ਬਠਿੰਡਾ: ਹਲਕਾ ਭੁੱਚੋ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦ ਹਲਕੇ ਤੋਂ ਸਾਬਕਾ ਵਿਧਾਇਕ ਜਸਮੇਲ ਸਿੰਘ ਦਾ ਭਤੀਜਾ ਤੇ ਹਰਵਿੰਦਰ ਸਿੰਘ ਲਾਡੀ ਦਾ ਚਚੇਰਾ ਭਰਾ ਸਵਰਨਜੀਤ ਸਿੰਘ ਨੰਬਰਦਾਰ ਪੁੱਤਰ ਅਜੈਬ ਸਿੰਘ ਨੰਬਰਦਾਰ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਿਆ। ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ ਅਤੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਸਵਰਨਜੀਤ ਸਿੰਘ ਨੂੰ ਬੀਬਾ ਬਾਦਲ ਨੇ ਪਾਰਟੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਤੇ ਪਾਰਟੀ ਵਿੱਚ ਅਹਿਮ ਜ਼ਿੰਮੇਵਾਰੀ ਦੇਣ ਦਾ ਵੀ ਭਰੋਸਾ ਦਿੱਤਾ। ਬੀਬਾ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਹਰ ਵਰਗ ਨਿਰਾਸ਼ ਹੈ। ਲੋਕ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਲੋਕ ਕਾਂਗਰਸ ਦਾ ਸਾਥ ਛੱਡਦੇ ਜਾ ਰਹੇ ਹਨ। -ਪੱਤਰ ਪ੍ਰੇਰਕ