ਪੱਤਰ ਪ੍ਰੇਰਕ
ਬਠਿੰਡਾ, 19 ਸਤੰਬਰ
ਸੂਬਾ ਸਰਕਾਰ ਨੇ ਕਰੋੜਪਤੀ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਦੇ ਕੇ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਨਾਲ ਧੋਖਾ ਹੈ। ਸੂਬਾ ਸਰਕਾਰ ’ਤੇ ਇਹ ਦੋਸ਼ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਦਰਸ਼ਨ ਸਿੰਘ ਕੋਟ ਫੱਤਾ ਤੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਸਣੇ ਕਈ ਸੀਨੀਅਰ ਅਕਾਲੀ ਆਗੂਆਂ ਨੇ ਲਗਾਏ।
ਮਲੂਕਾ ਨੇ ਕਿਹਾ ਕਿ ਘਰ-ਘਰ ਨੌਕਰੀ ਦੇਣ ਦੇ ਵਾਅਦੇ ਤੋਂ ਮੁਨਕਰ ਹੋਈ ਸਰਕਾਰ ਦੀ ਵਾਅਦਾਖ਼ਿਲਾਫ਼ੀ ਕਾਰਨ ਸੂਬੇ ਦਾ ਨੌਜਵਾਨ ਵਰਗ ਪਹਿਲਾਂ ਹੀ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਹੁਣ ਮਾਲ ਮੰਤਰੀ ਦੇ ਕਰੋੜਪਤੀ ਜਵਾਈ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਦੇ ਕੇ ਸਰਕਾਰ ਨੇ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਦੇ ਜ਼ਖ਼ਮਾਂ ’ਤੇ ਲੂਣ ਭੁੱਕਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਨਿੱਜੀ ਹਿੱਤ ਪੂਰੇ ਕਰਨ ਲਈ ਮੁੱਖ ਮੰਤਰੀ ਨੇ ਲੱਖਾਂ ਨੌਜਵਾਨਾਂ ਨਾਲ ਦਗਾ ਕਮਾਇਆ ਹੈ। ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਨੇ ਦੋਸ਼ ਲਗਾਏ ਕਿ ਸੂਬੇ ਵਿੱਚ ਛੇ ਹਜ਼ਾਰ ਤੋਂ ਵੱਧ ਅਰਜ਼ੀਆਂ ਤਰਸ ਦੇ ਆਧਾਰ ’ਤੇ ਨੌਕਰੀ ਦੀ ਉਡੀਕ ਕਰ ਰਹੀਆਂ ਹਨ ਤੇ ਬੇਰੁਜ਼ਗਾਰ ਨੌਜਵਾਨ ਨੌਕਰੀਆਂ ਲੈਣ ਲਈ ਦਿਨ-ਰਾਤ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਲ ਮੰਤਰੀ ਬੇਰੁਜ਼ਗਾਰ ਨੌਜਵਾਨਾਂ ਨੂੰ ਦੱਸਣ ਇਕ ਕਰੋੜਪਤੀ ’ਤੇ ਤਰਸ ਕਰਨ ਦਾ ਕੀ ਆਧਾਰ ਬਣਾਇਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਤੇ ਦਰਸ਼ਨ ਸਿੰਘ ਕੋਟ ਫੱਤਾ ਨੇ ਵੀ ਇਸ ਫ਼ੈਸਲੇ ਦੀ ਨਿਖੇਧੀ ਕੀਤੀ।