਵਜੋਂ ਮਨਾਇਆ ਗਿਆ। ਮੰਗਾਂ ਸਬੰਧੀ ਡੀ.ਸੀ. ਨੂੰ ਪੱਤਰ ਵੀ ਸੌਂਪਿਆ ਗਿਆ। ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਤਾਜੋਕੇ ਨੇ ਕਿਹਾ ਕੈਪਟਨ ਸਰਕਾਰ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਲੰਘੇ ਸਾਢੇ ਤਿੰਨ ਸਾਲਾਂ ਵਿੱਚ ਕਿਸੇ ਵੀ ਅਦਾਰੇ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ। ਸਗੋਂ ਛਾਂਟੀਆਂ ਕਰਨ ਅਤੇ ਤਨਖਾਹ ਕਟੌਤੀਆਂ ਦੇ ਰਾਹ ਪਈ ਹੋਈ ਹੈ।