ਸ਼ਗਨ ਕਟਾਰੀਆ
ਬਠਿੰਡਾ, 10 ਅਪਰੈਲ
‘ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ’ ਨੇ ਅੱਜ ਇਥੇ ਮੁਲਾਜ਼ਮਾਂ ਨੇ ਰੋਸ ਮਾਰਚ ਕਰਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ’ਚ ਮੰਗ ਪੱਤਰ ਦੇ ਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਕਿਹਾ। ਕਮੇਟੀ ਦੇ ਸੂਬਾਈ ਕੋ-ਕਨਵੀਨਰ ਜਗਸੀਰ ਸਹੋਤਾ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਉਸ ਨੇ ਲੰਘੀਆਂ ਵਿਧਾਨ ਸਭਾ ਚੋਣਾਂ ਮੌਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੰਘਰਸ਼ਾਂ ਸਦਕਾ ਦੋ ਸਾਲ ਪਹਿਲਾਂ ਐੱਨਪੀਐਸ ਰੀਵਿਊ ਕਮੇਟੀ ਦਾ ਗਠਨ ਕੀਤਾ ਗਿਆ ਸੀ ਪਰ ਹਕੀਕੀ ਤੌਰ ’ਤੇ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਰਣਜੀਤ ਭਲਾਈਆਣਾ ਤੇ ਹਰਪ੍ਰੀਤ ਬਰਾੜ ਨੇ ਕਿਹਾ ਕਿ ਹੁਣ ਜਦੋਂ ਐੱਨਪੀਐੱਸ ਵਰਗੀ ਖੋਖਲੀ ਸਕੀਮ ਦੇ ਚਿੰਤਾਜਨਕ ਨਤੀਜੇ ਸਾਹਮਣੇ ਆ ਰਹੇ ਹਨ ਤਾਂ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਗੰਭੀਰਤਾ ਨਾਲ ਨਾ ਲਏ ਜਾਣਾ ਸਪੱਸ਼ਟ ਕਰਦਾ ਹੈ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਇਸ ਮੌਕੇ ਕਰਮਜੀਤ ਤਾਮਕੋਟ, ਦਰਸ਼ਨ ਸਿੰਘ ਅਲੀਸ਼ੇਰ, ਦਵਿੰਦਰ ਬਠਿੰਡਾ, ਸਪਿੰਦਰ ਬਰਾੜ ਤੇ ਰਾਜਵੀਰ ਬਠਿੰਡਾ ਨੇ ਚਿਤਾਵਨੀ ਦਿੱਤੀ ਕਿ ਮੰਗ ਨੂੰ ਅਣਗੌਲੀ ਕਰਨ ’ਤੇ ਸਰਕਾਰੀ ਨੁਮਾਇੰਦਿਆਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਇਕੱਠ ਨੂੰ ਹਰਦੀਪਸਿੱਧੂ ਮਾਨਸਾ, ਅਸ਼ਵਨੀ ਕੁਮਾਰ, ਗੁਰਵਿੰਦਰ ਸੰਧੂ, ਮਨਜੀਤ ਬਾਜਕ, ਗੁਰਪ੍ਰੀਤ ਸਿੰਘ, ਜਗਦੀਸ਼ ਕੁਮਾਰ ਨੇ ਵੀ ਸੰਬੋਧਨ ਕੀਤਾ।