ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 15 ਦਸੰਬਰ
ਨਰਸਿੰਗ ਐਸੋਸੀਏਸ਼ਨ ਤੇ ਐੱਨਐੱਚਐੱਮ ਐਂਪਲਾਈਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਸਬੰਧੀ ਅੱਜ ਇੱਥੇ ਰੋਸ ਮਾਰਚ ਕੀਤਾ ਗਿਆ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਕੌਰ ਨੇ ਦੱਸਿਆ ਕਿ ਨਰਸਿੰਗ ਕੇਡਰ ਆਪਣੀਆਂ ਮੰਗਾਂ ਸਬੰਧੀ ਲਗਾਤਾਰ ਸੰਘਰਸ਼ ਦੇ ਰਾਹ ’ਤੇ ਹੈ ਅਤੇ ਜਥੇਬੰਦੀ ਇਹ ਮਹਿਸੂਸ ਕਰਦੀ ਹੈ ਕਿ ਸਰਕਾਰ ਵਿਰੁੱਧ ਜੋ ਹੋਰ ਵੀ ਮੁਲਾਜ਼ਮ ਤਬਕਾ ਸੰਘਰਸ਼ ਕਰ ਰਿਹਾ ਹੈ, ਸਾਰਿਆਂ ਨੂੰ ਮਿਲ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਸਿਹਤ ਮੰਤਰੀ ਓਪੀ ਸੋਨੀ ਨਾਲ ਹੋਈ ਮੀਟਿੰਗ ਕਿਸੇ ਨਤੀਜੇ ’ਤੇ ਨਹੀਂ ਪਹੁੰਚੀ, ਜਿਸ ਦੇ ਰੋਸ ਵਜੋਂ ਅੱਜ ਰੋਸ ਮਾਰਚ ਕੀਤਾ ਗਿਆ। ਮਾਰਚ ’ਚ ਸ਼ਾਮਲ ਐੱਨਐੱਚਐੱਮ ਕਾਮਿਆਂ ਦੇ ਆਗੂ ਨਰਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਏ ਦਿਨ ਨਵੇਂ ਐਲਾਨ ਕੀਤੇ ਜਾਂਦੇ ਹਨ ਪਰ ਮਸਲਾ ਕਿਸੇ ਵਰਗ ਦਾ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਿਹਤ ਕਾਮਿਆਂ ਵੱਲੋਂ ਕਰੋਨਾ ਕਾਲ ਵਿੱਚ ਨਿਭਾਈ ਭੂਮਿਕਾ ਨੂੰ ਸਰਕਾਰ ਵੱਲੋਂ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ ਅਤੇ ਜੇ ਸਰਕਾਰ ਅੱਗੇ ਵੀ ਇਸੇ ਤਰ੍ਹਾਂ ਦਾ ਵਤੀਰਾ ਜਾਰੀ ਰੱਖਦੀ ਹੈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।