ਪੱਤਰ ਪ੍ਰੇਰਕ
ਬਠਿੰਡਾ, 3 ਮਾਰਚ
ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਹਿਮ ਮੀਟਿੰਗ ਬਲਦੇਵ ਸਿੰਘ ਸੰਦੋਹਾ ਦੀ ਪ੍ਰਧਾਨਗੀ ਹੇਠ ਚਿਲਡਰਨ ਪਾਰਕ ਬਠਿੰਡਾ ਵਿੱਚ ਹੋਈ। ਇਸ ਮੌਕੇ ਰੇਸ਼ਮ ਸਿੰਘ ਯਾਤਰੀ ਨੇ ਬਲਦੇਵ ਸੰਦੋਹਾ ਸਿੰਘ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਵਿਰੋਧੀ ਫ਼ੈਸਲਾ ਕਰਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੇ ਨੁਮਾਇੰਦੇ ਦਾ ਅਧਿਕਾਰ ਖੋਹ ਕੇ ਕੇਂਦਰ ਸਰਕਾਰ ਨੇ ਆਪਣੇ ਹੱਥ ਲੈ ਲਿਆ ਹੈ। ਸਿੰਜਾਈ ਵਿਭਾਗ ਵਿਚੋਂ ਹਰਿਆਣਾ ਦਾ ਨੁਮਾਇੰਦੇ ਦਾ ਅਧਿਕਾਰ ਵੀ ਖੋਹ ਕੇ ਕੇਂਦਰ ਸਰਕਾਰ ਨੇ ਆਪਣੇ ਹੱਥ ਵਿੱਚ ਲੈ ਲਿਆ ਹੈ। ਰਾਇਪੇਰੀਅਨ ਕਨੂੰਨ ਅਨੁਸਾਰ ਵੀ ਇਸ ’ਤੇ ਪੰਜਾਬ ਦਾ ਅਧਿਕਾਰ ਹੈ। ਉਨ੍ਹਾਂ ਖਦਸ਼ਾ ਪ੍ਰਗਟ ਕੀਤਾ ਜੇ ਪੰਜਾਬ ਦੀ ਨੁਮਾਇੰਦਗੀ ਖੋਹੀ ਜਾਦੀ ਹੈ ਤਾਂ ਪੰਜਾਬ ਨੂੰ ਪੂਰਾ ਪਾਣੀ ਨਹੀਂ ਮਿਲੇਗਾ। ਸਿੱਧੂਪੁਰ ਜਥੇਬੰਦੀ ਨੇ ਪੰਜਾਬ ਦੀ ਨੁਮਾਇੰਦਗੀ ਖੋਹਣ ਦੀ ਪੁਰਜ਼ੋਰ ਨਿੰਦਾ ਕਰਦਿਆਂ ਕਿਹਾ ਪੰਜਾਬ ਦੇ ਹੱਕ ਬਹਾਲ ਕਰਵਾਉਣ ਤੱਕ ਕਰੋ ਜਾ ਮਰੋ ਦੀ ਨੀਤੀ ਅਨੁਸਾਰ ਸੰਘਰਸ਼ ਜਾਰੀ ਰੱਖੇਗੀ। ਇਸ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ 4 ਮਾਰਚ ਨੂੰ 12 ਵਜੇ ਤਕ ਪਿੰਡਾਂ ਵਿੱਚ ਕੇਂਦਰ ਦੀ ਮੋਦੀ ਸਰਕਾਰ ਦੇ ਪੂਤਲੇ ਫੂਕਣਗੇ। ਕੱਲ੍ਹ ਸੁਕਰਵਾਰ ਨੂੰ ਡੀਸੀ ਬਠਿੰਡਾ ਨੂੰ ਮੰਗ-ਪੱਤਰ ਦਿੱਤਾ ਜਾਵੇਗਾ ਤੇ ਮੋਦੀ ਸਰਕਾਰ ਦੀ ਅਰਥੀ ਫੂਕੀ ਜਾਵੇਗੀ।
ਨਥਾਣਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਪੂਹਲਾ, ਨਥਾਣਾ ਅਤੇ ਗਿੱਦੜ ਵਿੱਚ ਜਥੇਬੰਦੀ ਦੇ ਮਹਿਲਾ ਵਿੰਗ ਦੀਆਂ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਹਰਿੰਦਰ ਬਿੰਦੂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦਰਿਆਈ ਪਾਣੀਆਂ ਅਤੇ ਪਣ ਬਿਜਲੀ ਪ੍ਰਾਜੈਕਟਾਂ ਉੱਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣ ਦੇ ਮੰਤਵ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚੋਂ ਪੰਜਾਬ ਦੀ ਨੁਮਾਇੰਦਗੀ ਦਾ ਹੱਕ ਖੋਹ ਲਿਆ ਗਿਆ ਹੈ। ਯੂਨੀਅਨ ਆਗੂਆਂ ਕਰਮਜੀਤ ਕੌਰ ਅਤੇ ਸੁਖਜੀਤ ਕੌਰ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ ਜਥੇਬੰਦੀ ਨੇ 5 ਮਾਰਚ ਨੂੰ ਜ਼ਿਲ੍ਹਾ ਪੱਧਰੀ ਰੋਸ ਧਰਨਾ ਦੇ ਕੇ ਜ਼ਿਲ੍ਹਾ ਅਧਿਕਾਰੀਆਂ ਨੂੰ ਮੰਗ ਪੱਤਰ ਦੇਣ ਦਾ ਪ੍ਰਗਰਾਮ ਉਲੀਕਿਆ ਹੈ। ਉਨ੍ਹਾਂ ਕਿਹਾ ਕਿ ਕੌਮਾਤਰੀ ਮਹਿਲਾ ਦਿਵਸ ਮੌਕੇ 8 ਮਾਰਚ ਨੂੰ ਬਠਿੰਡਾ ਵਿੱਚ ਮਹਿਲਾ ਕਾਨਫਰੰਸ ਕਰਕੇ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾਵਗਾ।
ਭਾਕਿਯੂ ਏਕਤਾ (ਡਕੌਂਦਾ) ਵੱਲੋਂ ਡੀਸੀ ਦਫ਼ਤਰਾਂ ਅੱਗੇ ਧਰਨੇ 7 ਨੂੰ
ਮਾਨਸਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਕੀਤੇ ਸਮਝੌਤਾ ਤੋਂ ਭੱਜਣ ਅਤੇ ਮੰਨੀਆਂ ਮੰਗਾਂ ਲਾਗੂ ਕਰਵਾਉਣ ਨੂੰ ਲੈ ਕੇ ਹੁਣ 7 ਮਾਰਚ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅਤੇ ਤਹਿਸੀਲ ਪੱਧਰ ’ਤੇ ਧਰਨੇ ਦੇਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦੀ ਸੂਬਾਈ ਆਗੂ ਐਡਵੋਕੇਟ ਬਲਵੀਰ ਕੌਰ ਸਿੱਧੂ ਨੇ ਕਿਹਾ ਕਿ ਇਸ ਅੰਦਲੋਨ ਦੀ ਸਮਾਪਤੀ ਦੌਰਾਨ ਕੀਤੇ ਵਾਅਦਾ ਵਫ਼ਾ ਨਹੀਂ ਹੋਏ। ਇਨ੍ਹਾਂ ਮੰਗਾਂ ਨੂੰ ਲੈਕੇ 7 ਮਾਰਚ ਨੂੰ ਸਾਰੇ ਪੰਜਾਬ ਦੇ ਜਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਧਰਨੇ ਦਿੱਤੇ ਜਾਣਗੇ। ਇਸੇ ਦੌਰਾਨ ਹੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਖੜਾ ਬਿਆਸ ਮੈਨੈਜਮੈਟ ਬੋਰਡ (ਬੀ.ਬੀ.ਐੇਮ.ਬੀ.) ਵਿੱਚੋ ਪੰਜਾਬ ਤੇ ਹਰਿਆਣਾ ਦੀ ਨੁਮਾਇੰਦਗੀ ਨੂੰ ਬਾਹਰ ਕਰਨਾ, ਪੰਜਾਬ ਦੇ ਲੋਕਾਂ ’ਤੇ ਇੱਕ ਨਵਾਂ ਕਹਿਰ ਖੜ੍ਹਾ ਕਰ ਦਿੱਤਾ ਹੈ, ਜਿਸ ਨਾਲ ਲੋਕਾਂ ਦਾ ਗੁੱਸਾ ਹੋਰ ਵਧ ਗਿਆ ਹੈ।
ਬੀਬੀਐੱਮਬੀ ਵਿੱਚੋਂ ਹਿੱਸੇਦਾਰੀ ਖਤਮ ਕਰਨਾ ਪੰਜਾਬ ਨਾਲ ਵਧੀਕੀ ਕਰਾਰ
ਮਮਦੋਟ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਦੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਪਿੰਡ ਹੁਸੈਨਸ਼ਾਹ ਵਾਲਾ ਵਿੱਚ ਗੁੁਰਿੰਦਰ ਸਿੰਘ ਖਹਿਰਾ ਜ਼ਿਲ੍ਹਾ ਪ੍ਰਧਾਨ ਦੇ ਗ੍ਰਹਿ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਤੇ ਹਰਿਆਣਾ ਦੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਹਿੱਸੇਦਾਰੀ ਨੂੰ ਖ਼ਤਮ ਕਰਨਾ ਬੜਾ ਮੰਦਭਾਗਾ ਹੈ ਜੋ ਕਿ ਸਟੇਟ ਦੇ ਅਧਿਕਾਰਾਂ ਨਾਲ ਧੱਕਾ ਹੈ।