ਪੱਤਰ ਪ੍ਰੇਰਕ
ਬਠਿੰਡਾ, 1 ਅਕਤੂਬਰ
ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਦੇ ਡਾ. ਅੰਬੇਡਕਰ ਸੈਂਟਰ ਆਫ਼ ਐਕਸੀਲੈਂਸ (ਡੀਏਸੀਈ) ਵੱਲੋਂ ਸ਼ਨਿਚਰਵਾਰ ਤੋਂ ਯੂਨੀਵਰਸਿਟੀ ਕੈਂਪਸ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਸਿਵਲ ਸਰਵਿਸਿਜ਼ ਪ੍ਰੀਖਿਆ 2023 ਲਈ ਸਿਖਲਾਈ ਦੇਣ ਲਈ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ ਕਰ ਦਿੱਤੀਆਂ ਗਈਆਂ। ਇਹ ਮੁਫ਼ਤ ਕੋਚਿੰਗ ਕਲਾਸਾਂ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਡਾ. ਅੰਬੇਡਕਰ ਫਾਊਂਡੇਸ਼ਨ ਦੀ ਸਰਪ੍ਰਸਤੀ ਹੇਠ ਸੀਯੂਪੀਬੀ ਕੈਂਪਸ ਵਿੱਚ ਨਵੇਂ ਸਥਾਪਿਤ ਕੀਤੇ ਗਏ ਡਾ. ਅੰਬੇਡਕਰ ਸੈਂਟਰ ਆਫ਼ ਐਕਸੀਲੈਂਸ (ਡੀਏਸੀਈ) ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਸੀਯੂਪੀਬੀ-ਡੀਏਸੀਈ ਦੇ ਅਕਾਦਮਿਕ ਉਦਘਾਟਨੀ ਸੈਸ਼ਨ ਵਿੱਚ ਬਠਿੰਡਾ ਦੇ ਡੀਸੀ ਸ਼ੌਕਤ ਅਹਿਮਦ ਪਰੇ ਅਤੇ ਬਠਿੰਡਾ ਦੇ ਸੀਨੀਅਰ ਪੁਲੀਸ ਕਪਤਾਨ ਜੇ. ਇਲਨਚੇਲੀਅਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਪ੍ਰੋਗਰਾਮ ਦਾ ਉਦਘਾਟਨੀ ਭਾਸ਼ਣ ਡੀਸੀ ਸ਼ੌਕਤ ਅਹਿਮਦ ਪਰੇ ਨੇ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਯੂਪੀਐੱਸਸੀ ਪ੍ਰੀਖਿਆ ਦੀ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ। ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਕਿਹਾ ਕਿ ਸੀਯੂਪੀਬੀ-ਡੀਏਸੀਈ ਵਿੱਚ ਦਾਖਲ ਹੋਏ ਵਿਦਿਆਰਥੀਆਂ ਨੂੰ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਤੇ ਬਾਹਰੀ ਵਿਸ਼ਾ ਮਾਹਿਰਾਂ ਵੱਲੋਂ ਵਿਸ਼ੇਸ਼ ਕੋਚਿੰਗ ਪ੍ਰਦਾਨ ਕੀਤੀ ਜਾਵੇਗੀ।