ਸ਼ਗਨ ਕਟਾਰੀਆ
ਬਠਿੰਡਾ, 8 ਫਰਵਰੀ
ਬਠਿੰਡਾ (ਸ਼ਹਿਰੀ) ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਚੋਣ ਮੁਹਿੰਮ ਦੀ ਲੜੀ ਵਧਾਉਂਦਿਆਂ ਅੱਜ ਸ਼ਹਿਰ ’ਚ ਰੇਲਵੇ ਲਾਈਨੋਂ ਪਾਰ ਇਲਾਕੇ (ਪਰਸਰਾਮ ਨਗਰ) ਵਿੱਚ ਭਰਵੇਂ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਪਿਛਲੇ ਪੰਜ ਸਾਲਾਂ ਵਿੱਚ ਕਰਵਾਏ ਵਿਕਾਸ ਦੇ ਨਾਂ ’ਤੇ ਕਾਂਗਰਸ ਦੀ ਦੂਜੀ ਵਾਰ ਸਰਕਾਰ ਬਣਾਉਣ ਲਈ ਸਮਰਥਨ ਮੰਗਿਆ। ਇਸ ਦੌਰਾਨ ਲੋਕਾਂ ਵੱਲੋਂ ਸ੍ਰੀ ਬਾਦਲ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਸ੍ਰੀ ਬਾਦਲ ਨੇ ਕਿਹਾ ਕਿ ਮਨ ਨੂੰ ਖੁਸ਼ੀ ਹੁੰਦੀ ਹੈ ਜਦੋਂ ਲਾਈਨੋਂ ਪਾਰ ਇਲਾਕੇ ਪਰਸ ਰਾਮ ਨਗਰ ਦੇ ਲੋਕ ਇਹ ਗੱਲ ਕਹਿੰਦੇ ਹਨ ਕਿ ਬਰਸਾਤੀ ਪਾਣੀ ਦੇ ਨਿਕਾਸ ਦੀ ਪਿਛਲੇ ਚਾਲੀ ਸਾਲ ਪੁਰਾਣੀ ਸਮੱਸਿਆ ਦਾ ਤੁਸੀਂ ਹੱਲ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਹਰ ਸਮੱਸਿਆ ਦਾ ਹੱਲ ਕਰਨ ਦੇ ਯਤਨ ਕੀਤੇ ਗਏ ਅਤੇ ਇਲਾਕੇ ਨੂੰ ਵਿਕਾਸ ਦੀ ਰਾਹ ’ਤੇ ਤੋਰਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਵੀ ਵੱਡੇ ਯਤਨ ਕੀਤੇ ਗਏ ਅਤੇ 15 ਸਕੂਲਾਂ ਨੂੰ ਕਰੋੜਾਂ ਰੁਪਏ ਦੀ ਲਾਗਤ ਨਾਲ ਸੁੰਦਰ ਬਣਾਇਆ ਗਿਆ, ਜਿਸ ਨਾਲ ਸਿੱਖਿਆ ਖੇਤਰ ਵਿੱਚ ਬਠਿੰਡਾ ਮੋਹਰੀ ਬਣ ਕੇ ਉੱਭਰੇਗਾ ਅਤੇ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਵੀ ਪ੍ਰਾਇਵੇਟ ਸਕੂਲਾਂ ਵਰਗੀਆਂ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਮਾਲ ਰੋਡ ’ਤੇ ਸਥਿਤ ਲੜਕੀਆਂ ਦਾ ਸਕੂਲ ਪੰਜਾਬ ਦਾ ਸਭ ਤੋਂ ਸੁੰਦਰ ਸਕੂਲ ਬਣੇਗਾ ਜਿਸ ’ਤੇ ਕਰੀਬ 20 ਕਰੋੜ ਦੀ ਲਾਗਤ ਆਏਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕੰਮ ਵਿਕਾਸ ਕਰਨਾ ਹੈ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਹਰ ਸਹੂਲਤ ਮੁਹੱਈਆ ਹੋ ਸਕੇ। ਉਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਦੂਜੀ ਵਾਰ ਸਰਕਾਰ ਬਣਾਉਣ ਲਈ ਸਮਰਥਨ ਦੀ ਮੰਗ ਕਰਦਿਆਂ ਭਰੋਸਾ ਦੁਆਇਆ ਕਿ ਉਹ ਇਸ ਇਲਾਕੇ ਨੂੰ ਹੋਰ ਵਿਕਾਸ ਦੀ ਰਾਹ ’ਤੇ ਤੋਰਨ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ।