ਪੱਤਰ ਪ੍ਰੇਰਕ
ਬਠਿੰਡਾ, 28 ਜੁਲਾਈ
ਅੱਜ ਬਠਿੰਡਾ ਨਗਰ ਨਿਗਮ ਦੇ ਗੇਟ ਅੱਗੇ ਆਊਟਸੋਰਸਿੰਗ ਸਫਾਈ ਕਰਮਚਾਰੀਆਂ ਵਲੋਂ ਨਿਗਮ ਦਫ਼ਤਰ ਵਲੋਂ ਕੀਤੇ ਜਾ ਰਹੇ ਸ਼ੋਸ਼ਣ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਮੁੱਦਾ ਉਠਾਉਂਦੇ ਹੋਏ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ। ਧਰਨੇ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵਿਕਰਮ ਕੁਮਾਰ ਵਿੱਕੀ ਨੇ ਦੋਸ਼ ਲਾਏ ਕਿ ਨਗਰ ਨਿਗਮ ਵੱਲੋਂ ਆਊਟਸੋਰਸ ਵਿਧੀ ਰਾਹੀਂ ਭਰਤੀ ਕੀਤੇ ਕਾਮਿਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਜਿਸ ਕਰਕੇ ਉਹ ਧਰਨੇ ’ਤੇ ਬੈਠਣ ਲਈ ਮਜਬੂਰ ਹਨ। ਉਨ੍ਹਾਂ ਮੰਗ ਕੀਤੀ ਕਿ ਬਠਿੰਡਾ ਕਾਰਪੋਰੇਸ਼ਨ ਵਿਚ ਆਊਟਸੋਰਸਿੰਗ ਪ੍ਰਣਾਲੀ ਖਤਮ ਕਰਕੇ ਰੈਗੂਲਰ ਭਰਤੀ ਕੀਤੀ ਜਾਵੇ ਅਤੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਮੁਲਾਜ਼ਮਾਂ ਨੂੰ ਵੀਹ ਲੱਖ ਰੁਪਏ ਗਰੈਚੁਟੀ ਦਿੱਤੀ ਜਾਵੇ।
ਅਬੋਹਰ (ਪੱਤਰ ਪ੍ਰੇਰਕ): ਅਬੋਹਰ ਦੀ ਸਫ਼ਾਈ ਸੇਵਕ ਯੂਨੀਅਨ ਵੱਲੋਂ ਆਪਣੀਆਂ 20 ਨੁਕਾਤੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਸਫ਼ਾਈ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਧਾਨ ਅਸ਼ਵਨੀ ਟਾਂਕ, ਸੁਰੇਸ਼ ਕੁਮਾਰ, ਮੁਰਾਰੀ ਲਾਲ ਨੇ ਦੱਸਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਫ਼ਾਈ ਸੇਵਕਾਂ ਦੀ ਇੱਕ ਵੀ ਮੰਗ ਪੂਰੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਬਣਦਿਆਂ ਹੀ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ।
ਮਾਨਸਾ (ਪੱਤਰ ਪ੍ਰੇਰਕ): ਸਫ਼ਾਈ ਸੇਵਕ ਯੂਨੀਅਨ ਮਾਨਸਾ ਵੱਲੋਂ ਅੱਜ ਇਥੇ ਪੰਜਾਬ ਦੇ ਮੁੱਖ ਮੰਤਰੀ ਦੀ ਅਰਥੀ ਫੂਕਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਜਥੇਬੰਦਕ ਆਗੂਆਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਟਾਲਿਆ ਜਾ ਰਿਹਾ ਹੈ ਅਤੇ ਹੁਣ ਉਨ੍ਹਾਂ ਵੱਲੋਂ 6 ਅਗਸਤ ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਵਿਖੇ ਧਰਨਾ ਲਾਇਆ ਜਾਵੇਗਾ। ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਦੀਆਂ ਮੰਗਾਂ ਵਿੱਚ ਆਊਟਸੋਰਸਿੰਗ ਕਰਮਚਾਰੀਆਂ ਨੂੰ ਮਹਿਕਮੇ ਦੇ ਅਧੀਨ ਕਰਨਾ, ਰਹਿੰਦਾ ਬਕਾਇਆ ਦੇਣਾ, ਬੰਦ ਕੀਤੀ ਵੈਟ ਰਾਸ਼ੀ ਦੁਬਾਰਾ ਤੋਂ ਸ਼ੁਰੂ ਕਰਨੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੰਗਾਂ ਲਈ ਉਹ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ, ਪਰ ਹਰ ਸਰਕਾਰ ਲਾਰਿਆਂ ਦੀ ਪੰਡ ਬੰਨ੍ਹਕੇ ਤੋਰ ਦਿੰਦੀ ਹੈ।ਇਸ ਮੌਕੇ ਵਿਨੋਦ ਕੁਮਾਰ,ਸੁਖਦੇਵ ਸਿੰਘ,ਮੁਕੇਸ਼ ਕੁਮਾਰ, ਸੰਜੀਵ ਕੁਮਾਰ ਨੇ ਵੀ ਸੰਬੋਧਨ ਕੀਤਾ।