ਪੱਤਰ ਪੇ੍ਰਕ
ਬਠਿੰਡਾ, 1 ਜੁਲਾਈ
ਬਠਿੰਡਾ ਦੇ ਸ਼ਹੀਦ ਭਾਈ ਮਨੀ ਸਿੰਘ ਹਸਪਤਾਲ ਵਿੱਚ ਮਲਟੀਪਰਪਜ਼ ਹੈਲਥ ਵਰਕਰਜ਼ ਫੀਮੇਲ ਵੱਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਹਸਪਤਾਲ ਦੀ ਬਲੱਡ ਬੈਂਕ ਅੱਗੇ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਦੋਸ਼ ਲਗਾਏ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਬਜਾਏ ਅੱਖੋ ਪਰੋਖੇ ਕਰਦਿਆਂ ਪੰਜਾਬ ਅੰਦਰ ਨਵੀਆਂ ਰੈਗੂਲਰ ਪੋਸਟਾਂ ਕੱਢ ਦਿੱਤੀਆਂ ਹਨ। ਜਦੋਂ ਕਿ ਪਿਛਲੇ 12-13 ਸਾਲਾਂ ਤੋਂ ਪੂਰੇ ਪੰਜਾਬ ਅੰਦਰ 2250 ਦੇ ਕਰੀਬ ਮਲਟੀਪਰਪਜ਼ ਹੈਲਥ ਵਰਕਰਜ਼ ਠੇਕੇ ਤੇ ਕੰਮ ਕਰ ਰਹੇ ਹਨ। ਵਰਕਰਾਂ ਨੇ ਮੰਗ ਕੀਤੀ ਕਿ ਰੈਗੂਲਰ ਭਰਤੀ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ, ਨਹੀਂ ਤਾਂ ਵੱਡੀ ਪੱਧਰ ਤੇ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਵੀਰਪਾਲ ਕੌਰ, ਸਰੋਜ ਬਾਲਾ, ਸੁਧਾ ਰਾਣੀ ਆਦਿ ਹਾਜ਼ਰ ਸਨ।
ਫ਼ਰੀਦਕੋਟ (ਜਸਵੰਤ ਜੱਸ): ਕੰਟਰੈਕਟ ਮਲਟੀਪਰਪਜ਼ ਹੈੱਲਥ ਵਰਕਰ (ਫੀਮੇਲ) ਯੂਨੀਅਨ ਨੇ ਸੂਬਾ ਪੱਧਰੀ ਸੱਦੇ ‘ਤੇ ਟੀਕਾਕਰਨ ਦਾ ਕੰਮ ਮੁਕੰਮਲ ਤੌਰ ‘ਤੇ ਬੰਦ ਕਰਕੇ ਸਿਵਲ ਸਰਜਨ ਦਫ਼ਤਰ ਅੱਗੇ ਧਰਨੇ ਲਾਇਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਵੱਲੋਂ ਮਲਟੀਪਰਪਜ਼ ਹੈੱਲਥ ਵਰਕਰਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਤੋਂ 15-15 ਸਾਲਾਂ ਤੋਂ ਕੰਮ ਕਰਦੀਆਂ ਮਲਟੀਪਰਪਜ਼ ਹੈੱਲਥ ਵਰਕਰਾਂ ਨੂੰ ਦਰਕਿਨਾਰ ਕਰਕੇ ਸਰਕਾਰ ਵੱਲੋਂ ਸਿੱਧੀ ਭਰਤੀ ਕੀਤੀ ਜਾ ਰਹੀ ਹੈ। ਹੈੱਲਥ ਵਰਕਰ ਅਮਰਜੀਤ ਕੌਰ, ਰਜਿੰਦਰ ਕੌਰ, ਜੋਤੀ, ਮਨੀਸ਼ਾ, ਹਰਪ੍ਰੀਤ ਕੌਰ ਅਤੇ ਹਰਸ਼ਰਨ ਕੌਰ ਨੇ ਕਿਹਾ ਕਿ ਮਲਟੀਪਰਪਜ਼ ਹੈੱਲਥ ਵਰਕਰਾਂ ਨੂੰ ਯੂਨੀਅਨ ਦੇ ਆਗੂਆਂ ਨੇ ਸਰਕਾਰ ਨਾਲ ਕਈ ਮੀਟਿੰਗਾਂ ਉਪਰੰਤ ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਮਲਟੀਪਰਪਜ਼ ਹੈੱਲਥ ਵਰਕਰਾਂ ਨੂੰ ਖਾਲੀ ਆਸਾਮੀਆਂ ‘ਤੇ ਐਡਜਸਟ ਕੀਤਾ ਜਾਵੇਗਾ ਪਰੰਤੂ ਹੁਣ ਸਿੱਧੀ ਭਰਤੀ ਦੀ ਮਨਜ਼ੂਰੀ ਦੇ ਕੇ ਸਰਕਾਰ ਉਨ੍ਹਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰ ਰਹੀ ਹੈ।