ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ, 29 ਜਨਵਰੀ
ਵਿਧਾਨ ਸਭਾ ਚੋਣਾਂ ਲਈ ਅੱਜ ਜ਼ਿਲ੍ਹਾ ਬਠਿੰਡਾ ’ਚ ਅੱਜ ਚੌਥੇ ਦਿਨ 24 ਨਾਮਜ਼ਦਗੀਆਂ ਦਾਖ਼ਲ ਹੋਈਆਂ। ਇਸ ਦੇ ਨਾਲ ਹੁਣ ਤੱਕ ਜ਼ਿਲ੍ਹੇ ’ਚ ਨਾਮਜ਼ਦਗੀਆਂ ਦੀ ਕੁੱਲ ਗਿਣਤੀ 49 ਹੋ ਗਈ ਹੈ। ਅੱਜ ਕਾਗਜ਼ ਜਮ੍ਹਾਂ ਕਰਵਾਉਣ ਵਾਲਿਆਂ ’ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪ੍ਰੋ. ਬਲਜਿੰਦਰ ਕੌਰ, ਸਿਕੰਦਰ ਸਿੰਘ ਮਲੂਕਾ, ਲੋਕ ਗਾਇਕ ਬਲਕਾਰ ਸਿੱਧੂ, ਜਗਰੂਪ ਸਿੰਘ ਗਿੱਲ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਪ੍ਰਮੁੱਖ ਚਿਹਰੇ ਸਨ। ਹਲਕਾ ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿਕੰਦਰ ਸਿੰਘ ਮਲੂਕਾ ਅਤੇ ਉਨ੍ਹਾਂ ਦੇ ਬੇਟੇ ਗੁਰਪ੍ਰੀਤ ਸਿੰਘ ਮਲੂਕਾ ਨੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਦਾਖ਼ਲ ਕਰਵਾਏ। ‘ਆਪ’ ਵੱਲੋਂ ਬਲਕਾਰ ਸਿੰਘ ਅਤੇ ਕਵਰਿੰਗ ਉਮੀਦਵਾਰ ਜਿੰਦਰ ਕੌਰ ਨੇ ਕਾਗਜ਼ ਦਾਖ਼ਲ ਕੀਤੇ। ਪੰਜਾਬ ਲੋਕ ਕਾਂਗਰਸ ਪਾਰਟੀ ਵੱਲੋਂ ਅਮਰਜੀਤ ਸਿੰਘ ਸ਼ਰਮਾ ਅਤੇ ਸਿਕੰਦਰ ਸਿੰਘ ਨੇ ਅਜ਼ਾਦ ਉਮੀਦਵਾਰ ਵਜੋਂ ਆਪਣੀ ਨਾਮਜ਼ਦਗੀ ਦਾਖ਼ਲ ਕਰਵਾਈ। ਭੁੱਚੋ ਤੋਂ ਭਾਜਪਾ ਵੱਲੋਂ ਜਸਬੀਰ ਕੌਰ ਅਤੇ ਰੁਪਿੰਦਰਜੀਤ ਕੌਰ, ਬਠਿੰਡਾ (ਸ਼ਹਿਰੀ) ਤੋਂ ਕਾਂਗਰਸ ਵੱਲੋਂ ਮਨਪ੍ਰੀਤ ਸਿੰਘ ਬਾਦਲ, ‘ਆਪ’ ਦੇ ਜਗਰੂਪ ਸਿੰਘ ਗਿੱਲ ਅਤੇ ਸੁਖਦੀਪ ਸਿੰਘ ਢਿੱਲੋਂ ਨੇ ਸ੍ਰੀ ਗਿੱਲ ਦੇ ਕਵਰਿੰਗ ਉਮੀਦਵਾਰ ਵਜੋਂ ਆਪਣੇ ਕਾਗਜ਼ ਦਾਖ਼ਲ ਕਰਵਾਏ। ਬਠਿੰਡਾ (ਦਿਹਾਤੀ) ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਭੱਟੀ ਅਤੇ ਹਰਪਿੰਦਰ ਸਿੰਘ, ਤਲਵੰਡੀ ਸਾਬੋ ਤੋਂ ਭਾਜਪਾ ਦੇ ਰਵੀਪ੍ਰੀਤ ਸਿੰਘ ਸਿੱਧੂ ਅਤੇ ਰਿਤਿਕਾ ਸਿੱਧੂ, ਆਪ ਦੇ ਪ੍ਰੋ. ਬਲਜਿੰਦਰ ਕੌਰ, ਜਨ ਆਸਰਾ ਪਾਰਟੀ ਦੇ ਤਜਿੰਦਰਪਾਲ ਸਿੰਘ ਅਤੇ ਆਜ਼ਾਦ ਉਮੀਦਵਾਰ ਜਗਸੀਰ ਸਿੰਘ, ਮੌੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਅਕਾਲ ਅਰਪਣ ਸਿੰਘ ਬਰਾੜ, ‘ਆਪ’ ਦੇ ਸੁਖਵੀਰ ਸਿੰਘ ਮਾਈਸਰਖਾਨਾ ਅਤੇ ਸ਼ਪਿੰਦਰਪਾਲ ਕੌਰ ਮਾਈਸਰਖਾਨਾ ਨੇ ਆਪਣੇ ਨਾਮਜ਼ਦਗੀ ਪੱਤਰ ਭਰੇ।
ਮਾਨਸਾ (ਪੱਤਰ ਪ੍ਰੇਰਕ): ਜ਼ਿਲ੍ਹਾ ਚੋਣ ਅਫਸਰ ਮਹਿੰਦਰ ਪਾਲ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 8 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਹਲਕਾ ਮਾਨਸਾ ਤੋਂ ਆਜ਼ਾਦ ਉਮੀਦਵਾਰ ਸੁਖਵਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਅਰੋੜਾ ਦੀ ਪਤਨੀ ਆਸ਼ਾ ਰਾਣੀ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਸਰਦੂਲਗੜ੍ਹ ਤੋਂ ਗੁਰਮੀਤ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਹਨ। ਬੁਢਲਾਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਡਾ. ਨਿਸ਼ਾਨ ਸਿੰਘ, ਭਾਰਤੀ ਕਮਿਊਨਿਸਟ ਪਾਰਟੀ ਦੇ ਕ੍ਰਿਸ਼ਨ ਸਿੰਘ ਚੌਹਾਨ, ਪੰਜਾਬ ਲੋਕ ਕਾਂਗਰਸ ਪਾਰਟੀ ਦੇ ਭੋਲਾ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਰਨੈਲ ਕੌਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।
ਜ਼ੀਰਾ (ਪੱਤਰ ਪ੍ਰੇਰਕ): ਵਿਧਾਨ ਸਭਾ ਚੋਣਾਂ ਲਈ ਹਲਕਾ ਜ਼ੀਰਾ ਤੋਂ ‘ਆਪ’ ਦੇ ਉਮੀਦਵਾਰ ਨਰੇਸ਼ ਕਟਾਰੀਆ ਨੇ ਅੱਜ ਐੱਸਡੀਐੱਮ ਦਫਤਰ ਜ਼ੀਰਾ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਭਾਜਪਾ ਦੇ ਮੁਕਤਸਰ ਤੋਂ ਉਮੀਦਵਾਰ ਰਜੇਸ਼ ਪਠੇਲਾ ਤੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਧਰਮਜੀਤ ਸਿੰਘ ਬੋਨੀ ਬੇਦੀ ਨੇ ਆਪਣੇ ਨਾਮਜ਼ਦਗੀ ਕਾਗਜ਼ ਰਿਟਰਨਿੰਗ ਅਫਸਰ ਸਵਰਨਜੀਤ ਕੌਰ ਕੋਲ ਦਾਖ਼ਲ ਕਰ ਦਿੱਤੇ ਹਨ|
ਜੈਤੋ (ਪੱਤਰ ਪ੍ਰੇਰਕ): ਹਲਕਾ ਜੈਤੋ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਕਾਮਰੇਡ ਦਰਸ਼ਨ ਸਿੰਘ ਢਿੱਲਵਾਂ ਨੇ ਅੱਜ ਐੱਸਡੀਐੱਮ ਜੈਤੋ ਡਾ. ਨਿਰਮਲ ਓਸਪੇਚਨ ਕੋਲ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ।
ਪੱਖੋਂ ਕੈਂਚੀਆਂ (ਪੱਤਰ ਪ੍ਰੇਰਕ): ਵਿਧਾਨ ਸਭਾ ਚੋਣਾਂ ਲਈ ਹਲਕਾ ਭਦੌੜ ਤੋਂ ‘ਆਪ’ ਉਮੀਦਵਾਰ ਲਾਭ ਸਿੰਘ ਉਗੋਕੇ ਨੇ ਤਪਾ ਵਿੱਚ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ।
ਫਾਜ਼ਿਲਕਾ (ਪੱਤਰ ਪ੍ਰੇਰਕ): ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਬੀਤਾ ਕਲੇਰ ਨੇ ਦੱਸਿਆ ਕਿ ਅੱਜਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ’ਚ 7 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਦਾਖ਼ਲ ਕੀਤੇ ਹਨ। ਹਲਕਾ 79 ਜਲਾਲਾਬਾਦ ਤੋਂ ਗੁਰਚਰਨ ਸਿੰਘ ਅਤੇ ਪਰਮਜੀਤ ਕੌਰ ਨੇ ਨਾਮਜ਼ਦਗੀ ਪਰਚੇ ਦਾਖ਼ਲ ਕੀਤੇ। ਹਲਕਾ 80 ਫਾਜ਼ਿਲਕਾ ਤੋਂ ਨਰਿੰਦਰ ਸਿੰਘ, ਨਰਿੰਦਰਪਾਲ ਸਿੰਘ ਅਤੇ ਕਰਮਜੀਤ ਸਿੰਘ ਨੇ ਨਾਮਜ਼ਦਗੀਆਂ ਭਰੀਆਂ। ਹਲਕਾ-81 ਅਬੋਹਰ ਤੋਂ ਕੁਲਦੀਪ ਕੁਮਾਰ ਅਤੇ ਪਰਮਜੀਤ ਨੇ ਨਾਮਜ਼ਦਗੀਆਂ ਭਰੀਆਂ ਹਨ।
ਮੋਗਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਦੇ 4 ਵਿਧਾਨ ਸਭਾ ਹਲਕਿਆਂ ਵਿੱਚ ਅੱਜ ਤੱਕ ਕੁੱਲ 13 ਉਮੀਦਵਾਰਾਂ ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ। ਹਲਕਾ ਮੋਗਾ ਤੋਂ ’ਆਪ’ ਉਮੀਦਵਾਰ ਅਮਨਦੀਪ ਕੌਰ ਅਰੋੜਾ ਨੇ ਸਕੂਟਰ ਦੀ ਸਵਾਰੀ ਕਰਕੇ ਅਤੇ ਬਲਕਰਨ ਸਿੰਘ ਭੁੱਲਰ ਨੇ ਸੀਪੀਆਈ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ। ਵਿਧਾਨ ਸਭਾ ਹਲਕਾ ਬਾਘਾਪੁਰਾਣਾ ਤੋਂ ਜਸਵਿੰਦਰ ਕੌਰ ਨੇ ਜੈ ਜਵਾਨ ਜੈ ਕਿਸਾਨ ਪਾਰਟੀ, ਹਲਕਾ ਨਿਹਾਲ ਸਿੰਘ ਵਾਲਾ ਤੋਂ ਭੁਪਿੰਦਰ ਸਿੰਘ ਸਾਹੋਕੇ ਨੇ ਇੰਡੀਅਨ ਨੈਸ਼ਨਲ ਕਾਂਗਰਸ, ਮਨਜੀਤ ਸਿੰਘ ਬਿਲਾਸਪੁਰ ਨੇ ‘ਆਪ’ ਅਤੇ ਬਲਦੇਵ ਸਿੰਘ ਮਾਣੂੰਕੇ ਨੇ ਸ਼ੋ੍ਮਣੀ ਅਕਾਲੀ ਦਲ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਧਰਮਕੋਟ ਤੋਂ ਦਵਿੰਦਰਜੀਤ ਸਿੰਘ ਨੇ ਆਪ ਅਤੇ ਜੁਗਰਾਜ ਸਿੰਘ ਨੇ ਡੈਮੋਕ੍ਰੇਟਿਕ ਭਾਰਤੀਯ ਸਮਾਜ ਪਾਰਟੀ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ।
ਲੰਬੀ (ਪੱਤਰ ਪ੍ਰੇਰਕ): ਹਲਕੇ ਲੰਬੀ ’ਚ ਅੱਜ ਚਾਰ ਉਮੀਦਵਾਰਾਂ ਨੇ ਰਿਟਰਨਿੰਗ ਅਫ਼ਸਰ-ਕਮ-ਏ.ਡੀ.ਸੀ. ਰਾਜਦੀਪ ਕੌਰ ਕੋਲ ਕਾਗਜ਼ ਦਾਖ਼ਲ ਕੀਤੇ ਜਿਨ੍ਹਾਂ ’ਚ ‘ਆਪ’ ਦੇ ਗੁਰਮੀਤ ਸਿੰਘ ਖੁੱਡੀਆਂ ਤੇ ਉਨ੍ਹਾਂ ਦੀ ਪਤਨੀ ਭੁਪਿੰਦਰ ਕੌਰ ਅਤੇ ਕਾਂਗਰਸ ਦੇ ਉਮੀਦਵਾਰ ਜਗਪਾਲ ਸਿੰਘ ਅਬੁੱਲਖੁਰਾਣਾ ਉਨ੍ਹਾਂ ਦੇ ਭਤੀਜੇ ਉਪਜੀਤ ਸਿੰਘ ਨੇ ਬਤੌਰ ਕਵਰਿੰਗ ਉਮੀਦਵਾਰ ਸ਼ਾਮਲ ਹਨ।