ਪੱਤਰ ਪ੍ਰੇਰਕ
ਬਠਿੰਡਾ, 21 ਸਤੰਬਰ
ਜ਼ਿਲ੍ਹੇ ਵਿੱਚ ਸਕੂਲ ਨਾ ਜਾਣ ਵਾਲੇ ਅਤੇ ਸਕੂਲ ਛੱਡ ਚੁੱਕੇ ਬੱਚਿਆਂ ਬਾਰੇ ਵਿਸ਼ੇਸ਼ ਸਰਵੇਖਣ ਕਰਵਾ ਕੇ ਉਨ੍ਹਾਂ ਨੂੰ ਮੁੜ ਸਿੱਖਿਆ ਨਾਲ ਜੋੜਿਆ ਜਾਵੇਗਾ ਤਾਂ ਜੋ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਜ਼ਿਲ੍ਹਾ ਐਜੂਕੇਸ਼ਨ ਸੁਸਾਇਟੀ ਦੀ ਕੀਤੀ ਗਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਕੂਲ ਤੋਂ ਵਾਂਝੇ ਬੱਚਿਆਂ ਨੂੰ ਮੁੜ ਸਿੱਖਿਆ ਨਾਲ ਜੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਐਜੂਕੇਸ਼ਨ ਸੁਸਾਇਟੀ ਗਠਿਤ ਕੀਤੀ ਗਈ। ਇਸ ਕਮੇਟੀ ਵੱਲੋਂ ਇੰਟਰਨ ਭਰਤੀ ਕੀਤੇ ਗਏ ਹਨ ਜਿਨ੍ਹਾਂ ਵੱਲੋਂ ਸਕੂਲ ਨਾ ਜਾਣ ਵਾਲੇ ਤੇ ਸਕੂਲ ਛੱਡ ਚੁੱਕੇ ਬੱਚਿਆਂ ਨੂੰ ਦੁਬਾਰਾ ਸਿੱਖਿਆ ਨਾਲ ਜੋੜਨ ਲਈ ਸ਼ਹਿਰ ਦੇ ਸਾਰੇ ਖੇਤਰਾਂ ਦਾ ਸਰਵੇਖਣ ਕੀਤਾ ਜਾਵੇਗਾ ਅਤੇ ਸਰਵੇਖਣ ਦੌਰਾਨ ਸ਼ਹਿਰ ਦੀਆਂ ਪ੍ਰਮੁੱਖ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਲਿਆ ਜਾਵੇਗਾ। ਡੀਸੀ ਨੇ ਦੱਸਿਆ ਕਿ ਸਰਵੇਖਣ ਲਈ ਜ਼ਿਲ੍ਹਾ ਐਜੂਕੇਸ਼ਨ ਸੁਸਾਇਟੀ ਵੰਲੋਂ ਇੱਕ ਸਪੈਸ਼ਲ ਐਪ ਤਿਆਰ ਕੀਤੀ ਗਈ ਹੈ। ਸਮੂਹ ਇੰਨਰਨੀਜ਼ ਵੱਲੋਂ ਸ਼ਹਿਰ ਵਿੱਚ ਝੁੱਗੀ-ਝੋਂਪੜੀਆਂ ਵਿੱਚ ਰਹਿ ਰਹੇ ਬੱਚਿਆਂ ਦੀ ਰਜਿਸਟਰੇਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਪੜ੍ਹਾਉਣ ਲਈ ਸ਼ਾਮ ਸਮੇਂ ਵਿਸ਼ੇਸ਼ ਕਲਾਸਾਂ ਲਗਾਈਆਂ ਜਾਣਗੀਆਂ ਅਤੇ ਬੱਚਿਆਂ ਨੂੰ ਮਿੱਡ-ਡੇਅ ਮੀਲ ਦੀ ਤਰਜ਼ ਤੇ ਸ਼ਾਮ ਦਾ ਖਾਣਾ ਮੁਹੱਈਆ ਕਰਵਾਇਆ ਜਾਵੇ।