ਸ਼ਗਨ ਕਟਾਰੀਆ
ਬਠਿੰਡਾ, 26 ਅਕਤੂਬਰ
ਡੈਮੋਕਰੈਟਿਕ ਟੀਚਰਜ਼ ਫਰੰਟ ਨੇ ਆਪਣੀਆਂ ਵਿੱਤੀ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਮ ਇੱਕ ਮੰਗ ਪੱਤਰ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਦਰਸ਼ਨ ਸਿੰਘ ਜੀਦਾ ਨੂੰ ਦਿੱਤਾ। ਜਥੇਬੰਦੀ ਦੀ ਬਲਾਕ ਸਕੱਤਰ ਰਣਦੀਪ ਕੌਰ ਖਾਲਸਾ ਮੁਤਾਬਿਕ ਮੰਗ ਪੱਤਰ ਜਥੇਬੰਦੀ ਦੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮਾਈਸਰਖਾਨਾ ਅਤੇ ਜ਼ਿਲ੍ਹਾ ਸਕੱਤਰ ਬਲਜਿੰਦਰ ਸਿੰਘ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਦਿੱਤਾ ਗਿਆ। ਪੱਤਰ ਵਿਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਕੇਂਦਰ ਦੇ ਸੱਤਵੇਂ ਤਨਖ਼ਾਹ ਕਮਿਸ਼ਨ ਦੇ ਵੇਤਨ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਰੱਦ ਕਰਕੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ। ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਹੋਣ ਅਤੇ ਮੌਂਟੇਕ ਸਿੰਘ ਆਹਲੂਵਾਲੀਆ ਕਮੇਟੀ ਭੰਗ ਕੀਤੀ ਜਾਵੇ। ਪੰਜਾਬ ਦੇ ਮੁਲਾਜ਼ਮਾਂ ਉੱਪਰ ਲਾਗੂ ਕੀਤੀ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਸਕੀਮ ਬਹਾਲ ਕੀਤੀ ਜਾਵੇ।
ਗਿੱਦੜਬਾਹਾ (ਦਵਿੰਦਰ ਮੋਹਨ ਬੇਦੀ): ਬਲਾਕ ਦੇ ਅਧਿਆਪਕਾਂ ਨੇ ਪੰਜਾਬ ਭਰ ’ਚ ਨਵੀਂ ਭਰਤੀ ਤੇ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਖਿਲਾਫ ਮੁੱਖ ਮੰਤਰੀ ਦੇ ਨਾਂਅ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਰਾਹੀਂ ਮੰਗ ਪੱਤਰ ਭੇਜਿਆ।
ਗੋਨਿਆਣਾ ਮੰਡੀ (ਮਨੋਜ ਸ਼ਰਮਾ): ਇੱਥੇ ਡੀ.ਟੀ.ਐੱਫ਼ ਬਲਾਕ ਗੋਨਿਆਣਾ ਵੱਲੋਂ ਸਰਕਾਰ ਵੱਲੋਂ ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੇ ਕਦਮ ਵਜੋਂ ਨਵੀਂ ਭਰਤੀ ਕੇਂਦਰੀ ਤਨਖਾਹ ਪੈਟਰਨ ਅਧੀਨ ਕਰਨ ਦੇ ਨੋਟੀਫ਼ਿਕੇਸ਼ਨ ਖ਼ਿਲਾਫ਼ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਵਿਰਕ ਅਤੇ ਸਕੱਤਰ ਗੁਰਪ੍ਰੀਤ ਖੇਮੋਆਣਾ ਦੀ ਅਗਵਾਈ ਵਿਚ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਮੰਗ ਪੱਤਰ ਦੇ ਕੇ ਸਰਕਾਰ ਨੂੰ ਇਹ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ।