ਸ਼ਗਨ ਕਟਾਰੀਆ
ਬਠਿੰਡਾ, 24 ਅਗਸਤ
ਲੋਕਾਂ ਨੇ ਜਿਸ ਤਰ੍ਹਾਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਉਤਸ਼ਾਹ ਨਾਲ ਚੁਣ ਕੇ ਸਮਾਜ ਸੇਵਾ ਦਾ ਮੌਕਾ ਦਿੱਤਾ ਹੈ। ਉਸੇ ਤਰ੍ਹਾਂ ਸਰਵਾਰ ਵੀ ਪੂਰੀ ਜ਼ਿੰਮੇਵਾਰੀ ਤੇ ਇਮਾਨਦਾਰੀ ਨਾਲ ਲੋਕਾਂ ਦੀਆਂ ਆਸਾਂ ਅਤੇ ਉਮੰਗਾਂ ‘ਤੇ ਪੂਰਾ ਉੱਤਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ, ਭੂਮੀ ਤੇ ਜਲ ਸੰਰਕਸ਼ਣ, ਪ੍ਰਸ਼ਾਸਨਿਕ ਸੁਧਾਰ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ, ਕਾਰਜਕਾਰੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਪੁਲੀਸ ਮੁਖੀ ਜੇ. ਇਲਨਚੇਲੀਅਨ, ਆਪ ਦੇ ਸੂਬਾਈ ਬੁਲਾਰੇ ਤੇ ਜੁਆਇੰਟ ਸਕੱਤਰ ਨੀਲ ਗਰਗ ਅਤੇ ਟਰੇਡ ਵਿੰਗ ਦੇ ਸੂਬਾ ਪ੍ਰਧਾਨ ਅਨਿਲ ਠਾਕੁਰ ਹਾਜ਼ਰ ਸਨ। ਇਸ ਤੋਂ ਪਹਿਲਾਂ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਕੈਬਨਿਟ ਮੰਤਰੀ ਨਿੱਝਰ ਨੂੰ ਗਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਮਾਨਦਾਰ ਅਤੇ ਮਿਹਨਤੀ ਇਨਸਾਨ ਹਨ ਅਤੇ ਸੂਬਾ ਸਰਕਾਰ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤਹਿਤ ਕੰਮ ਕਰ ਰਹੀ ਹੈ। ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਬਿਮਾਰੀ ਕਾਰਨ ਮਰੇ ਪਸ਼ੂਆਂ ਨੂੰ ਨਹਿਰਾਂ, ਕੱਸੀਆਂ ਜਾਂ ਸੜਕਾਂ ’ਤੇ ਖੁੱਲ੍ਹਾ ਸੁੱਟਣ ਦੀ ਬਜਾਏ ਜ਼ਮੀਨ ਵਿੱਚ ਦੱਬਿਆ ਜਾਵੇ। ਉਨ੍ਹਾਂ ਇਸ ਮੌਕੇ ਦੱਸਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਵੀ ਪ੍ਰਕਿਰਿਆ ਚੱਲ ਰਹੀ ਹੈ।
ਇਸ ਤੋਂ ਪਹਿਲਾਂ ਉਨ੍ਹਾਂ ਮਿਊਂਸਿਪਲ ਕਾਰਪੋਰੇਸ਼ਨ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨਾਲ ਸਬੰਧਤ ਬਕਾਇਆ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਪੀਣ ਲਈ ਸ਼ੁੱਧ ਪਾਣੀ ਮੁਹੱਈਆ ਕਰਾਉਣ, ਸੀਵਰੇਜ ਸਿਸਟਮ ’ਚ ਸੁਧਾਰ ਅਤੇ ਸਾਫ਼-ਸਫਾਈ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਤੋਂ ਵਿਕਾਸ ਕਾਰਜਾਂ ਸਬੰਧੀ ਸੁਝਾਅ ਵੀ ਲਏ।