ਕਿਸਾਨਾਂ ਵੱਲੋਂ ਬਠਿੰਡਾ-ਅੰਮ੍ਰਿਤਸਰ ਸੜਕ ਜਾਮ

ਖੁਰਾਕ ਨਿਗਮ ਵੱਲੋਂ ਕਣਕ ਦੀ ਖਰੀਦ ਸ਼ੁਰੂ ਨਾ ਕਰਨ ’ਤੇ ਰੋਹ ਭਖਿਆ

ਕਿਸਾਨਾਂ ਵੱਲੋਂ ਬਠਿੰਡਾ-ਅੰਮ੍ਰਿਤਸਰ ਸੜਕ ਜਾਮ

ਬਠਿੰਡਾ-ਅੰਮ੍ਰਿਤਸਰ ਸੜਕ ’ਤੇ ਧਰਨੇ ਦੌਰਾਨ ਟੈਂਟ ਲਗਾ ਕੇ ਬੈਠੇ ਹੋਏ ਕਿਸਾਨ। -ਫ਼ੋਟੋ: ਪੰਜਾਬੀ ਟ੍ਰਿਬਿਊਨ

ਮਨੋਜ ਸ਼ਰਮਾ

ਬਠਿੰਡਾ, 14 ਅਪਰੈਲ

ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਜਾਰੀ ਹੈ ਅਤੇ ਕੇਂਦਰੀ ਖ਼ਰੀਦ ਏਜੰਸੀ ਐੱਫਸੀਆਈ ਨੇ ਬਠਿੰਡਾ ਜ਼ਿਲ੍ਹੇ ਦੀਆਂ ਅੱਧੀ ਦਰਜਨ ਮੰਡੀਆਂ ਵਿੱਚ ਕਣਕ ਦੀ ਫਸਲ ਵਿੱਚ ਨਮੀ ਦੀ ਵੱਧ ਮਾਤਰਾ ਦਾ ਬਹਾਨਾ ਲਗਾ ਕੇ ਖ਼ਰੀਦ ਕਰਨ ਤੋਂ ਪਾਸਾ ਵੱਟ ਲਿਆ ਹੈ। ਅੱਜ ਗੋਨਿਆਣਾ ਕਲਾਂ ਦੇ ਖ਼ਰੀਦ ਕੇਂਦਰ ਵਿੱਚ ਕਈ ਦਿਨਾਂ ਤੋਂ ਬੈਠੇ ਕਿਸਾਨਾਂ ਨੇ ਕੇਂਦਰੀ ਫੂਡ ਏਜੰਸੀ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਖ਼ਿਲਾਫ਼ ਮੋਰਚਾ ਖੋਲ੍ਹਦੇ ਹੋਏ ਕਿਸਾਨ ਆਗੂ ਜਗਸੀਰ ਜੀਦਾ ਦੀ ਅਗਵਾਈ ਹੇਠ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬਠਿੰਡਾ-ਅੰਮ੍ਰਿਤਸਰ ਹਾਈਵੇਅ ਨੂੰ ਜਾਮ ਕਰਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਹ ਧਰਨਾ ਸਵੇਰੇ 10 ਵਜੇ ਤੋਂ ਸਾਮ 4 ਵਜੇ ਤੱਕ ਦਿੱਤਾ ਗਿਆ।

ਇਸ ਮੌਕੇ ਕਿਸਾਨ ਬੁਲਾਰਿਆਂ ਸੁਖਮੰਦਰ ਸਿੰਘ ਲੱਖੀ ਜੰਗਲ, ਹਰਪਾਲ ਸਿੰਘ ਗੰਗਾ ਅਬਲੂ ਆਦਿ ਨੇ ਦੋਸ਼ ਲਗਾਏ ਕਿ ਕੇਂਦਰੀ ਏਜੰਸੀ ਜਾਣਬੁੱਝ ਕੇ ਕਿਸਾਨਾਂ ਨੂੰ ਖੱਜਲ ਖ਼ੁਆਰ ਕਰ ਰਹੀ ਹੈ। ਮੌਕੇ ’ਤੇ ਪੁੱਜੇ ਨਾਇਬ ਤਹਿਸੀਲਦਾਰ ਰਾਜਵੀਰ ਸਿੰਘ ਨੇ ਕਿਸਾਨਾਂ ਨੂੰ ਸ਼ਾਂਤ ਕਰਦਿਆਂ ਧਰਨਾ ਚੁੱਕਣ ਦੀ ਅਪੀਲ ਕੀਤੀ। ਇਸ ਮੌਕੇ ਮਾਰਕਫੈੱਡ ਦੇ ਅਧਿਕਾਰੀ ਸੰਜੀਵ ਭਾਟੀਆ ਨੇ ਵਿਸ਼ਵਾਸ ਦਿਵਾਇਆ ਕਿ ਭਲਕੇ ਮਾਰਕਫੈੱਡ ਏਜੰਸੀ ਰਾਹੀ ਖ਼ਰੀਦ ਸ਼ੁਰੂ ਕੀਤੀ ਜਾਵੇਗੀ।

ਕਿਸਾਨਾਂ ਦੇ ਧਰਨਾ ਮਗਰੋਂ ਕਣਕ ਦੀ ਖਰੀਦ ਸ਼ੁਰੂ

ਧਰਨੇ ਨੂੰ ਸੰਬੋਧਨ ਕਰਦੇ ਕਿਸਾਨ ਆਗੂ ਰਾਮ ਸਿੰਘ ਭੈਣੀਬਾਘਾ। -ਫੋਟੋ: ਸੁਰੇਸ਼

ਮਾਨਸਾ (ਜੋਗਿੰਦਰ ਸਿੰਘ ਮਾਨ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੜਕ ਸਿੰਘ ਵਾਲਾ ਦੇ ਖਰੀਦ ਕੇਦਰ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਨ ਲਈ ਖਰੀਦ ਏਜੰਸੀ ਐਫ਼ਸੀਆਈ ਵੱਲੋਂ ਅਜੇ ਤੱਕ ਮੰਡੀ ਵਿੱਚ ਹਾਜ਼ਰੀ ਤੱਕ ਨਾ ਲਵਾਉਣ ਖ਼ਿਲਾਫ਼ ਬਠਿੰਡਾ-ਪਟਿਆਲਾ ਮੁੱਖ ਮਾਰਗ ’ਤੇ ਧਰਨਾ ਦੇ ਕੇ ਜਾਮ ਲਾਇਆ ਗਿਆ। ਜਥੇਬੰਦੀ ਦਾ ਕਹਿਣਾ ਹੈ ਕਿ ਖਰੀਦ ਕੇਂਦਰ ਵਿੱਚ ਕਣਕ ਦੇ ਢੇਰ ਲੱਗ ਚੁੱਕੇ ਹਨ ਅਤੇ ਕੋਈ ਹੱਲ ਨਿਕਲ ਦਾ ਨਾ ਦਿਸਣ ਕਰਕੇ ਸੰਘਰਸ਼ ਦਾ ਰਾਹ ਅਪਣਾਉਣਾ ਪਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਕਾਲੇ ਕਾਨੂੰਨਾਂ ਖਿਲਾਫ਼ ਦਿੱਲੀ ਵਿੱਚ ਕਿਸਾਨ ਮੋਰਚੇ ਜਾਰੀ ਹਨ, ਜਿਥੇ ਕਿਸਾਨਾਂ ਦੇ ਖ਼ਦਸ਼ਿਆਂ ਦੇ ਬਾਵਜੂਦ ਸਰਕਾਰਾਂ ਕਹਿ ਰਹੀਆਂ ਹਨ ਕਿ ਫਸਲਾਂ ਦੀ ਸਰਕਾਰੀ ਖਰੀਦ ਬੰਦ ਨਹੀਂ ਹੋਵੇਗੀ, ਪਰ ਹਕੀਕਤ ਉਲਟ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੇ ਬਾਵਜੂਦ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਨਹੀਂ ਕੀਤੀ ਜਾ ਰਹੀ, ਸੰਘਰਸ਼ ਸਦਕਾ ਐੱਫਸੀਆਈ ਨੇ ਖਰੀਦ ਕੇਂਦਰ ਵਿੱਚ ਜਾ ਕੇ ਤੁਰੰਤ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਮੁੱਖ ਮਾਰਗ ’ਤੇ ਜਾਮ ਖੋਲ੍ਹ ਦਿੱਤਾ ਗਿਆ। ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਜਗਦੇਵ ਸਿੰਘ ਭੈਣੀਬਾਘਾ, ਐਡਵੋਕੇਟ ਬਲਵੀਰ ਕੌਰ, ਮਹਿੰਦਰ ਸਿੰਘ, ਹਰੀਦਰ ਸਿੰਘ, ਗੁਰਪ੍ਰੀਤ ਸਿੰਘ ਭੈਣੀਬਾਘਾ ਨੇ ਵੀ ਸੰਬੋਧਨ ਕੀਤਾ।

ਜ਼ੀਰਾ (ਹਰਮੇਸ਼ਪਾਲ ਨੀਲੇਵਾਲ): ਇਥੇ ਕਿਸਾਨ ਜਥੇਬੰਦੀਆਂ ਵੱਲੋਂ ਮਾਰਕੀਟ ਕਮੇਟੀ ਦਫ਼ਤਰ ਦੇ ਗੇਟ ਅੱਗੇ ਰੋਸ ਧਰਨਾ ਦਿੱਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਗੁਲਜ਼ਾਰ ਸਿੰਘ ਮੀਤ ਪ੍ਰਧਾਨ ਪੰਜਾਬ ਕਾਦੀਆਂ, ਦਰਸ਼ਨ ਸਿੰਘ ਮੀਤ ਪ੍ਰਧਾਨ, ਪ੍ਰੀਤਮ ਸਿੰਘ ਤੇ ਸੁਖਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਕੀਤੇ ਗਏ ਵਧੀਆ ਪ੍ਰਬੰਧਾਂ ਦੀ ਪੋਲ ਦਾਣਾ ਮੰਡੀ ਜ਼ੀਰਾ ਵਿੱਚ ਖੁੱਲ੍ਹਦੀ ਨਜ਼ਰ ਆ ਰਹੀ ਹੈ ਜਿਥੇ ਪਿਛਲੇ ਕਈ ਦਿਨਾਂ ਤੋਂ ਕਣਕ ਦੀ ਫਸਲ ਦੀ ਖਰੀਦ ਨਾ ਹੋਣ ਕਾਰਨ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਨੂੰ ਲੈ ਕੇ ਜੋ ਮਾਪਦੰਡ ਅਪਣਾਏ ਜਾ ਰਹੇ ਹਨ, ਉਨ੍ਹਾਂ ਨੂੰ ਕਿਸਾਨ ਯੂਨੀਅਨਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ। ਇਨ੍ਹਾਂ ਆਗੂਆਂ ਨੇ ਕਿਹਾ ਕਿ ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਵੱਲੋਂ ਆੜ੍ਹਤੀਆਂ ਨੂੰ ਬਾਰਦਾਨਾ ਦੇਣ ਮੌਕੇ ਪੱਖਪਾਤ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਫਸਲ ਦੀ ਖ਼ਰੀਦ ਨਹੀਂ ਹੋ ਰਹੀ। ਮਾਰਕੀਟ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰਨਗੇ ਅਤੇ ਜੋ ਵੀ ਦੋਸ਼ੀ ਪਾਇਆ ਗਿਆ,ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਸਰਕਾਰੀ ਖਰੀਦ ਜਲਦ ਸ਼ੁਰੂ ਕੀਤੀ ਜਾਵੇਗੀ।

ਬਰੇਟਾ (ਪੱਤਰ ਪ੍ਰੇਰਕ): ਸਥਾਨਕ ਆੜਤੀਆ ਐਸ਼ੋਸੀਏਸ਼ੇਨ ਵੱਲੋਂ ਮਾਰਕੀਟ ਕਮੇਟੀ ਬਰੇਟਾ ਅਧੀਨ ਖਰੀਦ ਕੇਦਰਾਂ ਕੁਲਰੀਆਂ, ਧਰਮਪੁਰਾ, ਭਖੜਿਆਲ, ਚੱਕਅਲੀਸ਼ੇਰ ਆਦਿ ਵਿੱਚ ਜਿਥੇ ਭਾਰਤੀ ਖੁਰਾਕ ਨਿਗਮ ਨੇ ਕਣਕ ਦੀ ਖਰੀਦ ਕਰਨੀ ਹੈ, ਇਸ ਦੇ ਵਿਰੋਧ ਵਿਚ ਮਾਰਕੀਟ ਕਮੇਟੀ ਵਿਖੇ ਧਰਨਾ ਲਗਾ ਕੇ ਮੰਗ ਕੀਤੀ ਗਈ ਕਿ ਇਨ੍ਹਾਂ ਖਰੀਦ ਕੇਂਦਰਾਂ ਵਿੱਚ ਭਾਰਤੀ ਖੁਰਾਕ ਨਿਗਮ ਦੀ ਖਰੀਦ ਨੂੰ ਰੱਦ ਕਰਕੇ ਹੋਰਨਾਂ ਖਰੀਦ ਏਜੰਸੀਆਂ ਤੋਂ ਕਣਕ ਦੀ ਖਰੀਦ ਸ਼ੁਰੂ ਕਰਵਾਈ ਜਾਵੇ। ਇਸ ਮੌਕੇ ਸੰਬੋਧਨ ਕਰਨ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਆੜਤੀਆ ਐਸੋਸੀਏਸਨ ਦੇ ਪ੍ਰਧਾਨ ਜਤਿੰਦਰ ਮੋਹਨ ਗਰਗ ਸੈਕਟਰੀ ਰਾਜੇਸ਼ ਸਿੰਗਲਾ ਆਦਿ ਸ਼ਾਮਿਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All