ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 21 ਸਤੰਬਰ
ਇੱਕ ਫੈਕਟਰੀ ਵਿੱਚ ਮਜ਼ਦੂਰ ਦੀ ਹੋਈ ਮੌਤ ਬਦਲੇ ਉਸ ਦੇ ਪਰਿਵਾਰ ਲਈ ਮੁਆਵਜ਼ੇ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਇੱਥੇ ਅੱਜ ਸੀਟੂ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।
ਸੀਟੂ ਦੇ ਸੂਬਾਈ ਆਗੂ ਬਲਕਾਰ ਸਿੰਘ ਨੇ ਕਿਹਾ ਕਿ 29 ਸਾਲਾ ਪਰਵਾਸੀ ਮਜ਼ਦੂਰ ਮੁਰਲੀਧਰ ਕੁਮਾਰ ਕਰੀਬ ਛੇ ਮਹੀਨਿਆਂ ਤੋਂ ਬਠਿੰਡਾ ’ਚ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ। ਉਨ੍ਹਾਂ ਮੁਤਾਬਕ 16 ਸਤੰਬਰ ਨੂੰ ਜਦੋਂ ਉਹ ਗ੍ਰਾਈਂਡਰ ਮਸ਼ੀਨ ’ਤੇ ਕੰਮ ਕਰ ਰਿਹਾ ਸੀ ਤਾਂ ਅਚਾਨਕ ਮਸ਼ੀਨ ਦਾ ਚੱਕਰ ਟੁੱਟ ਗਿਆ ਅਤੇ ਮੁਰਲੀਧਰ ਗੰਭੀਰ ਜ਼ਖ਼ਮੀ ਹੋ ਗਿਆ। ਫੈਕਟਰੀ ਮਾਲਕ ਵੱਲੋਂ ਉਸ ਨੂੰ ਇਲਾਜ ਲਈ ਬਠਿੰਡਾ ਦੇ ਏਮਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਲਾਜ ਦੌਰਾਨ 19 ਸਤੰਬਰ ਨੂੰ ਉਸ ਦੀ ਮੌਤ ਹੋ ਗਈ। ਪਰਵਾਸੀ ਮਜ਼ਦੂਰ ਆਪਣੇ ਪਿੱਛੇ ਬਿਰਧ ਮਾਤਾ, ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ ਅਤੇ ਇਹ ਪੂਰਾ ਪਰਿਵਾਰ ਮੁਰਲੀਧਰ ਦੀ ਕਮਾਈ ’ਤੇ ਨਿਰਭਰ ਸੀ।
ਆਗੂ ਨੇ ਦੋਸ਼ ਲਾਇਆ ਕਿ ਫੈਕਟਰੀ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਘਾਟ ਕਾਰਨ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਫੈਕਟਰੀ ਮਾਲਕ ਕੋਲੋਂ ਮੁਆਵਜ਼ਾ ਦਿਵਾਇਆ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹੇਠ ਫੈਕਟਰੀ ਮਾਲਕ ’ਤੇ ਬਣਦੀ ਕਾਰਵਾਈ ਕੀਤੀ ਜਾਵੇ। ਪ੍ਰਦਰਸ਼ਨ ਵਿੱਚ ਸੀਟੂ ਦੇ ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਐੱਮ.ਐੱਮ. ਬਹਿਲ, ਜ਼ਿਲ੍ਹਾ ਜਨਰਲ ਸਕੱਤਰ ਬਲਕਾਰ ਸਿੰਘ, ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਗਗਨਦੀਪ ਸਿੰਘ, ਕਾਮਰੇਡ ਕੁਲਜੀਤ ਪਾਲ ਸਿੰਘ ਗੋਲਡੀ ਤੋਂ ਇਲਾਵਾ ਮ੍ਰਿਤਕ ਮਜ਼ਦੂਰ ਦੇ ਪਰਿਵਾਰਕ ਮੈਂਬਰ ਸ਼ਾਮਲ ਸਨ।