ਪੱਤਰ ਪੇ੍ਰਕ
ਬਠਿੰਡਾ, 24 ਨਵੰਬਰ
ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜਿਜ਼ ਟੀਚਰਜ਼ ਆਰਗੇਨਾਈਜ਼ੇਸ਼ਨ ਦੇ ਸੱਦੇ ’ਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੇ ਬੈਨਰ ਥੱਲੇ ਬਠਿੰਡਾ ਸਥਿਤ ਖੇਤਰੀ ਖੋਜ ਕੇਂਦਰ, ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਦੇ ਸਮੁੱਚੇ ਵਿਗਿਆਨੀਆਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ। ਇਹ ਧਰਨਾ ਪੰਜਾਬ ਸਰਕਾਰ ਵਲੋਂ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਅਧਿਆਪਕ ਵਰਗ ਲਈ ਤਨਖਾਹ ਸਕੇਲ ਯੂਜੀਸੀ ਤਨਖਾਹ ਸਕੇਲਾਂ ਤੋਂ ਡੀ-ਲਿੰਕ ਕਰਨ, ਨਵੀਂ ਪੈਨਸ਼ਨ ਸਕੀਮ ਅਤੇ ਨਵੇਂ ਭਰਤੀ ਹੋਏ ਵਿਗਿਆਨੀਆਂ ਨੂੰ ਪਿਛਲੇ ਇੱਕ ਸਾਲ ਤੋਂ ਤਨਖਾਹ ਦੇਣ ਵਿੱਚ ਕੀਤੀ ਜਾ ਰਹੀ ਟਾਲ-ਮਟੋਲ ਦੇ ਖਿਲਾਫ ਦਿੱਤਾ ਗਿਆ।
ਇਸ ਧਰਨੇ ਨੂੰ ਸੰਬੋਧਨ ਕਰਦਿਆਂ ਡਾ. ਅਵਤਾਰ ਸਿੰਘ, ਪ੍ਰਮੁੱਖ ਵਿਗਿਆਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਤੈਅ ਕੀਤਾ ਗਿਆ ਯੂ.ਜੀ.ਸੀ ਪੇਅ ਸਕੇਲਾਂ ਤੋਂ ਵੱਖਰਾ ਤਨਖਾਹ ਸਕੇਲ, ਜੋ ਕਿ ਦੁੂਜੇ ਰਾਜਾਂ ਦੇ ਮੁਕਾਬਲੇ ਬਹੁਤ ਹੀ ਘੱਟ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੰਜਾਬ ਤੋਂ ਬਾਹਰ ਹੋਰ ਉਚੇਰੀਆਂ ਪਦਵੀਆਂ ਉੱਪਰ ਭਰਤੀ ਲਈ ਪੰਜਾਬ ਦੇ ਇਨ੍ਹਾਂ ਅਧਿਆਪਕਾਂ ਦੀ ਉਮੀਦਵਾਰੀ ਨੂੰ ਵੀ ਕਮਜ਼ੋਰ ਕਰੇਗਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਹ ਫੈਸਲਾ ਵਾਪਸ ਲਵੇ ਅਤੇ ਸੱਤਵੇਂ ਯੂਜੀਸੀ ਪੇਅ ਸਕੇਲ ਤੁਰੰਤ ਲਾਗੂ ਕਰੇ।