ਸ਼ਗਨ ਕਟਾਰੀਆ
ਬਠਿੰਡਾ, 15 ਅਪਰੈਲ
ਜ਼ਿਲ੍ਹੇ ਅਧੀਨ ਪੈਂਦੇ ਪਿੰਡ ਵਿਰਕ ਕਲਾਂ ਦੇ ਇੱਕ ਵਿਅਕਤੀ ’ਤੇ ਪਿੰਡ ਦੀ ਪੰਚਾਇਤ ਵੱਲੋਂ ਕਥਿਤ ਝੋਟਾ ਚੋਰੀ ਦੇ ਦੋਸ਼ ਉਪਰੰਤ ਪਿੰਡ ਵਿਚੋਂ ਬਾਹਰ ਰਹਿਣ ਲਈ ਮਜ਼ਬੂਰ ਕਰਨ ਦੀ ਮਿਲੀ ਸ਼ਿਕਾਇਤ ਦਾ ਪੰਜਾਬ ਰਾਜ ਅਨੁਸੂਚਿਤ ਜਾਤੀ ਦੇ ਮੈਂਬਰਾਂ ਨੇ ਸਖਤ ਨੋਟਿਸ ਲਿਆ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀ ਦੇ ਮੈਂਬਰ ਗਿਆਨ ਚੰਦ ਅਤੇ ਪ੍ਰਭ ਦਿਆਲ ਵੱਲੋਂ ਬਠਿੰਡਾ ਸਰਕਟ ਹਾਊਸ ਵਿਚ ਪਹੁੰਚ ਕੇ ਸਰਪੰਚ ਅਤੇ ਪਿੰਡ ਦੀ ਪੰਚਾਇਤ ਨੂੰ ਤਲਬ ਕਰਕੇ ਮਾਮਲੇ ਦੀ ਜਾਂਚ ਕੀਤੀ ਗਈ। ਪੰਜਾਬ ਰਾਜ ਅਨੁਸੂਚਿਤ ਜਾਤੀ ਦੇ ਉਕਤ ਮੈਂਬਰਾਂ ਨੇ ਕਿਹਾ ਕਿ ਇਸ ਮਾਮਲੇ ਦੀ ਸਾਰੀ ਪੜਤਾਲ ਕਰਨ ਉਪਰੰਤ ਹੀ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਇਸ ਮਾਮਲੇ ਵਿਚ ਪਿੰਡ ਦੀ ਪੰਚਾਇਤ ਦੋਸ਼ੀ ਪਾਈ ਜਾਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਕਿਸੇ ਵੀ ਸੰਸਥਾ ਜਾਂ ਵਿਅਕਤੀ ਕੋਲ ਕਿਸੇ ਵੀ ਵਿਅਕਤੀ ਨੂੰ ਪਿੰਡ ਨੂੰ ਛੱਡਣ ਲਈ ਮਜ਼ਬੂਰ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਇਸ ਮਾਮਲੇ ਵਿਚ ਜੇ ਸਰਪੰਚ ਜਾਂ ਪੰਚਾਇਤ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਸੰਵਿਧਾਨ ਦੀ ਉਲੰਘਣਾ ਕਰਨ ਦੇ ਮੱਦੇਨਜ਼ਰ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਰਾਜ ਅਨੁਸੂਚਿਤ ਜਾਤੀ ਦੇ ਮੈਂਬਰਾਂ ਵਲੋਂ ਪਿੰਡ ਵਿਰਕ ਕਲਾਂ ਵਿਚ ਜਾ ਕੇ ਸਾਰੇ ਮਾਮਲੇ ਦੀ ਜਾਂਚ-ਪੜਤਾਲ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਭਲਾਈ ਅਫ਼ਸਰ ਸਰਦੂਲ ਸਿੰਘ, ਡੀਐੱਸਪੀ. ਦਵਿੰਦਰ ਸਿੰਘ, ਬੀਡੀਪੀਓ ਬਠਿੰਡਾ ਅਭਿਨਵ ਅਤੇ ਦਲਿਤ ਮਹਾਂ ਪੰਚਾਇਤ ਦੇ ਚੇਅਰਮੈਨ ਤੇ ਮੈਂਬਰ ਐੱਫ਼ਸੀਆਈ ਕਿਰਨਜੀਤ ਗਹਿਰੀ ਹਾਜ਼ਰ ਸਨ।