ਸ਼ਗਨ ਕਟਾਰੀਆ/ਮਨੋਜ ਸ਼ਰਮਾ
ਬਠਿੰਡਾ, 25 ਜੂਨ
ਜਮਹੂਰੀ ਅਧਿਕਾਰ ਸਭਾ ਵੱਲੋਂ ਦੇਸ਼ ਅੰਦਰ ਜਮਹੂਰੀ ਹੱਕਾਂ ਦੀ ਹੋ ਰਹੀ ਉਲੰਘਣਾ ਬਾਰੇ ਚਰਚਾ ਕਰਨ ਲਈ ਅੱਜ ਇੱਥੇ ਪੈਨਸ਼ਨਰਜ਼ ਭਵਨ ’ਚ ਕਨਵੈਨਸ਼ਨ ਕੀਤੀ ਗਈ। ਉਪਰੰਤ ਮਿਨੀ ਸਕੱਤਰੇਤ ਤੱਕ ਮਾਰਚ ਕਰ ਕੇ ਮਨੁੱਖੀ ਅਧਿਕਾਰਾਂ ਦੀ ਹੋ ਰਹੀ ਉਲੰਘਣਾ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ।
ਐਡਵੋਕੇਟ ਐਨ ਕੇ ਜੀਤ, ਐਡਵੋਕੇਟ ਸੁਦੀਪ ਸਿੰਘ, ਪ੍ਰਿੰਸੀਪਲ ਬੱਗਾ ਸਿੰਘ, ਡਾ. ਅਜੀਤਪਾਲ ਸਿੰਘ, ਸੁਰਿੰਦਰਪ੍ਰੀਤ ਘਣੀਆ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਨੇ ਇਸ ਮੌਕੇ ਕਿਹਾ ਕਿ ਸਾਲ 1975 ’ਚ ਦੇਸ਼ ਅੰਦਰ ਲੱਗੀ ਐਮਰਜੈਂਸੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਦੋਂ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਸਰਕਾਰ ਨੇ ਵਿਰੋਧੀ ਆਵਾਜ਼ ਨੂੰ ਬੰਦ ਕਰਨ ਲਈ ਬਹੁਤ ਸਾਰੇ ਲੋਕਾਂ ਨੂੰ ਜੇਲ੍ਹਾਂ ਅੰਦਰ ਡੱਕ ਦਿੱਤਾ ਸੀ। ਉਨ੍ਹਾਂ ਕਿਹਾ ਕਿ ਐਲਾਨੀਆ ਤੌਰ ’ਤੇ ਵਰਤਮਾਨ ਸਮੇਂ ਭਾਵੇਂ ਐਮਰਜੈਂਸੀ ਤਾਂ ਨਹੀਂ ਲੱਗੀ ਹੋਈ ਪਰ ਲੋਕਾਂ ਦੀ ਆਜ਼ਾਦੀ ਨੂੰ ਲੁਕਵੇਂ ਢੰਗ ਨਾਲ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਸੰਘਰਸ਼ਾਂ ਦੇ ਹਮਾਇਤੀ ਬੁੱਧੀਜੀਵੀਆਂ, ਚਿੰਤਕਾਂ, ਲੇਖਕਾਂ ਆਦਿ ਜੇਲ੍ਹਾਂ ਅੰਦਰ ਬੰਦ ਕੀਤਾ ਹੋਇਆ ਹੈ।
ਇਸ ਮੌਕੇ ਯੂਏਪੀਏ ਅਤੇ ਦੇਸ਼ ਧ੍ਰੋਹ ਵਰਗੇ ਕਾਲੇ ਕਾਨੂੰਨ ਰੱਦ ਕੀਤੇ ਜਾਣ ਅਤੇ ਇਨ੍ਹਾਂ ਕਾਨੂੰਨਾਂ ਹੇਠ ਗ੍ਰਿਫ਼ਤਾਰ ਲੋਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਮੁਸਲਿਮ ਭਾਈਚਾਰੇ ਦੇ ਘਰਾਂ ’ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਬੰਦ ਕੀਤੀ ਜਾਵੇ। ਮੰਚ ਸੰਚਾਲਨ ਕੁਲਵੰਤ ਕੌਰ ਅਤੇ ਪ੍ਰਿਤਪਾਲ ਸਿੰਘ ਨੇ ਕੀਤਾ।