ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 24 ਜਨਵਰੀ
ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਸਬੰਧੀ ਇੱਥੋਂ ਸਰਕਾਰੀ ਰਾਜਿੰਦਰਾ ਕਾਲਜ ਦੇ ਹਾਕੀ ਸਟੇਡੀਅਮ ਵਿੱਚ ਫੁੱਲ-ਡਰੈੱਸ ਰਿਹਰਸਲ ਹੋਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਿਪਟੀ ਕਮਿਸ਼ਨਰ ਬਠਿੰਡਾ ਵਨੀਤ ਕੁਮਾਰ ਨੇ ਰਿਹਰਸਲ ਦਾ ਨਿਰੀਖ਼ਣ ਕੀਤਾ। ਗੌਰਤਲਬ ਹੈ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਉਪ ਮੁੱਖ ਮੰਤਰੀ ਓਪੀ ਸੋਨੀ ਬਠਿੰਡਾ ’ਚ ਕੌਮੀ ਝੰਡਾ ਲਹਿਰਾਉਣਗੇ। ਰਿਹਰਸਲ ਦੌਰਾਨ ਪਰੇਡ ਕਮਾਂਡਰ ਡੀਐੱਸਪੀ ਸਿਟੀ-2 ਆਸਵੰਤ ਸਿੰਘ ਦੀ ਅਗਵਾਈ ਵਿੱਚ ਮਾਰਚ ਪਾਸਟ ਹੋਇਆ। ਮੀਟਿੰਗ ’ਚ ਆਈਜੀ ਬਠਿੰਡਾ ਰੇਂਜ ਸ਼ਿਵ ਕੁਮਾਰ, ਐੱਸਐੱਸਪੀ ਅਮਨੀਤ ਕੌਂਡਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਰਿੰਦਰ ਪਾਲ ਸਿੰਘ ਬਾਜਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਸਮਾਰੋਹ ’ਚ ਸੌ ਤੋਂ ਵੱਧ ਲੋਕ ਨਹੀਂ ਹੋਣਗੇ ਸ਼ਾਮਲ
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਕਰੋਨਾ ਮਹਾਂਮਾਰੀ ਦੇ ਚੱਲਦਿਆਂ ਗਣਤੰਤਰ ਦਿਵਸ ਸਮਾਰੋਹ ’ਚ ਸੌ ਤੋਂ ਵੱਧ ਲੋਕਾਂ ਦੀ ਆਮਦ ਨਹੀਂ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਕੌਰ ਨੇ ਦੱਸਿਆ ਕਿ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿੱਚ 26 ਜਨਵਰੀ ਦੀ ਸਵੇਰੇ 9.58 ਵਜੇ ਕੌਮੀ ਝੰਡਾ ਲਹਿਰਾਉਣਗੇ।