ਪੱਤਰ ਪ੍ਰੇਰਕ
ਬਠਿੰਡਾ, 26 ਨਵੰਬਰ
ਅੱਜ ਬਠਿੰਡਾ ਜ਼ਿਲ੍ਹੇ ਦੀਆਂ ਜਨਤਕ ਜਥੇਬੰਦੀਆਂ ਦੇ ਆਗੂਆਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ (ਜ਼ੋਨ ਬਠਿੰਡਾ) ਦੇ ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂ, ਵਰਿੰਦਰ ਸਿੰਘ, ਸੰਦੀਪ ਖਾਨ, ਡੀਟੀਐੱਫ ਦੇ ਮਾਸਟਰ ਰੇਸ਼ਮ ਸਿੰਘ ਖੇਮੂਆਣਾ, ਨੌਜਵਾਨ ਭਾਰਤ ਸਭਾ ਦੇ ਅਸ਼ਵਨੀ ਘੁੱਦਾ, ਟੀਐੱਸਯੂ (ਭੰਗਲ) ਦੇ ਸਤਿੰਦਰ ਸੋਨੀ ਅਤੇ ਨਰਿੰਦਰ ਕੁਮਾਰ, ਰਮਸਾ ਅਧਿਆਪਕ ਯੂਨੀਅਨ ਦੇ ਹਰਜੀਤ ਜੀਦਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਮਨਦੀਪ ਸਿਵੀਆਂ, ਮਜ਼ਦੂਰ ਮੁਕਤੀ ਮੋਰਚਾ (ਪੰਜਾਬ) ਦੇ ਹਰਵਿੰਦਰ ਸੇਮਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੁਖਪਾਲ ਖਿਆਲੀਵਾਲਾ, ਜਮਹੂਰੀ ਅਧਿਕਾਰ ਸਭਾ ਸੰਤੋਖ ਸਿੰਘ ਮੱਲਣ, ਐੱਸ.ਐੱਲ.ਈ. ਯੂਨੀਅਨ ਦੇ ਗੁਰਵਿੰਦਰ ਸਿੰਘ, ਆਂਗਣਵਾੜੀ ਵਰਕਰਜ਼ ਯੂਨੀਅਨ ਤੋਂ ਜਸਵੀਰ ਕੌਰ ਨੇ ਦੇਸ਼ ਵਿਆਪੀ ਹੜਤਾਲ ਅਤੇ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਧਰਨਾ ਲਾਇਆ। ਆਗੂਆਂ ਨੇ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਕਾਲੇ ਕਾਨੂੰਨ ਬਣਾਉਣ ਦੀ ਨਿਖੇਧੀ ਕੀਤੀ। ਆਗੂਆਂ ਨੇ ਨਵੇਂ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ 2020, ਨਵੇਂ ਕਿਰਤ ਕਾਨੂੰਨ ਰੱਦ ਕਰਨ, ਵਿਭਾਗਾਂ ਦਾ ਸਰਕਾਰੀਕਰਨ ਕਰਨ, ਸਮੂਹ ਵਿਭਾਗਾਂ ਵਿੱਚ ਪੱਕੀ ਭਰਤੀ ਕਰਨ ਦੀ ਮੰਗ ਕੀਤੀ। ਸਮੂਹ ਕਿਰਤੀ ਵਰਗਾਂ ਨੂੰ ਸਰਕਾਰਾਂ ਖ਼ਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ। ਇਸੇ ਤਰ੍ਹਾਂ ਬਠਿੰਡਾ ਨਗਰ ਨਿਗਮ ਸਫ਼ਾਈ ਕਰਮਚਾਰੀ ਯੂਨੀਅਨ ਅਤੇ ਸਫ਼ਾਈ ਸੇਵਕ ਯੂਨੀਅਨ ਦੇ ਬੈਨਰ ਹੇਠ ਸਫ਼ਾਈ ਕਾਮਿਆਂ ਨੇ ਆਪਣੀਆਂ ਭਖਦੀਆਂ ਮੰਗਾਂ ਸਬੰਧੀ ਨਾਅਰੇਬਾਜ਼ੀ ਕੀਤੀ ਤੇ ਭਲਕੇ 27 ਨਵੰਬਰ ਨੂੰ ਗੇਟ ਰੈਲੀ ਕੱਢਣ ਦਾ ਐਲਾਨ ਕੀਤਾ।
ਮੋਗਾ (ਮਹਿੰਦਰ ਸਿੰਘ ਰੱਤੀਆਂ): ਇੱਥੇ ਮੁਲਾਜ਼ਮ ਤੇ ਮਜ਼ਦੂਰ ਜਥੇਬੰਦੀਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਮੁਲਾਜ਼ਮ, ਲੋਕ ਮਾਰੂ, ਮਜ਼ਦੂਰ ਵਿਰੋਧੀ, ਦੇਸ਼ ਵਿਰੋਧੀ ਨੀਤੀਆਂ ਖ਼ਿਲਾਫ਼ ਹੜਤਾਲ ਕੀਤੀ। ਇੱਥੇ ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ ਦੀ ਅਗਵਾਈ ਹੇਠ ਰੈਲੀ ਮਗਰੋੋਂ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਕ ਮੈਂਬਰਾਂ ਨੇ ਸਮੂਹਿਕ ਛੁੱਟੀ ਲੈ ਕੇ ਸਿਵਲ ਹਸਪਤਾਲ ਵਿੱਚ ਰੋਸ ਰੈਲੀ ਕੀਤੀ।
ਫ਼ਿਰੋਜ਼ਪੁਰ (ਸੰਜੀਵ ਹਾਂਡਾ): ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ (ਵਿਗਿਆਨਕ) ਦੀ ਸਥਾਨਕ ਇਕਾਈ ਵੱਲੋਂ ਮੁਲਾਜ਼ਮ, ਮਜ਼ਦੂਰ ਅਤੇ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਸਥਾਨਕ ਸਿਵਲ ਹਸਪਤਾਲ ਵਿੱਚ ਰੈਲੀ ਕੀਤੀ ਗਈ। ਇਸ ਦੀ ਅਗਵਾਈ ਫ਼ੈਡਰੇਸ਼ਨ ਦੇ ਸੂਬਾ ਪ੍ਰਧਾਨ ਰਵਿੰਦਰ ਲੂਥਰਾ ਨੇ ਕੀਤੀ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਜੂਨੀਅਰ ਇੰਜਨੀਅਰਜ਼ ਵੱਲੋਂ ਵੀ ਅੱਜ ਦੀ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਕੀਤੀ ਗਈ।
ਮਾਨਸਾ (ਜੋਗਿੰਦਰ ਸਿੰਘ ਮਾਨ): ਅੱਜ ਦੇਸ਼ ਵਿਆਪੀ ਹੜਤਾਲ ਦੌਰਾਨ ਇਕੱਠੇ ਹੋਏ ਵਰਕਰਾਂ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸੈਂਟਰਲ ਕੌਂਸਲ ਆਫ ਟਰੇਡ ਯੂਨੀਅਨ (ਏਕਟੂ) ਦੇ ਕੇਂਦਰੀ ਆਗੂ ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਖੇਤੀ ਕਾਨੂੰਨ, ਬਿਜਲੀ ਐਕਟ 2020 ਆਦਿ ਦੇਸ਼ ਦੇ ਮਿਹਨਤਕਸ਼ ਲੋਕਾਂ ਨੂੰ ਹਾਸ਼ੀਏ ’ਤੇ ਧੱਕਣਗੇ।
ਬਰਨਾਲਾ (ਪਰਸ਼ੋਤਮ ਬੱਲੀ): ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਮਜ਼ਦੂਰ-ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਦੇ ਸੈਂਕੜੇ ਕਾਰਕੁਨਾਂ ਨੇ ਸਥਾਨਕ ਰੇਲਵੇ ਸਟੇਸ਼ਨ ’ਤੇ ਇਕੱਠੇ ਹੋ ਕੇ ਰੋਸ ਰੈਲੀ ਕੀਤੀ। ਮਗਰੋਂ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਚੱਕਾ ਜਾਮ ਕੀਤਾ ਗਿਆ।
ਫ਼ਰੀਦਕੋਟ ’ਚ ਚੱਕਾ ਜਾਮ ਕੀਤਾ
ਫ਼ਰੀਦਕੋਟ (ਜਸਵੰਤ ਜੱਸ): ਸਥਾਨਕ ਬੱਸ ਅੱਡੇ ’ਤੇ ਮੁਲਾਜ਼ਮਾਂ, ਮਜ਼ਦੂਰਾਂ ਤੇ ਪੈਨਸ਼ਨਰਾਂ ਨੇ ਰੋਸ ਰੈਲੀ ਕਰਨ ਮਗਰੋਂ ਚੱਕਾ ਜਾਮ ਕੀਤਾ। ਰੈਲੀ ਨੂੰ ਸਿਮਰਜੀਤ ਸਿੰਘ ਬਰਾੜ, ਸੁਖਦੇਵ ਸਿੰਘ ਮੱਲ੍ਹੀ, ਗੁਰਤੇਜ ਸਿੰਘ, ਬਲਵੀਰ ਸਿੰਘ, ਇੰਦਰਜੀਤ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਲੋਕ ਵਿਰੋਧੀ ਨੀਤੀਆਂ ਨੂੰ ਦੇਸ਼ ਦੇ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ