ਪੱਤਰ ਪ੍ਰੇਰਕ
ਬਠਿੰਡਾ, 19 ਅਕਤੂਬਰ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨਾਲ ਮਿਲ ਕੇ ਕੰਮ ਕਰ ਰਹੀ ਪ੍ਰੋਗਰੈਸਿਵ ਬੀ-ਕੀਪਰਜ਼ ਐਸੋਸੀਏਸ਼ਨ ਪੰਜਾਬ ਨੇ ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਵੀਰ ਸਿੰਘ ਗੋਸਲ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਹਟਾਉਣ ਦੇ ਹੁਕਮਾਂ ਦਾ ਨੋਟਿਸ ਲਿਆ ਹੈ। ਇਸ ਸਬੰਧੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਤਿੰਦਰ ਸਿੰਘ ਸੋਹੀ ਤੇ ਜਨਰਲ ਸਕੱਤਰ ਜਗਤਾਰ ਸਿੰਘ ਬਠਿੰਡਾ ਨੇ ਕਿਹਾ ਕਿ ਪਿਛਲੇ ਕਾਫ਼ੀ ਸਮਾਂ ਚਾਂਸਲਰ ਦੀ ਨਿਯੁਕਤੀ ਲਈ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਡਾ. ਗੋਸਲ ਦੀ ਨਿਯੁਕਤੀ ਨਾਲ ਇੱਕ ਆਸ ਦੀ ਕਿਰਨ ਜਾਗੀ ਸੀ, ਪਰ ਰਾਜਪਾਲ ਪੰਜਾਬ ਦੇ ਫ਼ੈਸਲੇ ਨੇ ਕਿਸਾਨਾਂ ਨੂੰ ਫਿਰ ਨਿਰਾਸ਼ ਕਰ ਦਿੱਤਾ ਹੈ, ਜਦਕਿ ਡਾ. ਗੋਸਲ ਕਿਸਾਨਾਂ ਦੀ ਬਿਹਤਰੀ ਲਈ ਹਮੇਸ਼ਾਂ ਯਤਨਸ਼ੀਲ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਡਾ. ਗੋਸਲ ਦੀ ਨਿਯੁਕਤੀ ਯੂਨੀਵਰਸਿਟੀ ਲੁਧਿਆਣਾ ਦੇ ਅਧਿਕਾਰਤ ਬੋਰਡ ਵੱਲੋਂ ਕੀਤੀ ਗਈ ਹੈ। ਇਸ ਲਈ ਰਾਜਪਾਲ ਨੂੰ ਆਪਣੇ ਫ਼ੈਸਲੇ ’ਤੇ ਮੁੜ ਵਿਚਾਰ ਕਰਦੇ ਹੋਏ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਵੱਡਾ ਦਿਲ ਦਿਖਾਉਣਾ ਚਾਹੀਦਾ ਹੈ। ਐਸੋਸੀਏਸ਼ਨ ਦੇ ਆਗੂਆਂ ਨੇ ਗਵਰਨਰ ਨੂੰ ਅਪੀਲ ਕੀਤੀ ਕਿ ਡਾ. ਗੋਸਲ ਦੀਆਂ ਸੇਵਾਵਾਂ ਨਿਰਵਿਘਨ ਜਾਰੀ ਰੱਖੀਆਂ ਜਾਣ।