ਸ਼ਗਨ ਕਟਾਰੀਆ
ਬਠਿੰਡਾ, 14 ਸਤੰਬਰ
ਬਠਿੰਡਾ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਭਾਈ ਕਾ ਦੇ ਰੈਸਟ ਹਾਊਸ ਵਿੱਚ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਸੰਗਤ ਦਰਸ਼ਨ ਪ੍ਰੋਗਰਾਮ ਕੀਤਾ। ਇਸ ਮੌਕੇ ਉਨ੍ਹਾਂ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਭਵ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ। ਰਹਿੰਦੀਆ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਲੋਕਾਂ ਦੀਆਂ ਸਮੱਸਿਆਵਾਂ ਸੁਨਣ ਤੋਂ ਬਾਅਦ ਕਾਂਗੜ ਨੇ ਪਿੰਡ ਕੋਠਾ ਗੁਰੂ ਦੇ 11 ਗ਼ਰੀਬ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ 25-25 ਹਜ਼ਾਰ ਰੁਪਏ ਦੇ ਚੈੱਕ ਭੇਟ ਕੀਤੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋੜਵੰਦ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੇ ਚੈੱਕ ਪਹਿਲਾਂ ਵੀ ਮੁਹੱਈਆ ਕਰਵਾਏ ਜਾ ਚੁੱਕੇ ਹਨ। ਇੱਥੇ ਹੀ ਭਗਤਾ ਭਾਈਕਾ ਦੇ 33 ਗ਼ਰੀਬ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ 50-50 ਹਜ਼ਾਰ ਰੁਪਏ ਦੇ ਚੈਕ ਭੇਂਟ ਕਰਕੇ ਪਹਿਲੀ ਕਿਸ਼ਤ ਜਾਰੀ ਕੀਤੀ ਗਈ। ਇਸ ਮੌਕੇ ਸ੍ਰੀ ਕਾਂਗੜ ਨੇ ਆਪਣੇ ਪਿੰਡ ਕਾਂਗੜ ਦੇ ਵਿਕਾਸ ਕਾਰਜਾਂ ਲਈ ਇਕ ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ। ਇਸ ਮੌਕੇ ਵੱਖ-ਵੱਖ਼ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਪਿੰਡਾਂ ਤੋਂ ਆਈਆਂ ਪੰਚਾਇਤਾਂ ਅਤੇ ਆਮ ਲੋਕ ਹਾਜ਼ਰ ਸਨ।