ਸ਼ਗਨ ਕਟਾਰੀਆ
ਬਠਿੰਡਾ, 16 ਮਾਰਚ
ਐੱਨਐਫਐੱਲ ਬਠਿੰਡਾ ਵਰਕਰ ਯੂਨੀਅਨ ਨੇ ਅੱਜ ਗੇਟ ਰੈਲੀ ਕਰਕੇ ਕੇਂਦਰ ਸਰਕਾਰ ਦੀਆਂ ਕਥਿਤ ਲੋਕ-ਮਾਰੂ ਨੀਤੀਆਂ ਵਿਰੁੱਧ ਆਵਾਜ਼ ਉਠਾਈ। ਬੁਲਾਰਿਆਂ ਨੇ ਜਨਤਕ ਖੇਤਰ ਦੇ ਸਰਕਾਰੀ ਅਦਾਰਿਆਂ ਨੂੰ ਨਿੱਜੀ ਹੱਥਾਂ ਵਿਚ ਦੇਣ ਦੀ ਆਲੋਚਨਾ ਕਰਦਿਆਂ ਸਰਕਾਰ ਨੂੰ ਅਜਿਹਾ ਕਰਨ ਤੋਂ ਵਰਜਿਆ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਕਿਰਤ ਕਾਨੂੰਨਾਂ ’ਚ ਸੋਧ ਕਰਕੇ ਮਜ਼ਦੂਰਾਂ ਨੂੰ ਗੁਲਾਮ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ 44 ਕਿਰਤ ਕਾਨੂੰਨਾਂ ਨੂੰ ਕੋਡ ਬਿੱਲ ਵਿੱਚ ਤਬਦੀਲ ਕੀਤਾ ਜਾ ਚੁੱਕਾ ਹੈ। ਕੰਮ ਦੇ ਘੰਟੇ 8 ਤੋਂ ਵਧਾ ਕੇ 12 ਕੀਤੇ ਜਾ ਰਹੇ ਹਨ। ਪਬਲਿਕ ਸੈਕਟਰ ਦੇ ਬੈਂਕਾਂ ਅਤੇ ਫੈਕਟਰੀਆਂ ਨੂੰ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਨੂੰ ਵੇਚਿਆ ਜਾ ਰਿਹਾ ਹੈ। ਬੈਂਕਾਂ ਦੇ ਕਰਜ਼ਦਾਰ ਕਾਰਪੋਰੇਟ ਘਰਾਣੇ ਸਰਕਾਰੀ ਬੈਂਕਾਂ ਨੂੰ ਹਥਿਆਉਣ ਲਈ ਸਭ ਤੋਂ ਅੱਗੇ ਹਨ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਐਨਐਫਐਲ ਦਾ ਨਿੱਜੀਕਰਨ ਕੀਤਾ ਗਿਆ ਅਤੇ ਲੋਕ ਮਾਰੂ ਨੀਤੀਆਂ ’ਤੇ ਰੋਕ ਨਾ ਲਾਈ ਗਈ ਤਾਂ ਸੰਘਰਸ਼ ਵਿੱਢਿਆ ਜਾਵੇਗਾ।
ਇਸ ਮੌਕੇ ਰੋਸ ਪ੍ਰਦਰਸ਼ਨ ਨੂੰ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ ਢਿੱਲੋਂ, ਜਨਰਲ ਸਕੱਤਰ ਹਰਬੰਸ ਸਿੰਘ, ਸੀਨੀਅਰ ਮੀਤ ਪ੍ਰਧਾਨ ਅਸ਼ਵਨੀ ਕੁਮਾਰ, ਮੀਤ ਪ੍ਰਧਾਨ ਜ਼ੋਰਾਵਰ ਸਿੰਘ, ਪ੍ਰਬੰਧਕੀ ਸਕੱਤਰ ਸੱਤ ਪਾਲ, ਸੰਯੁਕਤ ਸਕੱਤਰ ਸੱਤਪਾਲ ਸ਼ਰਮਾ ਅਤੇ ਖਜ਼ਾਨਚੀ ਰਮੇਸ਼ ਕੁਮਾਰ ਆਦਿ ਨੇ ਸੰਬੋਧਨ ਕੀਤਾ।