ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 16 ਜੁਲਾਈ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅੱਜ ਕਾਂਗਰਸੀ ਕੌਂਸਲਰਾਂ ਅਤੇ ਪੁਲੀਸ ਅਧਿਕਾਰੀਆਂ ਦੀ ਅਹਿਮ ਮੀਟਿੰਗ ਹੋਈ। ਵਿੱਤ ਮੰਤਰੀ ਨੇ ਪੁਲੀਸ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੁਣੇ ਹੋਏ ਲੋਕ ਨੁਮਾਇੰਦਿਆਂ ਦੀ ਗੱਲ ਸੁਣ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਆਧਾਰ ’ਤੇ ਹੱਲ ਕਰਨ। ਇਸੇ ਦੌਰਾਨ ਇਹ ਵੀ ਹਦਾਇਤ ਕੀਤੀ ਗਈ ਕਿ ਜਾਤੀ ਰੰਜਿਸ਼ ਦੀ ਰਾਜਨੀਤੀ ਨੂੰ ਪਾਸੇ ਛੱਡ ਕੇ ਸ਼ਹਿਰ ਅੰਦਰ ‘ਰਾਮ ਰਾਜ’ ਲਿਆਉਣ ਲਈ ਪੁਲੀਸ ਪ੍ਰਸ਼ਾਸਨ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਵੇ।
ਵਿੱਤ ਮੰਤਰੀ ਨੇ ਪੁਲੀਸ ਅਫ਼ਸਰਾਂ ਨੂੰ ਕਿਹਾ ਕਿ ਸ਼ਹਿਰ ਅੰਦਰ ਅਮਨ-ਕਾਨੂੰਨ ਦੇ ਦਾਇਰੇ ’ਚ ਰਹਿੰਦਿਆਂ ਅਜਿਹੇ ‘ਰਾਮ ਰਾਜ’ ਦੀ ਸਿਰਜਣਾ ਹੋਵੇ ਕਿ ਹਰੇਕ ਸ਼ਹਿਰੀ ਖੁਦ ਨੂੰ ਸੁਰੱਖਿਅਤ ਮਹਿਸੂਸ ਕਰੇ.। ਉਨ੍ਹਾਂ ਕਿਹਾ ਕਿ ਹਰ ਇੱਕ ਕੰਮ ਨੂੰ ਕਾਨੂੰਨ ਦੇ ਦਾਇਰੇ ਅੰਦਰ ਰਹਿ ਕੇ ਹੀ ਕੀਤੇ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੱਚ ਨੂੰ ਸੱਚ ਅਤੇ ਝੂਠ ਨੂੰ ਝੂਠ ਕਹਿਣ ਨਾਲ ਸੱਚੀ ਤਸਵੀਰ ਬਣਦੀ ਹੈ।
ਮੀਟਿੰਗ ਵਿੱਚ ਨਗਰ ਨਿਗਮ ਦੀ ਮੇਅਰ ਬੀਬੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ , ਡਿਪਟੀ ਮੇਅਰ ਹਰਮੰਦਰ ਸਿੰਘ ਸਿੱਧੂ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਕੇਕੇ ਅਗਰਵਾਲ, ਜੈਜੀਤ ਜੌਹਲ, ਅਰੁਣ ਵਧਾਵਨ, ਐੱਸਪੀ ਜਸਪਾਲ ਸਿੰਘ, ਡੀਐੱਸਪੀ ਗੁਰਜੀਤ ਸਿੰਘ ਰੋਮਾਣਾ, ਮੈਂਬਰ ਫਾਇਨਾਂਸ ਕਮੇਟੀ ਪ੍ਰਵੀਨ ਗਰਗ, ਬਲਜਿੰਦਰ ਠੇਕੇਦਾਰ, ਸੰਦੀਪ ਗੋਇਲ, ਰਾਜਨ ਗਰਗ, ਪਵਨ ਮਾਨੀ ਅਤੇ ਸਮੂਹ ਕੌਂਸਲਰ ਮੌਜੂਦ ਸਨ।