ਸ਼ਗਨ ਕਟਾਰੀਆ
ਬਠਿੰਡਾ, 16 ਜੂਨ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਲੋਕਾਂ ਦੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੇ ਹੱਕ ਨੂੰ ਬੁਲੰਦ ਕਰਦਿਆਂ ਗ੍ਰਿਫ਼ਤਾਰ ਕੀਤੇ ਬੁੱਧੀਜੀਵੀਆਂ ਅਤੇ ਜਮਹੂਰੀ ਹੱਕਾਂ ਦੇ ਕਾਰਕੁੰਨਾਂ ਨੂੰ ਰਿਹਾਅ ਕਰਨ ਦੀ ਮੰਗ ਲਈ ਅੱਜ ਇਥੇ ਡਿਪਟੀ ਕਮਿਸ਼ਨਰ ਦਫਤਰ ਕੋਲ ਕਨਵੈਨਸ਼ਨ ਕਰਕੇ ਪੁਰਾਣੇ ਬੱਸ ਅੱਡੇ ਤੱਕ ਰੋਸ ਮਾਰਚ ਕੀਤਾ ਗਿਆ। ਇਸ ਦੇ ਨਾਲ ਹੀ ਜਮਹੂਰੀ ਹੱਕਾਂ ਦਾ ਦਮਨ ਕਰਨ ਵਾਲੇ ਯੂਏਪੀਏ, ਐੱਨਐੱਸਏ ਅਤੇ ਦੇਸ਼-ਧ੍ਰੋਹ ਵਰਗੇ ਕਾਲੇ ਕਾਨੂੰਨਾਂ ਖ਼ਿਲਾਫ਼ ਵੀ ਆਵਾਜ਼ ਉਠਾਈ ਗਈ।
ਇਹ ਕਨਵੈਨਸ਼ਨ ਕੌਮੀ ਪੱਧਰ ’ਤੇ ਜਮਹੂਰੀ ਜਥੇਬੰਦੀਆਂ ਅਤੇ ਜਮਹੂਰੀ ਅਧਿਕਾਰ ਸਭਾ ਪੰਜਾਬ ਵੱਲੋਂ ਦਿੱਤੇ ਪੰਦਰਵਾੜਾ ਮਨਾਉਣ ਦੇ ਸੱਦੇ ਤਹਿਤ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਐਨ. ਕੇ. ਜੀਤ, ਸਾਹਿਤਕਾਰ ਜਸਪਾਲ ਮਾਨਖੇੜਾ ਅਤੇ ਕਹਾਣੀਕਾਰ ਅਤਰਜੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਅੰਦਰ ਲੋਕਾਂ ਦੇ ਜਮਹੂਰੀ ਹੱਕਾਂ ਦਾ ਦਮਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹੱਕਾਂ ਲਈ ਲਿਖਣ, ਬੋਲਣ ਵਾਲੇ ਬੁੱਧੀਜੀਵੀਆਂ ਅਤੇ ਜਮਹੂਰੀ ਹੱਕਾਂ ਦੇ ਦਰਜਨਾਂ ਕਾਰਕੁਨਾਂ ਨੂੰ ਮੋਦੀ ਹਕੂਮਤ ਨੇ ਦੇਸ਼ ਧ੍ਰੋਹ ਵਰਗੇ ਝੂਠੇ ਕੇਸਾਂ ਤਹਿਤ ਜੇਲ੍ਹੀਂ ਡੱਕਿਆ ਹੋਇਆ ਹੈ। ਉਨ੍ਹਾਂ ਆਖਿਆ ਕਿ ਭੀਮਾ ਕੋਰੇਗਾਓਂ ਦੇ ਕਥਿਤ ਝੂਠੇ ਕੇਸ ਅੰਦਰ ਗ੍ਰਿਫ਼ਤਾਰ ਕੀਤੇ ਬੁੱਧੀਜੀਵੀਆਂ ਨੂੰ ਤਿੰਨ ਸਾਲ ਹੋ ਚੁੱਕੇ ਹਨ। ਇਨ੍ਹਾਂ ’ਚ ਕਈ ਬਜ਼ੁਰਗ ਅਤੇ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਲੋਕ ਵੀ ਹਨ, ਜਿਨ੍ਹਾਂ ਨੂੰ ਜ਼ਮਾਨਤ ਵੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖ਼ਿਲਾਫ਼ ਤਿੰਨ ਸਾਲਾਂ ਵਿੱਚ ਮੋਦੀ ਸਰਕਾਰ ਕੋਈ ਦੋਸ਼ ਸਾਬਤ ਨਹੀਂ ਕਰ ਸਕੀ ਅਤੇ ਅਦਾਲਤ ਵੱਲੋਂ ਕੱਲ੍ਹ ਵਿਦਿਆਰਥੀ ਨਤਾਸ਼ਾ ਨਰਵਾਲ ਸਮੇਤ ਤਿੰਨ ਨੂੰ ਜ਼ਮਾਨਤ ਦੇਣੀ ਪਈ।
ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਗੋਰਾ ਸਿੰਘ, ਪੀਐੱਸਯੂ (ਸ਼ਹੀਦ ਰੰਧਾਵਾ) ਦੇ ਅਮੀਤੋਜ ਮੌੜ, ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂ ਵਰਿੰਦਰ ਸਿੰਘ, ਹਰਜੀਤ ਜੀਦਾ ਅਤੇ ਜਗਰੂਪ ਸਿੰਘ ਨੇ ਵੀ ਸੰਬੋਧਨ ਕੀਤਾ। ਮੰਚ ਸੰਚਾਲਨ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਨੇ ਕੀਤਾ। ਅਜਮੇਰ ਸਿੰਘ ਅਕਲੀਆ ਅਤੇ ਬਲਜਿੰਦਰ ਕੌਰ ਗੁਰੂਸਰ ਨੇ ਲੋਕ-ਪੱਖੀ ਗੀਤ ਪੇਸ਼ ਕੀਤੇ।
ਸਰਕਾਰ ਬੁੱਧੀਜੀਵੀਆਂ ਵਿੱਚ ਖੌਫ਼ ਫੈਲਾਉਣਾ ਚਾਹੁੰਦੀ ਹੈ: ਕਾਲਾਝਾੜ
ਬੀਕੇਯ (ਉਗਰਾਹਾਂ) ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਬਠਿੰਡਾ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਪਰਮਜੀਤ ਕੌਰ ਪਿੱਥੋ ਨੇ ਕਿਹਾ ਕਿ ਰੌਸ਼ਨ ਦਿਮਾਗ ਲੋਕਾਂ ਨੂੰ ਜੇਲ੍ਹੀਂ ਡੱਕਣ ਦਾ ਕਾਰਨ ਇਨ੍ਹਾਂ ਵੱਲੋਂ ਮੋਦੀ ਹਕੂਮਤ ਦੀਆਂ ਫਾਸ਼ੀ ਨੀਤੀਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਨ੍ਹਾਂ ਨੂੰ ਜੇਲ੍ਹੀਂ ਡੱਕ ਕੇ ਹਕੂਮਤ ਸਮਾਜ ਦੇ ਇਸ ਤਬਕੇ ਦੇ ਮਨਾਂ ’ਚ ਖੌਫ਼ ਬਿਠਾਉਣਾ ਚਾਹੁੰਦੀ ਹੈ ਅਤੇ ਲੋਕਾਂ ਦੇ ਹੱਕਾਂ ਦੀ ਲਹਿਰ ਨੂੰ ਇਨ੍ਹਾਂ ਲੋਕਾਂ ਦੇ ਸਾਥ ਤੋਂ ਵਾਂਝਾ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਰਿਹਾਈ ਲਈ ਉੱਠਦੀ ਹਰ ਆਵਾਜ਼ ’ਤੇ ਮਾਓਵਾਦੀ ਜਾਂ ਦੇਸ਼-ਧ੍ਰੋਹੀ ਹੋਣ ਦਾ ਲੇਬਲ ਚਿਪਕਾ ਦਿੱਤਾ ਜਾਂਦਾ ਹੈ।