ਪੱਤਰ ਪ੍ਰੇਰਕ
ਬਠਿੰਡਾ, 20 ਅਕਤੂਬਰ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਇਥੇ ਰੋਸ ਪ੍ਰਦਰਸ਼ਨ ਕੀਤਾ। ਬੀਕੇਯੂ ਏਕਤਾ ਉਗਰਾਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਸਾਂਝੀਆਂ ਮੰਗਾਂ ਨੂੰ ਲੈ ਕੇ ਲਾਏ ਪੱਕੇ ਮੋਰਚੇ ਦੇ ਸਮਰਥਨ ਵਿੱਚ ਠੇਕਾ ਮੁਲਾਜ਼ਮਾਂ ਵੱਲੋਂ ਇਹ ਪ੍ਰੋਗਰਾਮ ਉਲੀਕਿਆ ਗਿਆ ਸੀ। ਮੁਲਾਜ਼ਮਾਂ ਨੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ 7 ਨੂੰ ਜਾਮ ਕਰਦੇ ਹੋਏ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਸਮੇਂ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਜਗਸੀਰ ਸਿੰਘ ਭੰਗੂ, ਬਾਦਲ ਸਿੰਘ ਭੁੱਲਰ, ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਸਮੁੱਚੇ ਪੰਜਾਬ ਵਾਸੀਆਂ ਨਾਲ਼ ਤਰ੍ਹਾਂ-ਤਰ੍ਹਾਂ ਲਾਰੇ ਲਗਾ ਕੇ ਸੱਤਾ ਦੀ ਕੁਰਸੀ ’ਤੇ ਬਿਰਾਜਮਾਨ ਹੋਈ ਸੀ ਪਰ ਸਰਕਾਰ ਬਣਨ ’ਤੇ ਇਨ੍ਹਾਂ ਵਾਅਦਿਆਂ ਦੇ ਬਿਲਕੁਲ ਉਲਟ ਪਹਿਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਪਈ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਸਰਕਾਰ ਨੇ ਬੀਕੇਯੂ ਏਕਤਾ ਉਗਰਾਹਾਂ ਜਥੇਬੰਦੀ ਨਾਲ ਗੱਲਬਾਤ ਕਰਕੇ ਮੰਨੀਆਂ ਮੰਗਾਂ ਨੂੰ ਪ੍ਰਵਾਨ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਅਤੇ ਤੇਜ਼ ਕੀਤਾ ਜਾਵੇਗਾ।
ਇਸੇ ਦੌਰਾਨ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਰਵੱਈਏ ਖ਼ਿਲਾਫ਼ ਅੱਜ ਅੰਬੇਦਕਰ ਪਾਰਕ ਵਿਖੇ ਇਕੱਠੇ ਹੋਣ ਉਪਰੰਤ ਮਾਰਚ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਜ਼ਿਲ੍ਹਾ ਕਨਵੀਨਰ ਦਰਸ਼ਨ ਸਿੰਘ ਮੌੜ, ਮੱਖਣ ਸਿੰਘ ਕੰਗਣਵਾਲ, ਗਗਨਦੀਪ ਸਿੰਘ, ਮਨਜੀਤ ਸਿੰਘ ਧੰਜਲ,ਸਿਕੰਦਰ ਸਿੰਘ ਧਾਲੀਵਾਲ ਅਤੇ ਮਨਜੀਤ ਸਿੰਘ ਦੀ ਅਗਵਾਈ ਅੰਬੇਦਕਰ ਪਾਰਕ ਵਿਖੇ ਇਕੱਤਰ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਪੰਜਾਬ ਦੇ ਮੁਲਾਜ਼ਮ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਤਿੰਨ ਕਿਸ਼ਤਾਂ, ਮੁਲਾਜ਼ਮਾਂ ਦੇ ਕੱਟੇ 38 ਕਿਸਮ ਦੇ ਭੱਤੇ, ਤਨਖਾਹ ਕਮਿਸ਼ਨ ਦੇ ਬਕਾਏ ਦੇ ਨਾਲ ਨਾਲ ਮੁਲਾਜ਼ਮ ਤਨਖਾਹ ਕਮਿਸ਼ਨ ਦੀ ਰਿਪੋਰਟ ਦਾ ਦੂਜਾ ਹਿੱਸਾ ਉਡੀਕ ਰਹੇ ਹਨ। ਪਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ।
ਇਸੇ ਤਰ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਾਂ ਵਲੋਂ ਅੱਜ ਬਸ ਸਟੈਂਡ ਦੇ ਗੇਟ ਅੱਗੇ ਰੋਸ ਭਰਪੂਰ ਤਹਿਸੀਲ ਪੱਧਰੀ ਇਕੱਠ ਕਰਕੇ ਪੰਜਾਬ ਸਰਕਾਰ ਦਾ ਪੂਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ ਜਿਸ ਕਾਰਨ ਟ੍ਰੈਫਿਕ ਜਾਮ ਹੋ ਗਿਆ। ਇਸ ਮੌਕੇ ਜਲ ਸਪਲਾਈ ਦੇ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ, ਸ਼ੇਰੇ ਆਲਮ ਜਨਰਲ ਸਕੱਤਰ ਨੇ ਸੰਬੋਧਨ ਕੀਤਾ।
ਬਰਨਾਲਾ (ਖੇਤਰੀ ਪ੍ਰਤੀਨਿਧ): ਮੁਲਾਜ਼ਮ ਮੰਗਾਂ ਦੀ ਪੂਰਤੀ ਦੇ ਲਾਰਿਆਂ ਤੋਂ ਅੱਕੇ ਮੁਲਾਜ਼ਮਾਂ ਅੱਜ ਪੰਜਾਬ ਤੇ ਯੂਟੀ ਮੁਲਾਜ਼ਮ/ ਪੈਨਸ਼ਨਰਜ਼ ਸਾਂਝਾ ਫਰੰਟ ਦੇ ਜ਼ਿਲ੍ਹਾ ਕਨਵੀਨਰ ਖੁਸ਼ਮਿੰਦਰਪਾਲ ਹੰਡਿਆਇਆ, ਦਰਸ਼ਨ ਚੀਮਾ, ਰਮੇਸ਼ ਕੁਮਾਰ ਹਮਦਰਦ, ਗੁਲਾਬ ਸਿੰਘ, ਮਨੋਹਰ ਲਾਲ ਦੀ ਅਗਵਾਈ ਚ ਇਕੱਠੇ ਹੋਏ ਮੁਲਾਜ਼ਮਾਂ ਨੇ ਅਗਵਾਈ ਹੇਠ ਡੀਸੀ ਦਫ਼ਤਰ ਵਿਖੇ ਰੋਸ ਧਰਨੇ ਉਪਰੰਤ ਸੂਬਾ ਸਰਕਾਰ ਦੀ ਅਰਥੀ ਸਾੜੀ ਗਈ।
ਜਲਾਲਾਬਾਦ (ਨਿੱਜੀ ਪੱਤਰ ਪ੍ਰੇਰਕ): ਇਥੇ ਠੇਕਾ ਮੁਲਾਜਮ ਜਥੇਬੰਦੀਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪਾਵਰਕੌਮ ਐਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਜਲਾਲਾਬਾਦ ਸ਼ਹੀਦ ਊਧਮ ਸਿੰਘ ਪਾਰਕ ਵਿਚ ਰੋਹ ਭਰਪੂਰ ਤਹਿਸੀਲ ਪੱਧਰੀ ਇਕੱਠ ਕਰਕੇ ਪੰਜਾਬ ਸਰਕਾਰ ਦਾ ਪੂਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ।
ਪੰਜਾਬ ਯੂਟੀ ਮੁਲਾਜ਼ਮਾਂ ਵੱਲੋਂ ਫਾਜ਼ਿਲਕਾ ’ਚ ਵਿਸ਼ਾਲ ਰੋਸ ਰੈਲੀ
ਫਾਜ਼ਿਲਕਾ (ਪੱਤਰ ਪ੍ਰੇਰਕ): ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮਨਵਾਉਣ ਅਤੇ ਪੁਰਾਣੀ ਪੈਨਸ਼ਨ ਨੀਤੀ ਬਹਾਲ ਕਰਵਾਉਣ ਅਤੇ ਕੱਚੇ ਆਊਟਸੋਰਸ ਕਾਮਿਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਦੇ ਸਾਂਝੇ ਫਰੰਟ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਫਾਜ਼ਿਲਕਾ ਦੇ ਸਾਹਮਣੇ ਵਿਸ਼ਾਲ ਧਰਨਾ ਲਗਾਇਆ ਗਿਆ ਅਤੇ ਰੋਸ ਰੈਲੀ ਕੱਢ ਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ।