ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 1 ਸਤੰਬਰ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਇਥੇ ਕੀਤੀ ਗਈ ਕਨਵੈਨਸ਼ਨ ਵਿੱਚ ਨਵੇਂ ਮੁਲਾਜ਼ਮ ਵੈਲਫ਼ੇਅਰ ਐਕਟ ਵਿੱਚੋਂ ਬਾਹਰ ਰੱਖੇ ਮੁਲਾਜ਼ਮ ਵਰਗ ਨੂੰ, ਇਸ ਵਿੱਚ ਸ਼ਾਮਲ ਕਰਨ ਦੀ ਪੁਰਜ਼ੋਰ ਮੰਗ ਕੀਤੀ ਗਈ। ਇੱਥੇ ਰੋਜ਼ ਗਾਰਡਨ ਵਿੱਚ ਹੋਈ ਕਨਵੈਨਸ਼ਨ ਵਿਚ ਸ਼ਾਮਲ ਮੋਰਚੇ ਦੇ ਸੂਬਾਈ ਆਗੂਆਂ ਜਗਸੀਰ ਸਿੰਘ ਭੰਗੂ, ਗੁਰਵਿੰਦਰ ਸਿੰਘ ਪੰਨੂ, ਵਰਿੰਦਰ ਸਿੰਘ ਬੀਬੀਵਾਲਾ, ਸੰਦੀਪ ਖ਼ਾਨ, ਰਾਜੇਸ਼ ਕੁਮਾਰ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਨੂੰ ਪਹਿਲੀ ਕੈਬਨਿਟ ਮੀਟਿੰਗ ਵਿੱਚ ਰੈਗੂਲਰ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਈ ਕੈਪਟਨ ਸਰਕਾਰ ਵਾਅਦਿਓਂ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਲੰਮੇ ਸੰਘਰਸ਼ਾਂ ਬਾਅਦ ਅਕਾਲੀ-ਭਾਜਪਾ ਸਰਕਾਰ ਵੱਲੋਂ ਬਣਾਏ ‘ਮੁਲਾਜ਼ਮ ਵੈੱਲਫ਼ੇਅਰ ਐਕਟ-2016’ ਨੂੰ ਤੋੜ ਕੇ ਨਵੇਂ ਲਿਆਂਦੇ ਜਾ ਰਹੇ ‘ਮੁਲਾਜ਼ਮ ਵੈੱਲਫ਼ੇਅਰ ਐਕਟ’ ਵਿਚ ਆਊਟਸੋਰਸਿੰਗ, ਠੇਕਾ ਪ੍ਰਣਾਲੀ, ਇਨਲਿਸਟਮੈਂਟ, ਕੰਪਨੀਆਂ, ਕੇਂਦਰੀ ਸਕੀਮਾਂ ਸਮੇਤ ਹੋਰ ਵਰਗਾਂ ਦੇ ਮੁਲਾਜ਼ਮਾਂ ਨੂੰ ਬਾਹਰ ਕਰਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਰਸਤਾ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਵਿੱਚ ਠੇਕਾ ਪ੍ਰਣਾਲੀ, ਆਊਟਸੋਰਸਿੰਗ, ਇਨਲਿਸਟਮੈਂਟ, ਕੰਪਨੀਆਂ ਸਮੇਤ ਹੋਰ ਸਮੂਹ ਕੈਟਾਗਰੀਆਂ ਰਾਹੀਂ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ। ‘ਨਵੇਂ ਮੁਲਾਜ਼ਮ ਵੈੱਲਫ਼ੇਅਰ ਐਕਟ’ ਵਿੱਚੋਂ ਬਾਹਰ ਰੱਖੀਆਂ ਕੈਟਾਗਰੀਆਂ ਨੂੰ ਐਕਟ ਵਿੱਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਤਰੀਆਂ ਤੇ ਵਿਧਾਇਕਾਂ ਖ਼ਿਲਾਫ਼ ਪਿੰਡਾਂ ਤੇ ਸ਼ਹਿਰਾਂ ਵਿੱਚ ਆਉਣ ’ਤੇ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਜਾਵੇਗਾ। ਇਹ ਵੀ ਕਿਹਾ ਗਿਆ ਕਿ 7 ਸਤੰਬਰ ਤੋਂ ਮੋਰਚੇ ਦੇ ਮੈਂਬਰਾਂ ਵੱਲੋਂ ਪਰਿਵਾਰਾਂ ਸਮੇਤ ਪਟਿਆਲਾ ਵਿਖੇ ਪੱਕਾ ਮੋਰਚਾ ਲਾਇਆ ਜਾਵੇਗਾ।