ਸ਼ਗਨ ਕਟਾਰੀਆ
ਬਠਿੰਡਾ, 2 ਜਨਵਰੀ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਜ਼ਿਲ੍ਹਾ ਬਠਿੰਡਾ ਦੇ 64 ਪਿੰਡਾਂ ’ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗਏ। ਜਥੇਬੰਦੀ ਮੁਤਾਬਕ ਸੋਮਵਾਰ ਨੂੰ ਵੀ ਇਹ ਸਿਲਸਿਲਾ ਜਾਰੀ ਰਹੇਗੀ ਅਤੇ 5 ਜਨਵਰੀ ਨੂੰ ਜ਼ਿਲ੍ਹਾ ਪੱਧਰ ’ਤੇ ਪ੍ਰਧਾਨ ਮੰਤਰੀ ਦੇ ਦਿਓ-ਕੱਦ ਬੁੱਤ ਬਣਾ ਕੇ ਸਾੜੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਆਗੂ ਜਸਵੀਰ ਸਿੰਘ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ 5 ਜਨਵਰੀ ਨੂੰ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੇ ਵਿਰੋਧ ’ਚ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅੰਦੋਲਨ ਦੀ ਸਮਾਪਤੀ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਨਾਲ ਹੋਏ ਸਮਝੌਤੇ ਤਹਿਤ ਮੰਨੀਆਂ ਮੰਗਾਂ ਹਾਲੇ ਲਾਗੂ ਨਾ ਕਰਨ ਦੇ ਵਿਰੋਧ ’ਚ ਇਹ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਪਿੰਡਾਂ ’ਚ ਪ੍ਰਦਰਸ਼ਨਾਂ ਮੌਕੇ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਮਾਈਸਰਖਾਨਾ, ਪਰਮਜੀਤ ਕੌਰ ਪਿੱਥੋ, ਹਰਪ੍ਰੀਤ ਕੌਰ ਜੇਠੂਕੇ, ਜਸਪਾਲ ਸਿੰਘ ਕੋਠਾਗੁਰੂ, ਬਲਤੇਜ ਸਿੰਘ ਚੱਕ ਫ਼ਤਿਹ ਸਿੰਘ ਵਾਲਾ, ਗੁਰਪਾਲ ਸਿੰਘ ਦਿਉਣ, ਕੁਲਵੰਤ ਸ਼ਰਮਾ ਅਤੇ ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਲਖ਼ੀਮਪੁਰ ਕਾਂਡ ਨਾਲ ਕਥਿਤ ਤੌਰ ’ਤੇ ਜੁੜੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ’ਚੋਂ ਬਰਖ਼ਾਸਤ ਅਤੇ ਪੁਲੀਸ ਕੇਸ ਦਰਜ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਦੇਸ਼ ਵਿੱਚ ਸਮੁੱਚੀਆਂ ਫ਼ਸਲਾਂ ’ਤੇ ਐੱਮਐੱਸਪੀ ਲਾਗੂ ਕਰਕੇ ਫ਼ਸਲਾਂ ਦੀ ਖ਼ਰੀਦਣ ਦੇ ਵਾਅਦੇ ’ਤੇ ਵੀ ਸਰਕਾਰ ਨੇ ਚੁੱਪ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਅਤੇ ਨੌਕਰੀ ਵੀ ਨਹੀਂ ਦਿੱਤੀ ਜਾ ਰਹੀ।
ਬਠਿੰਡਾ (ਮਨੋਜ ਸ਼ਰਮਾ): ਅੱਜ ਮਾਲਵਾ ਖੇਤਰ ਦੇ ਪਿੰਡਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਬੀਕੇਯੂ (ਸਿੱਧੂਪੁਰ) ਅਤੇ ਡਕੌਂਦਾ ਵੱਲੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅਰਥੀਆਂ ਫੂਕ ਕੇ ਰੋਸ ਮੁਜ਼ਾਹਰੇ ਕੀਤੇ ਗਏ। ਇਸੇ ਦੌਰਾਨ ਪੰਜਾਬ ਦੀ ਚੰਨੀ ਸਰਕਾਰ ਖ਼ਿਲਾਫ਼ ਨਰਮੇ ਦੀ ਖ਼ਰਾਬੀ ਦੇ ਮੁਆਵਜ਼ੇ ਸਮੇਤ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਗਈ। ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਘੁੱਦਾ, ਚੁੱਘੇ ਕਲਾਂ, ਚੁੱਘੇ ਖੁਰਦ, ਝੂੰਬਾ, ਗਿੱਦੜ, ਜੰਡਾਂਵਾਲਾ, ਮਹਿਮਾ ਸਰਜਾ ਜੀਦਾ, ਖੇਮੂਆਣਾ, ਖਿਆਲੀਵਾਲਾ, ਕੋਟ ਸ਼ਮੀਰ ਕੋਟ ਭਾਰਾ, ਕਿਲੀ, ਨਿਹਾਲ ਸਿੰਘ ਵਾਲਾ ਸਮੇਤ ਦਰਜਨਾਂ ਪਿੰਡਾਂ ਵਿੱਚ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਵਰ੍ਹਦਿਆਂ ‘ਮੋਦੀ ਗੋ ਬੈਕ’ ਦੇ ਨਾਅਰੇ ਲਗਾਏ।
ਫਰੀਦਕੋਟ (ਜਸਵੰਤ ਜੱਸ): ਕਿਰਤੀ ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਪੁਤਲੇ ਫੂਕਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਦੱਸਿਆ ਕਿ ਦਿੱਲੀ ਵਿਖੇ ਚੱਲਦੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਉੱਪਰ ਦਰਜ ਹੋਏ ਕੇਸ ਰੱਦ ਨਹੀਂ ਕੀਤੇ ਗਏ, ਨਾ ਹੀ ਲਖੀਮਪੁਰ ਖੀਰੀ ਦੀ ਘਟਨਾ ਦਾ ਇਨਸਾਫ ਮਿਲਿਆ ਹੈ ਅਤੇ ਐਮ.ਐਸ.ਪੀ ਸਮੇਤ ਬਾਕੀ ਮੰਗਾਂ ਉੱਪਰ ਕੋਈ ਅਮਲ ਨਹੀਂ ਕੀਤਾ ਗਿਆ ਹੈ।
ਮਹਿਲ ਕਲਾਂ (ਨਵਕਿਰਨ ਸਿੰਘ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੇ ਵਿਰੋਧ ’ਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਬਲਾਕ ਮਹਿਲ ਕਲਾਂ ਦੇ ਪਿੰਡਾਂ ’ਚ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਵਜ਼ੀਦਕੇ ਕਲਾਂ, ਵਜ਼ੀਦਕੇ ਖੁਰਦ, ਚੁਹਾਣਕੇ, ਸਹੌਰ, ਠੁੱਲੀਵਾਲ ਆਦਿ ਪਿੰਡਾਂ ’ਚ ਸੰਬੋਧਨ ਕਰਦਿਆਂ ਬੀਕੇਯੂ (ਉਗਰਾਹਾਂ) ਦੇ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਬਲਾਕ ਪ੍ਰਧਾਨ ਜੱਜ ਸਿੰਘ ਗਹਿਲ, ਜਨਰਲ ਸਕੱਤਰ ਕੁਲਜੀਤ ਸਿੰਘ ਵਜੀਦਕੇ, ਵਿੱਤ ਸਕੱਤਰ ਨਾਹਰ ਸਿੰਘ ਗੁੰਮਟੀ ਤੇ ਸਕੱਤਰ ਮਾਨ ਸਿੰਘ ਗੁਰਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।
ਜ਼ੀਰਾ (ਹਰਮੇਸ਼ਪਾਲ ਨੀਲੇਵਾਲ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪਿੰਡਾਂ ਵਿੱਚ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਜ਼ੀਰਾ, ਤਲਵੰਡੀ ਭਾਈ ਤੋਂ ਇਲਾਵਾ ਫਿਰੋਜ਼ਸ਼ਾਹ, ਸ਼ੂਸਕ, ਮਰਖਾਈ, ਕੱਸੋਆਣਾ, ਹਰਦਾਸਾ, ਮਣਕਿਆਂ ਵਾਲੀ ,ਵਲੂਰ, ਦੁਲਚੀ ਕੇ, ਨਾਜੂ ਸ਼ਾਹਵਾਲਾ ਆਦਿ ਪਿੰਡਾਂ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ।
ਮਾਨਸਾ (ਪੱਤਰ ਪ੍ਰੇਰਕ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਫੇਰੀ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿੰਡਾਂ ਵਿੱਚ ਅਰਥੀਆਂ ਸਾੜਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਅੱਜ ਤੜਕਸਾਰ ਮਾਨਸਾ ਜ਼ਿਲ੍ਹੇ ਦੇ ਪਿੰਡ ਰੜ੍ਹ, ਜੋਗਾ, ਰੱਲਾ, ਅਤਲਾ ਕਲਾਂ, ਫਰਵਾਹੀ, ਗੁਰਥੜੀ, ਕੋਟਲਾ, ਅਕਲੀਆ, ਮੱਤੀ, ਬੀਰੋਕੇ ਖੁਰਦ, ਭਾਦੜਾ, ਦੋਦੜਾ, ਬੱਪੀਆਣਾ, ਰਾਮਾਨੰਦੀ, ਭੰਮੇ ਕਲਾਂ, ਦਸੌਂਧੀਆ, ਫਤਿਹਪੁਰ ਸਮੇਤ ਕੁੱਲ 33 ਪਿੰਡਾਂ ਵਿੱਚ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ ਹਨ।
ਦੋਦਾ (ਜਸਵੀਰ ਸਿੰਘ ਭੁੱਲਰ): ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੱਦੇ ਉੱਤੇ ਇਕਾਈ ਭੁੱਟੀਵਾਲਾ ਨੇ ਜ਼ਿਲ੍ਹਾ ਆਗੂ ਗਿਆਨ ਸਿੰਘ ਭੁੱਟੀਵਾਲਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਅਤੇ ਕਿਹਾ ਕਿ ਇਸ ਆਗੂ ਨੇ ਕਾਰਪੋਰਟ ਘਰਾਣਿਆਂ ਨੂੰ ਫਾਇਦਾ ਦੇਣ ਲਈ ਖੇਤੀ ਕਾਨੂੰਨ ਬਣਾਏ, ਜਿਨਾਂ ਨੂੰ ਰੱਦ ਕਰਵਾਉਣ ਲਈ ਇਕ ਸਾਲ ਤੋਂ ਵੱਧ ਸਮੇਂ ਲਈ ਕਿਸਾਨਾਂ ਨੂੰ ਸੰਘਰਸ਼ ਕਰਨਾ ਪਿਆ ਅਤੇ 700 ਤੋਂ ਵੱਧ ਕਿਸਾਨਾਂ ਤੇ ਮਜ਼ਦੂਰਾਂ ਨੂੰ ਸ਼ਾਹਦਤ ਦੇਣੀ ਪਈ। ਆਗੂਆਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦਾ ਪੰਜਾਬ ਆਉਣ ਉੱਤੇ ਵਿਰੋਧ ਕਰਨਗੇ।
ਮ੍ਰਿਤਕ ਕਿਸਾਨਾਂ ਦੇ ਵਾਰਸਾਂ ਲਈ ਮੁਆਵਜ਼ਾ ਤੇ ਫਸਲਾਂ ਲਈ ਐੱਮਐੱਸਪੀ ਦੀ ਗਰੰਟੀ ਮੰਗੀ
ਤਲਵੰਡੀ ਸਾਬੋ (ਜਗਜੀਤ ਸਿੰਘ ਸਿੱਧੂ): ਸੰਯੁਕਤ ਕਿਸਾਨ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੀ ਸਹਿਮਤੀ ਨਾਲ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਦੀ ਪੰਜਾਬ ਫੇਰੀ ਦੇ ਵਿਰੋਧ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਬਲਾਕ ਇਕਾਈ ਵੱਲੋਂ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਦੇ ਪੁਤਲੇ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਪਿੰਡ ਨਥੇਹਾ ਦੇ ਚੌਕ ਵਿੱਚ ਬੀਕੇਯੂ (ਸਿੱਧੂਪੁਰ) ਵੱਲੋਂ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਣ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਯੋਧਾ ਸਿੰਘ ਨੰਗਲਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਕੇਂਦਰ ਸਰਕਾਰ ਨੇ ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ਘਟਨਾ ਬਾਰੇ ਵੀ ਸਿੱਟ ਦੀ ਰਿਪੋਰਟ ਆਉਣ ਤੋਂ ਬਾਅਦ ਕੋਈ ਕਾਰਵਾਈ ਨਹੀਂ ਕੀਤੀ ਗਈ। ਐੱਮਐੱਸਪੀ ਦੀ ਗਰੰਟੀ ਵਾਲੀ ਮੰਗ ਵੀ ਪੂਰੀ ਨਹੀਂ ਕੀਤੀ ਗਈ। ਇਸ ਮੌਕੇ ਪਿੰਡ ਇਕਾਈ ਦੇ ਪ੍ਰਧਾਨ ਨਾਇਬ ਸਿੰਘ, ਵੈਦ ਸਿੰਘ, ਅਜੈਬ ਸਿੰਘ, ਮੇਜਰ ਸਿੰਘ, ਮੰਦਰ ਸਿੰਘ ਖਾਲਸਾ ਆਦਿ ਮੌਜੂਦ ਸਨ।