ਪੱਤਰ ਪ੍ਰੇਰਕ
ਬਠਿੰਡਾ, 22 ਅਕਤੂਬਰ
ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ ਨੇ ਜ਼ਿਲ੍ਹੇ ਵਿਚ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੀ ਗਿਰਦਾਵਰੀ ਦਾ ਕੰਮ ਅਗਲੇ ਦੋ ਦਿਨਾਂ ਦੌਰਾਨ ਹਰ ਹਾਲਤ ਵਿੱਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕੀਤੀ ਗਈ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਦੇਰ ਸ਼ਾਮ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨਾਲ ਸਬੰਧਤ ਸਮੂਹ ਮਜਿਸਟ੍ਰੇਟ ਅਤੇ ਜ਼ਿਲ੍ਹਾ ਮਾਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਸਬੰਧਿਤ ਪਟਵਾਰੀਆਂ ਤੇ ਕਾਨੂੰਗੋ ਆਦਿ ਅਧਿਕਾਰੀਆਂ ਰਾਹੀਂ ਅਗਲੇ ਦੋ ਦਿਨਾਂ ’ਚ ਹਰ ਹਾਲਤ ਵਿੱਚ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੀ ਗਿਰਦਾਵਰੀ ਕਰਾਉਣਾ ਯਕੀਨੀ ਬਣਾਉਣਗੇ।