ਮਨੋਜ ਸ਼ਰਮਾ
ਬਠਿੰਡਾ , 3 ਮਾਰਚ
ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਦੇ ਘੁੱਦਾ ਕੈਂਪਸ ਵਿੱਚ ਬੁੱਧਵਾਰ ਨੂੰ 7ਵੇਂ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਚਾਂਸਲਰ ਪ੍ਰੋ. ਜਗਬੀਰ ਸਿੰਘ ਨੇ ਕੀਤੀ। ਇਸ ਸਮਾਗਮ ਵਿੱਚ ਭਾਰਤ ਦੇ ਪ੍ਰਮਾਣੂ ਊਰਜਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਪਦਮ ਵਿਭੂਸ਼ਣ ਡਾ. ਅਨਿਲ ਕਾਕੋਡਕਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਡਿਗਰੀ ਵੰਡ ਸਮਾਗਮ ਦੌਰਾਨ ਕੁੱਲ 650 ਪੋਸਟ ਗ੍ਰੈਜੂਏਟ ਡਿਗਰੀਆਂ ਅਤੇ 25 ਪੀਐੱਚਡੀ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਸਮਾਗਮ ਵਿੱਚ ਵੱਖ-ਵੱਖ ਵਿਸ਼ਿਆਂ ਵਿੱਚ ਮੱਲਾਂ ਮਾਰਨ ਵਾਲੇ 35 ਹੋਣਹਾਰ ਵਿਦਿਆਰਥੀਆਂ ਨੂੰ ਗੋਲਡ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਡਿਗਰੀ ਪ੍ਰਾਪਤ ਕਰਨ ਵਾਲੇ 675 ਵਿਦਿਆਰਥੀਆਂ ਵਿੱਚੋਂ 12 ਵਿਦੇਸ਼ੀ ਵਿਦਿਆਰਥੀ (ਅਫਗਾਨਿਸਤਾਨ, ਸਵਾਜ਼ੀਲੈਂਡ ਅਤੇ ਬੰਗਲਾਦੇਸ਼ ਦੇ ਨਾਗਰਿਕ) ਵੀ ਸਨ, ਜਿਨ੍ਹਾਂ ਨੂੰ ਪੰਜਾਬ ਕੇਂਦਰੀ ਯੂਨੀਵਰਸਿਟੀ ਦੁਆਰਾ ਪੋਸਟ ਗ੍ਰੈਜੂਏਟ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਪਦਮ ਵਿਭੂਸ਼ਨ ਡਾ. ਅਨਿਲ ਕਾਕੋਦਕਰ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਅਤੇ ਸੋਨੇ ਦੇ ਤਗਮੇ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਡਾ. ਕਾਕੋਡਕਰ ਨੇ ਉੱਚ ਟੈਕਨੋਲੋਜੀ ਦੇ ਯੁੱਗ ਵਿੱਚ ਪੇਂਡੂ-ਸ਼ਹਿਰੀ ਗਿਆਨ ਦੇ ਪਾੜੇ ਨੂੰ ਪੂਰਾ ਕਰਨ ਲਈ ਦੇਸ਼ ਦੇ ਵਿਦਿਅਕ ਢਾਂਚੇ ਵਿੱਚ ਨਵੀਨਤਾਕਾਰੀ ਸੁਧਾਰਾਂ ਦੀ ਲੋੜ ’ਤੇ ਜ਼ੋਰ ਦਿੱਤਾ।
ਯੂਨੀਵਰਸਿਟੀ ਦੇ ਚਾਂਸਲਰ ਪ੍ਰੋ. ਜਗਬੀਰ ਸਿੰਘ ਨੇ ਡਿਗਰੀ ਪ੍ਰਾਪਤ ਕਰਨ ਵਾਲਿਆਂ ਨੂੰ ਵਧਾਈ ਦਿੱਤੀ। ਡਿਗਰੀ ਵੰਡ ਸਮਾਗਮ ਦੀ ਸ਼ੁਰੂਆਤ ਵਿੱਚ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਯੂਨੀਵਰਸਿਟੀ ਦੀ ਸਾਲਾਨਾ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਸੱਭਿਆਚਾਰਕ ਵਿਭਿੰਨਤਾ ਇਸ ਤੱਥ ਤੋਂ ਪ੍ਰਤੀਬਿੰਬਤ ਹੋ ਜਾਂਦੀ ਹੈ ਕਿ ਇਸ ਵਿੱਚ ਭਾਰਤ ਦੇ 26 ਰਾਜਾਂ ਅਤੇ 7 ਕੇਂਦਰ ਸ਼ਾਸਤ ਪ੍ਰਦੇਸ਼ਾਂ ਸਮੇਤ 13 ਦੇਸ਼ਾਂ ਦੇ 41 ਅੰਤਰ-ਰਾਸ਼ਟਰੀ ਵਿਦਿਆਰਥੀ ਪੜ੍ਹ ਰਹੇ ਹਨ। ਪ੍ਰੋਗਰਾਮ ਦੇ ਦੌਰਾਨ ਡੀਨ ਇੰਚਾਰਜ ਅਕਾਦਮਿਕ ਪ੍ਰੋ. ਆਰ.ਕੇ. ਵੁਸੀਰਿਕਾ, ਡੀਨ ਵਿਦਿਆਰਥੀ ਭਲਾਈ ਪ੍ਰੋ. ਵੀ.ਕੇ. ਗਰਗ, ਅਤੇ ਡੀਨ ਰਿਸਰਚ ਪ੍ਰੋ. ਅੰਜਨਾ ਮੁਨਸ਼ੀ ਨੇ ਡਿਗਰੀ ਪ੍ਰਾਪਤ ਕਰਨ ਵਾਲਿਆਂ ਨੂੰ ਸ਼ੁਕਾਮਨਾਵਾਂ ਦਿੱਤੀਆਂ। ਪ੍ਰੋ. ਬੀਪੀ ਗਰਗ, ਕੰਟਰੋਲਰ ਪ੍ਰੀਖਿਆਵਾਂ ਨੇ ਸੋਨ ਦੇ ਤਗਮੇ ਦੇ ਜੇਤੂਆਂ ਦਾ ਐਲਾਨ ਕੀਤਾ।