ਵਿਰਾਸਤੀ ਮੇਲਾ: ਕੰਵਰ ਗਰੇਵਾਲ ਦੀ ਗਾਇਕੀ ਨੇ ਸਰੋਤੇ ਕੀਲੇ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 12 ਫਰਵਰੀ
ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਇੱਥੇ ਕਰਵਾਇਆ ਗਿਆ ਤਿੰਨ ਰੋਜ਼ਾ 17ਵਾਂ ਵਿਰਾਸਤੀ ਮੇਲਾ ਯਾਦਗਾਰੀ ਹੋ ਨਿੱਬੜਿਆ। ਰਾਤ ਸਮੇਂ ਕੰਵਰ ਗਰੇਵਾਲ ਦੀ ਸੂਫ਼ੀ ਗਾਇਕੀ ਨਾਲ ਮੇਲਾ ਸਿਖ਼ਰਾਂ ਨੂੰ ਛੋਹ ਗਿਆ। ਆਖ਼ਰੀ ਦਿਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਗਾਇਕ ਕੰਵਲ ਗਰੇਵਾਲ ਦੀ ਗਾਇਕੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਾਫ਼-ਸੁਥਰੀ ਗਾਇਕੀ ਸਮਾਜ ਲਈ ਪ੍ਰੇਰਣਾ ਦਾ ਸ੍ਰੋਤ ਹੈ। ਇਸ ਮੌਕੇ ਉਨ੍ਹਾਂ 2 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਫਾਊਂਡੇਸ਼ਨ ਵੱਲੋਂ ਸ੍ਰੀ ਸੰਧਵਾਂ ਅਤੇ ਹੋਰ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਤੇ ਸੁਖਵੀਰ ਸਿੰਘ ਮਾਈਸਰਖਾਨਾ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਸ਼ੂਗਰਫੈਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ, ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਤੇ ਗੁਰਮੀਤ ਸਿੰਘ ਸਿੱਧੂ ਹਾਜ਼ਰ ਸਨ।