ਪੱਤਰ ਪ੍ਰੇਰਕ
ਬਠਿੰਡਾ, 31 ਅਕਤੂਬਰ
ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਦੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਨਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਖੇਤੀ ਟੈਕਨੋਕ੍ਰੇਟਸ ਦੀ ਸਾਂਝੀ ਜਥੇਬੰਦੀ, ਐਗਰੀਕਲਚਰ ਟੈਕਨੋਕ੍ਰੇਟਸ ਐਕਸ਼ਨ ਕਮੇਟੀ ਨੇ ਪੰਜਾਬ ਸਰਕਾਰ ਦੇ ਇਸ ਕਦਮ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਰੋਸ ਵਜੋਂ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਐਗਟੇਕ ਦੇ ਇਸ ਰੋਸ ਧਰਨੇ ਵਿੱਚ ਖੇਤੀਬਾੜੀ ਵਿਭਾਗ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਡਾ. ਜਗਦੀਸ਼ ਸਿੰਘ ਏਉ, ਡਾ. ਜਸਕਰਨ ਸਿੰਘ, ਡਾ. ਧਰਮਪਾਲ, ਬਲਜਿੰਦਰ ਸਿੰਘ, ਅਸਮਾਨਪ੍ਰੀਤ ਸਿੰਘ, ਮਨਜਿੰਦਰ ਸਿੰਘ, ਸੁਖਦੀਪ ਸਿੰਘ ਨੇ ਸਰਕਾਰ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਸਟਾਫ ਵੱਲੋਂ ਦਿਨ-ਰਾਤ ਇੱਕ ਕਰਕੇ ਪੂਰੀ ਤਨਦੇਹੀ ਨਾਲ ਲੋਕ ਚੇਤਨਾ ਮੁਹਿੰਮ ਚਲਾਈ ਜਾ ਰਹੀ ਹੈ, ਪ੍ਰੰਤੂ ਸਰਕਾਰ ਸਰਕਾਰ ਨੇ ਵਿਭਾਗ 4 ਅਧਿਕਾਰੀਆਂ ਨੂੰ ਮੁਅੱਤਲ ਕਰ ਕੇ ਜੱਗੋਂ ਤੇਰ੍ਹਵੀਂ ਕੀਤੀ ਹੈ।
ਸੰਗਤ ਮੰਡੀ (ਪੱਤਰ ਪ੍ਰੇਰਕ): ਪਿਛਲੇ ਲਗਪਗ ਤਿੰਨ ਮਹੀਨਿਆਂ ਤੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਸਟਾਫ ਵੱਲੋਂ ਦਿਨ-ਰਾਤ ਇੱਕ ਕਰਕੇ ਤਨਦੇਹੀ ਨਾਲ ਲੋਕ ਚੇਤਨਾ ਮੁਹਿੰਮ ਚਲਾਈ ਜਾ ਰਹੀ ਹੈ, ਪ੍ਰੰਤੂ ਸਰਕਾਰ ਵੱਲੋਂ ਵਿਭਾਗ ਦੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਨਾਲ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਦਾ ਮਨੋਬਲ ਡਿੱਗਿਆ ਹੈ ਅਤੇ ਸਮੂਹ ਸਟਾਫ਼ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਖੇਤੀ ਪਸਾਰ ਸੇਵਾਵਾਂ ਦੇ ਪਿਛਲੇ ਸਮੇਂ ਦੌਰਾਨ ਵਧੇ ਰੋਲ ਕਾਰਨ ਹੀ ਕਿਸਾਨ ਝੋਨੇ ਦੀ ਪਰਾਲੀ ਨਾ ਸਾੜਨ ਲਈ ਮਾਨਸਿਕ ਤੌਰ ‘ਤੇ ਤਿਆਰ ਹੋ ਰਹੇ ਹਨ। ਜੇਕਰ ਫਿਰ ਵੀ ਕੁਝ ਕਿਸਾਨ ਆਪਣੇ ਖੇਤਾਂ ਵਿਚ ਅੱਗ ਲਾ ਰਹੇ ਹਨ ਤਾਂ ਉਸ ਲਈ ਸਰਕਾਰ ਵੱਲੋਂ ਅਪਣਾਏ ਜਾ ਰਹੇ ਦੂਹਰੇ ਮਾਪਦੰਡ ਜ਼ਿੰਮੇਵਾਰ ਹਨ। ਜਥੇਬੰਦੀ ਦੇ ਜਨਰਲ ਸਕੱਤਰ ਡਾ. ਸੁਖਬੀਰ ਸਿੰਘ ਸੰਧੂ ਨੇ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ।