ਸ਼ਗਨ ਕਟਾਰੀਆ
ਬਠਿੰਡਾ, 26 ਫਰਵਰੀ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਹੋਰ ਮੰਗਾਂ ਸਬੰਧੀ 12 ਮਾਰਚ ਨੂੰ ਪਟਿਆਲਾ ਵਿਚ ਕੀਤੀ ਜਾ ਰਹੀ ਸੂਬਾ ਪੱਧਰੀ ਮਹਾਰੈਲੀ ਦੀ ਤਿਆਰੀ ਵਜੋਂ ਅੱਜ ਇਥੇ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਵਰਿੰਦਰ ਸਿੰਘ ਬੀਬੀਵਾਲਾ, ਜਗਸੀਰ ਸਿੰਘ ਭੰਗੂ, ਖੁਸ਼ਦੀਪ ਸਿੰਘ, ਸੰਦੀਪ ਖਾਨ ਅਤੇ ਮਲਕੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਇੱਕ ਲੱਖ ਸਰਕਾਰੀ ਨੌਕਰੀਆਂ ਦੇਣ ਦਾ ਕੂੜ-ਪ੍ਰਚਾਰ ਕਰ ਰਹੀ ਹੈ, ਦੂਜੇ ਪਾਸੇ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਅਤੇ ਪੁਨਰਗਠਨ ਦੀ ਆੜ ਵਿੱਚ ਵੱਡੀ ਪੱਧਰ ’ਤੇ ਆਸਾਮੀਆਂ ਖਤਮ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 1 ਤੋਂ 8 ਮਾਰਚ ਤੱਕ ਪਿੰਡਾਂ ਅਤੇ ਸ਼ਹਿਰਾਂ ਵਿੱਚ ਢੋਲ ਮਾਰਚ ਕਰਕੇ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਇਆ ਜਾਵੇਗਾ ਅਤੇ 12 ਮਾਰਚ ਨੂੰ ਪਟਿਆਲਾ ਵਿੱਚ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਮਹਾਰੈਲੀ ਕੀਤੀ ਜਾਵੇਗੀ।