ਪੱਤਰ ਪ੍ਰੇਰਕ
ਬਠਿੰਡਾ, 2 ਮਾਰਚ
ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਹੋਣਹਾਰ ਤੇ ਲੋੜਵੰਦ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਸਕੂਲ ਵਿਚ ਇਕ ਸਾਦਾ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਯੂਐੱਸਏ ਵਾਸੀ ਡਾ. ਸੁਰਿੰਦਰ ਸਿੰਘ ਗਿੱਲ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਉਨ੍ਹਾਂ ਸਕੂਲ ਦੇ ਹੁਸ਼ਿਆਰ ਤੇ ਲੋੜਵੰਦ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਗਿੱਲ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਅਗਲੇ ਸਾਲ ਫਿਰ ਵਿਦਿਆਰਥੀਆਂ ਨੂੰ 31 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨ ਕਰਨ ਦਾ ਐਲਾਨ ਕੀਤਾ। ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਐੱਮਡੀ ਡਾ. ਰਵਿੰਦਰ ਸਿੰਘ ਮਾਨ ਨੇ ਮੁੱਖ ਮਹਿਮਾਨ ਡਾ. ਸੁਰਿੰਦਰ ਸਿੰਘ ਗਿੱਲ ਦਾ ਧੰਨਵਾਦ ਕੀਤਾ।
ਖਾਲਸਾ ਸਕੂਲ ਨੂੰ 51 ਹਜ਼ਾਰ ਰੁਪਏ ਭੇਟ
ਬਠਿੰਡਾ (ਪੱਤਰ ਪ੍ਰੇਰਕ): ਅਮਰੀਕਾ ਵਾਸੀ ਸਾਬਕਾ ਪ੍ਰਿੰਸੀਪਲ ਡਾ. ਸੁਰਿੰਦਰ ਸਿੰਘ ਗਿੱਲ ਨੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਅੱਜ 20 ਸਾਲ ਬਾਅਦ ਪਿੱਤਰੀ ਸਕੂਲ ਵਿੱਚ ਪੁੱਜੇ ਹਨ, ਜਿਥੇ ਉਨ੍ਹਾਂ ਨੂੰ ਪ੍ਰਿੰਸੀਪਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਸੀ।