ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 2 ਮਈ
ਆਂਗਣਵਾੜੀ ਬੀਬੀਆਂ ਨੇ ਆਪਣੀਆਂ ਮੰਗਾਂ ਦੇ ਸਬੰਧ ’ਚ ਅੱਜ ਇੱਥੇ ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ। ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਅਤੇ ਵਿਭਾਗੀ ਨਿਰਦੇਸ਼ਕ ਵੱਲ ਲਿਖ਼ੇ ਇਸ ਪੱਤਰ ਰਾਹੀਂ ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ ਗਈ। ਪੱਤਰ ਦੇਣ ਤੋਂ ਪਹਿਲਾਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਠਿੰਡਾ ਦੀਆਂ ਵਰਕਰਾਂ ਨੇ ਸੀਡੀਪੀੳ ਦਫ਼ਤਰ ’ਚ ਮੀਟਿੰਗ ਕੀਤੀ। ਪੰਜਾਬ ਸਰਕਾਰ ਨੂੰ ਕਿਹਾ ਗਿਆ ਕਿ ਜੇਕਰ ਸੂਬੇ ਅੰਦਰ ਆਂਗਣਵਾੜੀ ਵਰਕਰਾਂ ਦੀਆਂ ਖਾਲੀ ਪਈਆਂ ਹਜ਼ਾਰਾਂ ਆਸਾਮੀਆਂ ਪੁਰ ਨਾ ਕੀਤੀਆਂ ਅਤੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਕੀਤਾ ਜਾਵੇਗਾ। ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇਣ ਅਤੇ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦੀ ਮੰਗ ਕੀਤੀ ਗਈ। ਐੱਨਜੀਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦੇ ਜਾਣ ਦੀ ਵੀ ਗੱਲ ਆਖੀ ਗਈ। ਕਰੈੱਚ ਵਰਕਰਾਂ ਨੂੰ ਪਿਛਲੇ ਤਿੰਨ ਸਾਲਾਂ ਦਾ ਮਾਣ ਭੱਤਾ ਦੇਣ, ਸਮਾਰਟ ਫੋਨ ਦੇਣ, ਮੀਟਿੰਗ ਦਾ ਕਿਰਾਇਆ ਦੇਣ ਦੀ ਮੰਗ ਕੀਤੀ।