ਪੱਤਰ ਪ੍ਰੇਰਕ
ਬਠਿੰਡਾ, 11 ਮਈ
ਭਾਰੀ ਗਿਣਤੀ ਵਿੱਚ ਬੇਜ਼ਮੀਨੇ-ਸਾਧਨਹੀਣ ਪੇਂਡੂ ਕਿਰਤੀਆਂ ਅਤੇ ਇਸਤਰੀਆਂ ਨੇ ਅੱਜ ਇਥੇ ਮਿੰਨੀ ਸਕੱਤਰੇਤ ਦੀ ਇਮਾਰਤ ਸਾਹਮਣੇ ਪੰਜਾਬ ਸਰਕਾਰ ਅਤੇ ਅਫਸਰਸ਼ਾਹੀ ਦਾ ਜ਼ੋਰਦਾਰ ਪਿੱਟ ਸਿਆਪਾ ਕੀਤਾ। ਕਹਿਰਾਂ ਦੀ ਗਰਮੀ ਵਿੱਚ ਸੂਬਾ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਪੁੱਜੇ ਇਹ ਗਰੀਬ ਲੋਕ ਪੇਂਡੂ ਕਿਰਤੀਆਂ, ਜਿਨ੍ਹਾਂ ਦੀ ਭਾਰੀ ਗਿਣਤੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਹੈ, ਨੂੰ ਨਰਮਾ-ਕਪਾਹ ਦੀ ਫਸਲ ਦੇ ਖਰਾਬੇ ਦੇ ਮੁਆਵਜ਼ੇ ਤੋਂ ਵਾਂਝੇ ਰੱਖਣ ਵਿਰੁੱਧ ਉਹ ਡਾਢੇ ਗੁੱਸੇ ਦਾ ਪ੍ਰਗਟਾਵਾ ਕਰ ਰਹੇ ਸਨ। ਪ੍ਰਦਰਸ਼ਨਕਾਰੀ ਇਸ ਗੱਲੋਂ ਵੀ ਖਫਾ ਸਨ ਕਿ ਮੁਆਵਜ਼ੇ ਲਈ ਭੌਂ ਮਾਲਕ ਕਿਸਾਨਾਂ ਵੱਲੋਂ ਪੁਸ਼ਟੀ ਕੀਤੇ ਜਾਣ ਦੀ ਬੇਲੋੜੀ ਸ਼ਰਤ ਲਾਈ ਜਾ ਰਹੀ ਹੈ।
ਅੱਜ ਦੇ ਰੋਸ ਵਿਖਾਵੇ ਦਾ ਸੱਦਾ ਦਿਹਾਤੀ ਮਜ਼ਦੂਰ ਸਭਾ ਅਤੇ ਜਨਵਾਦੀ ਇਸਤਰੀ ਸਭਾ ਪੰਜਾਬ ਦੀਆਂ ਬਠਿੰਡਾ ਜ਼ਿਲ੍ਹਾ ਕਮੇਟੀਆਂ ਵੱਲੋਂ ਦਿੱਤਾ ਗਿਆ ਸੀ। ਇਸੇ ਦੌਰਾਨ ਪ੍ਰਦਰਸ਼ਨਕਾਰੀ ਮਜ਼ਦੂਰਾਂ ਅਤੇ ਬੀਬੀਆਂ ਦੀ ਅਗਵਾਈ ਕਰ ਰਹੇ ਆਗੂਆਂ ਦੀ ਡਿਪਟੀ ਕਮਿਸ਼ਨਰ ਅਤੇ ਐੱਸਡੀਐੱਮ ਬਠਿੰਡਾ ਨਾਲ ਹੋਈ ਮੀਟਿੰਗ ਵਿੱਚ ਜ਼ਿਲ੍ਹਾ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਹਫਤੇ ਦੇ ਅੰਦਰ-ਅੰਦਰ ਸਾਰੇ ਮਜ਼ਦੂਰ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਵੰਡ ਦਿੱਤੀ ਜਾਵੇਗੀ।
ਮੀਟਿੰਗ ਉਪਰੰਤ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਮਿੱਠੂ ਸਿੰਘ ਘੁੱਦਾ, ਪ੍ਰਕਾਸ਼ ਸਿੰਘ ਨੰਦਗੜ੍ਹ ਅਤੇ ਬੀਬੀ ਦਰਸ਼ਨਾ ਜੋਸ਼ੀ ਨੇ ਐਲਾਨ ਕੀਤਾ ਕਿ ਜੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਵਾਅਦਾ ਵਫਾ ਨਾ ਹੋਇਆ ਤਾਂ ਹੋਰ ਤਿੱਖਾ ਸੰਘਰਸ਼ ਛੇੜਿਆ ਜਾਵੇਗਾ। ਭਰਾਤਰੀ ਜੱਥੇਬੰਦੀ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਗੁਰਪ੍ਰੀਤ ਸਿੰਘ ਬੱਬਾ ਨੇ ਵੀ ਹੱਕੀ ਕਿਰਤੀ ਘੋਲ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।
ਮਰਨ ਵਰਤ ’ਤੇ ਬੈਠੇ ਕਿਸਾਨ
ਅਬੋਹਰ (ਪੱਤਰ ਪ੍ਰੇਰਕ) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਮੈਂਬਰਾਂ ਵੱਲੋਂ ਪਿਛਲੇ ਦਸ ਦਿਨਾਂ ਤੋਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਬਰਸਾਤ ਕਾਰਨ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਦੀ ਮੰਗ ਹੈ ਕਿ 2020 ਅਬੋਹਰ ਅਤੇ ਬੱਲੂਆਣਾ ਹਲਕੇ ਵਿੱਚ ਮੀਂਹ ਕਾਰਨ ਖਰਾਬ ਹੋਈ ਫਸਲ ਦਾ ਮੁਆਵਜ਼ਾ ਦਿੱਤਾ ਜਾਵੇ। ਅੱਜ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਲਖਵਿੰਦਰ ਸਿੰਘ ਅਤੇ ਇਕਾਈ ਪ੍ਰਧਾਨ ਸਰਦੂਲ ਸਿੰਘ ਮਰਨ ਵਰਤ ’ਤੇ ਬੈਠ ਗਏ। ਯੂਨੀਅਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਖਰਾਬ ਹੋਈ ਫਸਲ ਦੀ ਮੁਆਵਜ਼ਾ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਨਹੀਂ ਪਹੁੰਚਦੀ ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।