ਰਾਸ਼ਟਰਪਤੀ ਦੇ ਦੌਰੇ ਸਬੰਧੀ ਡੀਸੀ ਵੱਲੋਂ ਮੀਟਿੰਗ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 6 ਮਾਰਚ
ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਆਗਾਮੀ 11 ਮਾਰਚ ਦੇ ਬਠਿੰਡਾ ਦੌਰੇ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਉਹ ਕੇਂਦਰੀ ਯੂਨੀਵਰਸਿਟੀ ਘੁੱਦਾ ਅਤੇ ਏਮਸ ਦੀ ਕਨਵੋਕੇਸ਼ਨ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਸਬੰਧ ’ਚ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅਗਾਊਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ’ਚ ਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ, ਐੱਸਐੱਸਪੀ ਅਮਨੀਤ ਕੌਂਡਲ, ਏਆਈਜੀ ਸੀਆਈਡੀ ਜ਼ੋਨ ਬਠਿੰਡਾ ਅਵਨੀਤ ਕੌਰ ਸਿੱਧੂ ਸਮੇਤ ਹਵਾਈ ਸੈਨਾ, ਥਲ ਸੈਨਾ, ਏਮਸ ਅਤੇ ਕੇਂਦਰੀ ਯੂਨੀਵਰਸਿਟੀ ਦੇ ਅਧਿਕਾਰੀ ਮੌਜੂਦ ਰਹੇ। ਡੀਸੀ ਨੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਤਿਆਰੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਿਗਹਿਲੀ ਜਾਂ ਢਿੱਲ-ਮੱਠ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰੀਆਂ ਨੂੰ ਸਮਾਂ ਰਹਿੰਦਿਆਂ ਮੁਕੰਮਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਸਬੰਧਤ ਰੂਟਾਂ ਦੀਆਂ ਸੜਕਾਂ ਦੀ ਮੁਰੰਮਤ ਅਤੇ ਦਰੱਖਤਾਂ ਦੀ ਜ਼ਰੂਰਤ ਅਨੁਸਾਰ ਛੰਗਾਈ, ਸਾਫ਼ ਸਫ਼ਾਈ, ਬਿਜਲੀ, ਪਾਣੀ, ਸੀਵਰੇਜ, ਸਿਹਤ ਵਿਭਾਗ ਦੀਆਂ ਟੀਮਾਂ, ਫਾਇਰ ਸੇਫ਼ਟੀ, ਟ੍ਰੈਫ਼ਿਕ, ਖਾਣ-ਪੀਣ ਆਦਿ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਦੀ ਵੀ ਹਦਾਇਤ ਕੀਤੀ।