ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 9 ਜੂਨ
ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾਈ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਹਾਲ ’ਚ ਹੀ ਫ਼ਸਲਾਂ ਦੇ ਵਧਾਏ ਸਮਰਥਨ ਮੁੱਲਾਂ ਨੂੰ ‘ਨਿਗੂਣਾ’ ਕਰਾਰ ਦਿੰਦਿਆਂ, ਰੱਦ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਜਗਮੋਹਣ ਪਟਿਆਲਾ, ਮਨਜੀਤ ਧਨੇਰ ਅਤੇ ਗੁਰਦੀਪ ਰਾਮਪੁਰਾ ਨੇ ਇਕ ਸਾਂਝੇ ਬਿਆਨ ’ਚ ਕਿਹਾ ਹੈ ਕਿ ਫ਼ਸਲੀ ਲਾਗਤ ਵਿੱਚ ਹੋਏ ਬੇਤਹਾਸ਼ਾ ਵਾਧੇ ਦੇ ਸਨਮੁੱਖ ਇਹ ਨਿਗੂਣਾ ਵਾਧਾ ਕਿਸਾਨਾਂ ਨੂੰ ਹੋਰ ਆਰਥਿਕ ਸੰਕਟ ਵੱਲ ਧੱਕੇਗਾ। ਉਨ੍ਹਾਂ ਸਵਾਮੀਨਾਥਨ ਰਿਪੋਰਟ ਅਨੁਸਾਰ ਕੀਮਤਾਂ ਮਿਥਣ ਦੀ ਮੰਗ ਕੀਤੀ। ਇਸੇ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਵੀ ਸਰਕਾਰ ਦੀ ਨੁਕਤਾਚੀਨੀ ਕੀਤੀ ਹੈ।
ਸ਼ਹਿਣਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕਾਈ ਸ਼ਹਿਣਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕੇਂਦਰੀ ਕੈਬਨਿਟ ਵੱਲੋਂ ਜਿਣਸਾਂ ਦੇ ਭਾਅ ਵਿੱਚ ਕੀਤੇ ਵਾਧੇ ਨੂੰ ਰੱਦ ਕੀਤਾ ਹੈ। ਬੀਕੇਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਨੇ ਵੀ ਝੋਨੇ ਦੇ ਸਮਰਥਨ ਮੁੱਲ ਵਿੱਚ 100 ਰੁਪਏ ਵਾਧੇ ਨੂੰ ਮਜ਼ਾਕ ਕਰਾਰ ਦਿੱਤਾ ਹੈ।
ਚਾਉਕੇ (ਪੱਤਰ ਪ੍ਰੇਰਕ)ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ’ਤੇ ਘੱਟੋ ਘੱਟ ਸਮਰਥਨ ਮੁੱਲ ਵਧਾਉਣ ਨੂੰ ਦਿੱਤੀ ਮਨਜ਼ੂਰੀ ਨੂੰ ਸਿਰੇ ਤੋ ਨਕਾਰ ਦਿੱਤਾ ਹੈ।