ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 9 ਸਤੰਬਰ
ਪੰਜਾਬ ਰੋਡਵੇਜ਼/ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ’ਚ ਅੱਜ ਇਥੇ ਪੀਆਰਟੀਸੀ ਡਿੱਪੂ ਸਾਹਮਣੇ ਗੇਟ ਰੈਲੀ ਕੀਤੀ ਗਈ। ਸੂਬਾ ਪ੍ਰਧਾਨ ਕੁਲਵੰਤ ਸਿੰਘ ਮਨੇਸ ਨੇ ਇਸ ਮੌਕੇ ਸੰਬੋਧਨ ਕਰਦਿਕਆਂ ਕਿਹਾ ਕਿ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਗੱਲ ਕਰਨ ਵਾਲੀ ਪੰਜਾਬ ਸਰਕਾਰ ਕੋਲੋਂ ਹਰ ਮਹੀਨੇ ਆਪਣੀ ਤਨਖਾਹ ਲੈਣ ਲਈ ਵੀ ਬੱਸ ਕਾਮਿਆਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਟਰਾਂਸਪੋਰਟ ਵਿਭਾਗ ’ਤੇ ਆਊਟ ਸੋਰਸਿੰਗ ਦੀ ਭਰਤੀ ਕੱਢਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮੁਲਾਜ਼ਮਾਂ ਨੂੰ ਉਮਾ ਦੇਵੀ ਦੀ ਜੱਜਮੈਂਟ ਦਾ ਬਹਾਨਾ ਬਣਾ ਕੇ ਪੱਕਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਊਟ ਸੋਰਸਿੰਗ ਵਰਕਰਾਂ ਨੂੰ ਆਪਣੇ ਮੁਲਾਜ਼ਮ ਨਹੀਂ ਮੰਨਦੀ ਪਰ ਹਰਿਆਣਾ ਤੇ ਹਿਮਾਚਲ ਦੀਆਂ ਸਰਕਾਰਾਂ 3 ਸਾਲ ਦੀ ਮਿਆਦ ਪੂਰੀ ਕਰਨ ਵਾਲੇ ਕਰਮਚਾਰੀਆਂ ਨੂੰ ਪੱਕੇ ਕਰ ਰਹੀਆਂ ਹਨ। ਉਨ੍ਹਾਂ ਟਰਾਂਸਪੋਰਟ ਵਿਭਾਗ ’ਤੇ ਠੇਕੇਦਾਰੀ ਸਿਸਟਮ ਰਾਹੀਂ ਨੌਜਵਾਨਾਂ ਦਾ ਸ਼ੋਸ਼ਣ ਕਰਨ ਦਾ ਇਲਜ਼ਾਮ ਲਾਇਆ। ਉਨ੍ਹਾਂ ਕਿਹਾ ਕਿ 10-10 ਸਾਲਾਂ ਤੋਂ ਨੌਕਰੀ ਕਰ ਰਹੇ ਮੁਲਾਜ਼ਮਾਂ ਨੂੰ ਨਿੱਕੀਆਂ-ਨਿੱਕੀਆਂ ਗ਼ਲਤੀਆਂ ਦੇ ਬਹਾਨੇ ਨੌਕਰੀ ਤੋਂ ਕੱਢਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਠੇਕੇਦਾਰੀ ਸਿਸਟਮ ਤਹਿਤ ਭਰਤੀ ਬੰਦ ਕਰਕੇ ਸਰਕਾਰੀ ਵਿਭਾਗਾਂ ਵਿੱਚ ਪੱਕੀ ਨੌਕਰੀ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੰਗਾਂ ਲਈ 27, 28 ਤੇ 29 ਸਤੰਬਰ ਨੂੰ ਬੱਸ ਕਾਮੇ ਹੜਤਾਲ ਕਰਕੇ ਪਟਿਆਲਾ ਸਥਿਤ ਪੀਆਰਟੀਸੀ ਦੇ ਮੁੱਖ ਦਫ਼ਤਰ ਅੱਗੇ ਧਰਨਾ ਦੇਣਗੇ।