ਸ਼ਗਨ ਕਟਾਰੀਆ/ਮਨੋਜ ਸ਼ਰਮਾ
ਬਠਿੰਡਾ, 7 ਮਾਰਚ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 23 ਕਿਸਾਨ ਜਥੇਬੰਦੀਆਂ ਵੱਲੋਂ ਇੱਥੇ ਜ਼ਿਲ੍ਹਾ ਪੱਧਰੀ ਧਰਨਾ ਤੇ ਰੋਸ ਮਾਰਚ ਕੱਢਿਆ ਗਿਆ। ਕਿਸਾਨਾਂ ਨੇ ਆਪਣੀਆਂ ਮੰਗਾਂ ਸਬੰਧੀ ਡੀਸੀ ਨੂੰ ਰਾਸ਼ਟਰਪਤੀ ਦੇ ਨਾਂ ਇੱਕ ਮੰਗ-ਪੱਤਰ ਵੀ ਦਿੱਤਾ। ਇਸ ਮੌਕੇ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਬੇਅੰਤ ਸਿੰਘ ਤੇ ਬਲਦੇਵ ਸਿੰਘ ਭਾਈ ਰੂਪਾ, ਆਲ ਇੰਡੀਆ ਕਿਸਾਨ ਯੂਨੀਅਨ ਦੇ ਸੂਬਾ ਆਗੂ ਬਲਕਰਨ ਸਿੰਘ, ਜਮਹੂਰੀ ਕਿਸਾਨ ਯੂਨੀਅਨ ਦੇ ਨੈਬ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਗੁਰਤੇਜ ਮਹਿਰਾਜ ਨੇ ਸੰਬੋਧਨ ਕਰਦਿਆਂ ਦੇਸ਼ ਦੇ ਸੰਘੀ ਢਾਂਚੇ ਨੂੰ ਫ਼ਨਾਹ ਕਰਨ ਲਈ ਕੇਂਦਰ ਨੂੰ ਨਿਸ਼ਾਨੇ ’ਤੇ ਲਿਆ। ਆਗੂਆਂ ਨੇ ਮੰਗ ਕੀਤੀ ਕਿ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕੀਤੀ ਜਾਵੇ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ’ਚੋਂ ਬਰਖ਼ਾਸਤ ਕੀਤਾ ਜਾਵੇ, ਰੂਸ-ਯੂਕਰੇਨ ਯੁੱਧ ਖਤਮ ਕਰਾਉਣ ਲਈ ਸੰਜੀਦਾ ਕਦਮ ਚੁੱਕੇ ਜਾਣ, ਚੰਡੀਗੜ੍ਹ ਵਿੱਚੋਂ ਪੰਜਾਬੀ ਮੁਲਾਜ਼ਮਾਂ ਦੀਆਂ ਘਟਾਈਆਂ ਆਸਾਮੀਆਂ ਦੇ ਹੁਕਮ ਰੱਦ ਹੋਣ।
ਮਾਨਸਾ (ਜੋਗਿੰਦਰ ਸਿੰਘ ਮਾਨ): ਭਾਖੜਾ-ਬਿਆਸ ਪ੍ਰਬੰਧਕੀ ਬੋਰਡ ’ਚ ਪੰਜਾਬ-ਹਰਿਆਣਾ ਦਾ ਕੰਟਰੋਲ ਕਰਨ ਦੇ ਮਨਸੂਬੇ ਘੜ ਰਹੀ ਮੋਦੀ ਸਰਕਾਰ ਵਿਰੁੱਧ ਅੱਜ ਥਾਂ-ਥਾਂ ’ਤੇ ਕਿਸਾਨ ਗਰਜਦੇ ਰਹੇ। ਮਾਨਸਾ ਵਿੱਚ ਕਿਸਾਨਾਂ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਕੁੱਲ ਹਿੰਦ ਕਿਸਾਨ ਸਭਾ (ਅਜੈ ਭਵਨ) ਦੇ ਆਗੂ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਮੰਗ ਕੀਤੀ ਕਿ ਬੀਬੀਐੱਮਬੀ ਦੀ ਬਣਤਰ ਦੀ ਪਹਿਲੀ ਸਥਿਤੀ ਬਹਾਲ ਕੀਤੀ ਜਾਵੇ ਅਤੇ ਇਸ ਦਾ ਕੰਟਰੋਲ ਪੰਜਾਬ ਅਤੇ ਹੋਰ ਹਿੱਸੇਦਾਰ ਸੂਬਿਆਂ ਦੇ ਹੱਥਾਂ ਵਿੱਚ ਹੀ ਰਹਿਣ ਦੀ ਗਾਰੰਟੀ ਕੀਤੀ ਜਾਵੇ।
ਬਰਨਾਲਾ (ਪਰਸ਼ੋਤਮ ਬੱਲੀ): ਇੱਥੇ ਕਿਸਾਨ ਕਾਫ਼ਲਿਆਂ ਨੇ ਦਾਣਾ ਮੰਡੀ ਵਿੱਚ ਇਕੱਤਰਤਾ ਉਪਰੰਤ ਸ਼ਹਿਰ ਵਿੱਚੋਂ ਡੀਸੀ ਦਫ਼ਤਰ ਬਰਨਾਲਾ ਤੱਕ ਰੋਸ ਮਾਰਚ ਕੀਤਾ। ਮੋਰਚੇ ਦੇ ਆਗੂਆਂ ਬਲਵੰਤ ਸਿੰਘ ਉੱਪਲੀ, ਦਰਸ਼ਨ ਸਿੰਘ ਉੱਗੋਕੇ, ਜਗਸੀਰ ਸਿੰਘ ਛੀਨੀਵਾਲ ਕਲਾਂ, ਜੱਗਾ ਸਿੰਘ ਬਦਰਾ ਤੇ ਨਿਰਭੈ ਸਿੰਘ ਗਿਆਨੀ ਨੇ ਮੰਗ ਕੀਤੀ ਕਿ ਦਰਿਆਈ ਪਾਣੀਆਂ ਵਿੱਚੋਂ ਪੰਜਾਬ ਦਾ ਹਿੱਸਾ ਵਧਾ ਕੇ ਇਸ ਸੰਕਟ ਦਾ ਪੱਕਾ ਹੱਲ ਕੀਤਾ ਜਾਵੇ। ਇਸ ਮੌਕੇ ਹਾਜ਼ਰ ਆਗੂਆਂ ਕੇਂਦਰੀ ਸਰਕਾਰ ਵੱਲ ਲਟਕਦੀਆਂ ਕਿਸਾਨੀ ਮੰਗਾਂ ਦੀ ਫੌਰੀ ਪੂਰਤੀ ਲਈ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਐੱਸਡੀਐੱਮ ਵਰਜੀਤ ਵਾਲੀਆ ਨੂੰ ਸੌਂਪਿਆ।
ਫ਼ਰੀਦਕੋਟ (ਜਸਵੰਤ ਜੱਸ): ਕਿਸਾਨ ਜਥੇਬੰਦੀਆਂ ਵੱਲੋਂ ਇੱਥੇ ਧਰਨਾ ਲਾ ਕੇ ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਜਿਲਾ ਸਕੱਤਰ ਸਰਦੂਲ ਸਿੰਘ ਕਾਸਮ ਭੱਟੀ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ, ਰਜਿੰਦਰ ਸਿੰਘ ਕਿੰਗਰਾ, ਗੁਰਦਿਆਲ ਭੱਟੀ, ਬਲਵਿੰਦਰ ਸਿੰਘ ਤੇ ਨੌਨਿਹਾਲ ਸਿੰਘ ਨੇ ਵੀ ਸੰਬੋਧਨ ਕੀਤਾ।
ਫਾਜ਼ਿਲਕਾ (ਪਰਮਜੀਤ ਸਿੰਘ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇੱਥੇ ਡੀਸੀ ਦਫ਼ਤਰ ਸਾਹਮਣੇ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦੇ ਕੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਮਾਸਟਰ ਬੂਟਾ ਸਿੰਘ, ਪਰਮਜੀਤ ਸਿੰਘ, ਪੰਜਾਬ ਕਿਸਾਨ ਸਭਾ ਦੇ ਆਗੂ ਸੁਰਿੰਦਰ ਢੰਡੀਆਂ, ਕਾਮਰੇਡ ਹੰਸਰਾਜ ਗੋਲਡਨ, ਦਰਸ਼ਨ ਲਾਧੂਕਾ, ਕ੍ਰਿਸ਼ਨ ਧਰਮੂਵਾਲਾ ਤੇ ਮਨਦੀਪ ਸਿੰਘ ਨੇ ਸੰਬੋਧਨ ਕੀਤਾ।
ਮੋਗਾ (ਮਹਿੰਦਰ ਸਿੰਘ ਰੱਤੀਆਂ): ਇੱਥੇ ਜ਼ਿਲ੍ਹਾ ਸਕੱਤਰੇਤ ਅੱਗੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਭਾਖੜਾ ਡੈਮ ਉੱਤੇ ਕਬਜ਼ਾ ਕਰਨ ਦੀ ਕੋਝੀ ਸਾਜਿਸ਼ ਅਤੇ ਮਾਰੂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਬੀਕੇਯੂ ਕਾਦੀਆਂ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਸੀਪੀਆਈ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਭੋਲਾ, ਸੁਖਜਿੰਦਰ ਮਹੇਸਰੀ, ਗੁਲਜ਼ਾਰ ਸਿੰਘ ਘੱਲਕਲਾਂ, ਸੂਰਤ ਸਿੰਘ ਧਰਮਕੋਟ, ਫੁਰਮਾਨ ਸਿੰਘ ਸੰਧੂ, ਜਗਜੀਤ ਸਿੰਘ ਧੂੜਕੋਟ, ਜਸਕਰਨ ਸਿੰਘ ਬਹਿਰੂ, ਸੁਖਵਿੰਦਰ ਸਿੰਘ ਬਹਿਰਾਮਕੇ ਡਕੌਂਦਾ ਨੇ ਸੰਬੋਧਨ ਕੀਤਾ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਕਿਸਾਨ ਜਥੇਬੰਦੀਆਂ ਵੱਲੋਂ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਮੈਂਬਰੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਰਾਸ਼ਟਰਪਤੀ ਦੇ ਨਾਮ ’ਤੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਭਾਕਿਯੂ ਕਾਦੀਆਂ ਦੇ ਜਗਦੇਵ ਸਿੰਘ ਕਾਦੀਆ, ਗੁਰਤੇਜ ਸਿੰਘ ਉਦੇਕਰਨ, ਦਵਿੰਦਰ ਸਿੰਘ ਭੰਗੇਵਾਲਾ, ਗੁਰਦਰਸ਼ਨ ਰੁਪਾਣਾ, ਕਿਰਤੀ ਕਿਸਾਨ ਯੂਨੀਅਨ ਦੇ ਜਸਵਿੰਦਰ ਸਿੰਘ ਝਬੇਲਵਾਲੀ ਆਦਿ ਤੋਂ ਇਲਾਵਾ ਹੋਰ ਕਿਸਾਨ ਆਗੂ ਹਾਜ਼ਰ ਸਨ।