ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 22 ਜੁਲਾਈ
ਐਨਫੋਰਸਮੈਂਟ ਡਾਇਰੈਕਟਰੋਟ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਲਗਾਤਾਰ ਕੀਤੀ ਜਾ ਰਹੀ ਪੁੱਛ ਪੜਤਾਲ ਖ਼ਿਲਾਫ਼ ਅੱਜ ਬਠਿੰਡਾ ’ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਜੀਤਮੱਲ ਅਤੇ ਜੈ ਜੀਤ ਸਿੰਘ ਜੋਜੋ ਜੌਹਲ ਦੀ ਅਗਵਾਈ ਵਿੱਚ ਕਾਂਗਰਸ ਦਫ਼ਤਰ ਦੇ ਬਾਹਰ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਅਰੁਣ ਜੀਤਮੱਲ ਤੇ ਜੈ ਜੀਤ ਸਿੰਘ ਜੋਜੋ ਜੌਹਲ ਨੇ ਕਿਹਾ ਕਿ ਕੇਂਦਰ ਸਰਕਾਰ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਮਹਿੰਗਾਈ, ਬੇਰੁਜ਼ਗਾਰੀ ਅਤੇ ਨਫ਼ਰਤੀ ਹਿੰਸਾ ਵਰਗੇ ਵੱਡੇ ਮੁੱਦਿਆਂ ਤੇ ਆਮ ਲੋਕਾਂ ਦੀ ਆਵਾਜ਼ ਉਠਾਉਣ ਤੋਂ ਰੋਕਣ ਲਈ ਈਡੀ ਦੀ ਵਰਤੋਂ ਕਰਕੇ ਦਬਾਉਣਾ ਚਾਹੁੰਦੀ ਹੈ, ਪਰ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਲੜਦੀ ਰਹੇਗੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਅਤੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਕੇਕੇ ਅਗਰਵਾਲ ਨੇ ਕਿਹਾ ਕਿ ਅੱਜ ਦੇਸ਼ ਦੇ ਹਾਲਾਤ ਬਦਤਰ ਬਣ ਚੁੱਕੇ ਹਨ, ਜੇਕਰ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਕੋਈ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਈਡੀ ਦਾ ਡਰਾਵਾ ਦੇ ਕੇ ਚੁੱਪ ਕਰਾਇਆ ਜਾਂਦਾ ਹੈ।
ਫਾਜ਼ਿਲਕਾ (ਪਰਮਜੀਤ ਸਿੰਘ): ਜ਼ਿਲ੍ਹਾ ਫਾਜ਼ਿਲਕਾ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਫਾਜ਼ਿਲਕਾ ਦੇ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਮੌਕੇ ਫਾਜ਼ਿਲਕਾ ਦੇ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਦੁਬਾਉਣ ਲਈ ਭਾਜਪਾ ਅਤੇ ਈਡੀ ਅਜਿਹੀਆਂ ਚਾਲਾਂ ਚੱਲ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ
ਮਾਨਸਾ (ਪੱਤਰ ਪ੍ਰੇਰਕ): ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਅੱਜ ਇੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਜੁੜੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਅਜੀਤ ਇਦਰ ਸਿੰਘ ਮੋਫਰ ਨੇ ਕਿਹਾ ਕਿ ਨੈਸ਼ਨਲ ਹੈਰਾਲਡ ਮਾਮਲੇ ਵਿਚ ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਤੋਂ ਬੇਲੋੜੀ ਦੀ ਪੁੱਛ ਪੜਤਾਲ ਕਰਕੇ ਕਾਂਗਰਸ ਪਾਰਟੀ ਤੇ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੋਦੀ ਸਰਕਾਰ ’ਤੇ ਦੋਸ਼ ਲਾਉਂਦੇ ਕਿਹਾ ਕਿ ਕੇਂਦਰ ਸਰਕਾਰ ਮੁੱਖ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੇ ਲਈ ਈਡੀ ਅਤੇ ਸੀਬੀਆਈ ਵਰਗੀਆਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।