ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 4 ਅਗਸਤ
ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰਕੌਮ ਜ਼ੋਨ ਬਠਿੰਡਾ ਵੱਲੋਂ ਠੇਕਾ ਮੋਰਚੇ ਦੇ ਸੱਦੇ ’ਤੇ ‘ਪੱਕੇ ਰੁਜ਼ਗਾਰ ਦੀ ਮੰਗ’ ਤਹਿਤ ਨੂੰ ਦੋ ਦਿਨਾ ਸਮੂਹਿਕ ਛੁੱਟੀ ਤਹਿਤ ਅੱਜ ਦੂਜੇ ਦਿਨ ਵਿਭਾਗ ਦੇ ਕੰਮਾਂ ਦਾ ਮੁਕੰਮਲ ਬਾਈਕਾਟ ਕਰਕੇ ਦਫ਼ਤਰਾਂ ਅੱਗੇ ਧਰਨੇ ਲਾਉਣ ਸਮੇਤ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ। ਕਮੇਟੀ ਦੇ ਜ਼ੋਨ ਪ੍ਰਧਾਨ ਗੁਰਵਿੰਦਰ ਪੰਨੂ, ਹਰਜਿੰਦਰ ਬਰਾੜ, ਜਗਜੀਤ ਸਿੰਘ ਤੇ ਇਕਬਾਲ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਹਰ ਤਰ੍ਹਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਹੁਣ ਵਾਅਦਿਓਂ ਭੱਜ ਰਹੀ ਹੈ।
ਭੀਖੀ (ਪੱਤਰ ਪ੍ਰੇਰਕ): ਪਾਵਰਕੌਮ ਐਂਡ ਟ੍ਰਾਂਸਕੋ ਅਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਸਦਕਾ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸਬ ਡਿਵੀਜ਼ਨ ਭੀਖੀ ਦਫ਼ਤਰ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਹੋਰ ਲਟਕਦੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ।
ਜੈਤੋ (ਪੱਤਰ ਪ੍ਰੇਰਕ): ਠੇਕਾ ਆਧਾਰਿਤ ਬਿਜਲੀ ਕਾਮਿਆਂ ਵੱਲੋਂ ਅੱਜ ਦੂਜੇ ਦਿਨ ਵੀ ਆਪਣੇ ਕੰਮ ਦਾ ਬਾਈਕਾਟ ਕਰ ਕੇ ਰੋਸ ਵਿਖਾਵਾ ਕੀਤਾ ਗਿਆ। ਵਿਖਾਵਾਕਾਰੀਆਂ ਨੇ ਅੱਜ ਸ਼ਹਿਰ ਅੰਦਰ ਰੋਸ ਮਾਰਚ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਪਰਿਵਾਰਾਂ ਸਮੇਤ ਦੂਜੇ ਦਿਨ ਵੀ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ’ਤੇ ਜਾਮ ਲਗਾਇਆ।
ਬੋਹਾ (ਪੱਤਰ ਪ੍ਰੇਰਕ): ਬੋਹਾ ਖੇਤਰ ਦੇ ਠੇਕਾ ਮੁਲਾਜ਼ਮਾਂ ਦਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ।
ਦੋਦਾ (ਪੱਤਰ ਪ੍ਰੇਰਕ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਠੇਕੇ ਉਤੇ ਕੰਮ ਕਰਦੇ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਬਿਜਲੀ ਦਫਤਰ ਦੋਦਾ ਅੱਗੇ ਰੋਸ ਪ੍ਰਦਰਸ਼ਨ ਕੀਤਾ।
ਠੇਕਾ ਮੁਲਾਜ਼ਮਾਂ ਵੱਲੋਂ ਦੂਜੇ ਦਿਨ ਵੀ ਕੰਮ ਠੱਪ
ਮਾਨਸਾ (ਪੱਤਰ ਪ੍ਰੇਰਕ): ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਮਾਨਸਾ ਨੇ ਸਮੂਹ ਵਿਭਾਗਾਂ ਦੇ ਠੇਕਾ ਕਾਮਿਆਂ ਨੂੰ ਵਿਭਾਗ ’ਚ ਰੈਗੂਲਰ ਕਰਨ, ਛਾਂਟੀ ਕੀਤੇ ਕਾਮੇ ਮੁੜ ਬਹਾਲ ਕਰਨ, ਤਨਖਾਹਾਂ ਵਿੱਚ ਕਟੌਤੀ ਕੀਤੀ ਵਾਪਸ ਕਰਨ ਸਬੰਧੀ ਅੱਜ ਦੂਸਰੇ ਦਿਨ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੀਆਂ ਗ਼ਲਤ ਨੀਤੀਆਂ ਕਾਰਨ ਠੇਕਾ ਕਾਮਿਆਂ ਨੂੰ ਭਰਤੀ ਕਰ ਉਨ੍ਹਾਂ ਦਾ ਸ਼ੋਸ਼ਣ ਕਰ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਠੇਕਾ ਕਾਮਿਆਂ ਨੂੰ ਵਿਭਾਗ ਅਧੀਨ ਲੈਕੇ ਰੈਗੂਲਰ ਕੀਤਾ ਜਾਵੇ।