ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 8 ਮਾਰਚ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਚੰਡੀਗੜ੍ਹ ਦੇ ਹੱਲੋਮਾਜਰਾ ਇਲਾਕੇ ਵਿੱਚ 6 ਸਾਲਾਂ ਦੀ ਮਾਸੂਮ ਬੱਚੀ ਨਾਲ਼ ਜਬਰ ਜਨਾਹ ਕਰਕੇ ਕਤਲ ਕਰਨ ਦੀ ਘਟਨਾ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਪ੍ਰਦਰਸ਼ਨ ਕਰਨ ਵਾਲੇ ਨੌਜਵਾਨ ਭਾਰਤ ਸਭਾ ਦੇ ਕਾਰਕੁਨ ਵੈਭਵ ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਦੇ ਸੂਬਾ ਕਮੇਟੀ ਮੈਂਬਰ ਅਮਨਦੀਪ ਨੂੰ ਚੰਡੀਗੜ੍ਹ ਪੁਲੀਸ ਵੱਲੋਂ ਗ੍ਰਿਫ਼ਤਾਰ ਕਰਨ ਵਿਰੁੱਧ ਅੱਜ ਇਥੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੀਐੱਸਯੂ ਆਗੂ ਰਜਿੰਦਰ ਢਿੱਲਵਾਂ ਨੇ ਕਿਹਾ ਕਿ ਮਾਸੂਮ ਨਾਲ ਵਾਪਰੀ ਘਟਨਾ ਲਈ ਚੰਡੀਗੜ੍ਹ ਪੁਲੀਸ ਵੱਲੋਂ ਵਰਤੀ ਗਈ ਕਥਿਤ ਅਣਗਹਿਲੀ ਦੋਸ਼ੀ ਹੈ। ਉਨ੍ਹਾਂ ਅਨੁਸਾਰ ਬੱਚੀ ਦੇ ਲਾਪਤਾ ਹੋਣ ’ਤੇ ਹੀ ਮਾਪਿਆਂ ਵੱਲੋਂ ਚੰਡੀਗੜ੍ਹ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਤੋਂ ਕੁਝ ਘੰਟੇ ਬਾਅਦ ਹੀ ਲੜਕੀ ਦੀ ਲਾਸ਼ ਬਰਾਮਦ ਹੋ ਗਈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਪੁਲੀਸ ਨੇ ਜਦੋਂ ਦੋਸ਼ੀਆਂ ’ਤੇ ਵੀ ਕਾਰਵਾਈ ਨਾ ਕੀਤੀ ਤਾਂ ਮਾਪਿਆਂ ਨੇ ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਦੀ ਮਦਦ ਨਾਲ ਧਰਨਾ ਲਾਇਆ। ਧਰਨੇ ਦੌਰਾਨ ਚੰਡੀਗੜ੍ਹ ਪੁਲੀਸ ਨੇ ਲਾਠੀਚਾਰਜ ਕੀਤਾ ਅਤੇ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ। ਵਿਦਿਆਰਥਣ ਵੀਰਪਾਲ ਕੌਰ ਵਿਰਕ ਨੇ ਮੰਗ ਕੀਤੀ ਕਿ ਬਲਾਤਕਾਰੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਗਿ੍ਫਤਾਰ ਆਗੂ ਬਿਨਾਂ ਸ਼ਰਤ ਰਿਹਾਅ ਕੀਤੇ ਜਾਣ।