ਪਾਕਿਸਤਾਨ 'ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਮੰਦਭਾਗਾ: ਜਥੇਦਾਰ ਬਾਬਾ ਟੇਕ ਸਿੰਘ
ਪਾਕਿਸਤਾਨ ਦੇ ਫਾਰੂਕਾਬਾਦ ਵਿੱਚ ਸਥਿਤ ਤਕਰੀਬਨ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਇੱਕ ਹਿੱਸੇ ਨੂੰ ਉੱਥੋਂ ਦੇ ਭੂ-ਮਾਫੀਆ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਢਾਹੇ ਜਾਣ ਦੀ ਖ਼ਬਰ 'ਤੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ,...
ਉਨ੍ਹਾਂ ਕਿਹਾ ਕਿ ਇਹ ਗੁਰਦੁਆਰਾ ਸਾਹਿਬ ਇਤਿਹਾਸਕ ਗੁਰਦੁਆਰਾ ਸੱਚਾ ਸੌਦਾ ਸਾਹਿਬ ਦੇ ਬਿਲਕੁਲ ਨੇੜੇ ਸਥਿਤ ਹੈ, ਜਿਸ ਕਾਰਨ ਇਸ ਦੀ ਅਹਿਮੀਅਤ ਹੋਰ ਵੀ ਵਧ ਜਾਂਦੀ ਹੈ। ਸਿੰਘ ਸਾਹਿਬ ਨੇ ਲਹਿੰਦੇ ਪੰਜਾਬ (ਪਾਕਿਸਤਾਨ) ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਅਤੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਗੈਰ-ਕਾਨੂੰਨੀ ਢਾਹ-ਢੇਰੀ ਅਤੇ ਉਸਾਰੀ ਦੇ ਕੰਮ ਨੂੰ ਤੁਰੰਤ ਰੋਕਿਆ ਜਾਵੇ ਅਤੇ ਇਸ ਕਾਰਵਾਈ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਦੇ ਨਾਲ ਹੀ, ਉਨ੍ਹਾਂ ਪਾਕਿਸਤਾਨ ਵਿੱਚ ਮੌਜੂਦ ਸਾਰੇ ਇਤਿਹਾਸਕ ਗੁਰੂ-ਘਰਾਂ ਅਤੇ ਸਿੱਖ ਵਿਰਾਸਤੀ ਇਮਾਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ।
ਸਿੰਘ ਸਾਹਿਬ ਨੇ ਉੱਥੋਂ ਦੇ ਸਿੱਖ ਭਾਈਚਾਰੇ ਦੇ ਆਗੂ ਜਗਜੀਤ ਸਿੰਘ ਭੁੱਲਰ ਸਮੇਤ ਉਨ੍ਹਾਂ ਸਮੂਹ ਲੋਕਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਇਸ ਧੱਕੇਸ਼ਾਹੀ ਦਾ ਡਟਵਾਂ ਵਿਰੋਧ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਪਾਕਿਸਤਾਨ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਉੱਥੋਂ ਦੇ ਘੱਟ-ਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕੇ।
