ਸ਼ਗਨ ਕਟਾਰੀਆ
ਬਠਿੰਡਾ, 12 ਸਤੰਬਰ
ਇੱਥੇ ਅੱਜ ਸਿੱਖ ਸੰਗਤ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਵਿਰੁੱਧ ਰੋਸ ਮਾਰਚ ਕਰ ਕੇ ਮਿੰਨੀ ਸਕੱਤਰੇਤ ਅੱਗੇ ਧਰਨਾ ਦਿੱਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਪ੍ਰਦਰਸ਼ਨ ਦੇ ਇਸ ਸੱਦੇ ਤਹਿਤ ਜੁੜੇ ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਮਿਸ਼ਨਰ ਕੋਲੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਉਨ੍ਹਾਂ ਦੀ ਮੰਗ ਕੇਂਦਰ ਸਰਕਾਰ ਤੱਕ ਪਹੁੰਚਾਈ ਜਾਵੇ। ਜ਼ਿਲ੍ਹੇ ਦੇ ਵੱਖ-ਵੱਖ ਗੁਰਧਾਮਾਂ ਤੋਂ ਪਹੁੰਚੇ ਪ੍ਰਦਰਸ਼ਨਕਾਰੀਆਂ ਨੇ ਕਾਲੀਆਂ ਦਸਤਾਰਾਂ, ਕੋਲੇ ਚੋਲੇ ਪਹਿਨੇ ਹੋਏ ਸਨ ਅਤੇ ਬੀਬੀਆਂ ਨੇ ਕਾਲੀਆਂ ਚੁੰਨੀਆਂ ਲਈਆਂ ਹੋਈਆਂ ਸਨ। ਇਸ ਤੋਂ ਇਲਾਵਾ ਉਨ੍ਹਾਂ ਖੁਦ ਨੂੰ ਗੁਲਾਮ ਦਰਸਾਉਣ ਲਈ ਜ਼ੰਜ਼ੀਰਾਂ ਵਿੱਚ ਜਕੜਿਆ ਹੋਇਆ ਸੀ।
ਫ਼ਿਰੋਜ਼ਪੁਰ (ਸੰਜੀਵ ਹਾਂਡਾ): ਇੱਥੇ ਅੱਜ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਸ਼ੋਮਣੀ ਕਮੇਟੀ ਮੈਂਬਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਾਲੇ ਚੋਲੇ ਪਾ ਕੇ ਤੇ ਕਾਲੀਆਂ ਦਸਤਾਰਾਂ ਸਜਾ ਕੇ ਵਿਰੋਧ ਪ੍ਰਗਟ ਕੀਤਾ। ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਕਈ ਵਰ੍ਹੇ ਪਹਿਲਾਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਸਰਕਾਰ ਉਨ੍ਹਾਂ ਦੀ ਰਿਹਾਈ ਦੇ ਹੁਕਮ ਜਾਰੀ ਨਹੀਂ ਕਰ ਰਹੀ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਹੁਣ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਉਹ ਸੂਬਾ ਪੱਧਰ ’ਤੇ ਸੰਘਰਸ਼ ਤੇਜ਼ ਕਰਨਗੇ। ਪ੍ਰਦਰਸ਼ਨਕਾਰੀਆਂ ਨੇ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਇੱਥੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਕੋਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ, ਮੁਲਾਜ਼ਮਾਂ ਤੇ ਸਿੱਖ ਸੰਗਤ ਵੱਲੋਂ ਸ਼ਾਂਤਮਈ ਧਰਨਾ ਦਿੱਤਾ ਗਿਆ ਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਪ੍ਰਧਾਨ ਮੰਤਰੀ ਦੇ ਨਾਂ ਇਕ ਮੰਗ ਪੱਤਰ ਸੌਂਪ ਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਪਹਿਲਾਂ ਸਮੂਹ ਆਗੂ ਸ੍ਰੀ ਦਰਬਾਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿੱਚ ਇਕੱਠ ਹੋਏ। ਉਨ੍ਹਾਂ ਕਾਲੇ ਚੋਲੇ ਪਹਿਨ ਕੇ ਅਤੇ ਕਾਲੀਆਂ ਦਸਤਾਰਾਂ ਸਜਾ ਕੇ ਕੇਂਦਰ ਸਰਕਾਰ ਖਿਲਾਫ਼ ਰੋੋਸ ਮਾਾਰਚ ਕੀਤਾ। ਇਸ ਦੌਰਾਨ ਹਲਕਾ ਮੈਂਬਰ ਜਥੇਦਾਰ ਅਵਤਾਰ ਸਿੰਘ, ਜਥੇਦਾਰ ਨਵਤੇਜ ਸਿੰਘ ਕਾਉਣੀ, ਜਥੇਦਾਰ ਗੁਰਪਾਲ ਸਿੰਘ ਗੋਰਾ, ਜਥੇਦਾਰ ਸਰੂਪ ਸਿੰਘ ਆਦਿ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਪਰੋਕਤ ਮੰਗਾਂ ’ਤੇ ਵਿਚਾਰ ਨਾ ਕੀਤਾ ਤਾਂ ਸੰਘਰਸ਼ ਜਾਰੀ ਰਹੇਗਾ।
ਮਾਨਸਾ (ਜੋਗਿੰਦਰ ਸਿੰਘ ਮਾਨ): ਇੱਥੇ ਅੱਜ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸਮੂਹ ਸਿੱਖ ਧਾਰਮਿਕ ਜਥੇਬੰਦੀਆਂ ਵੱਲੋਂ ਕਾਲੇ ਚੋਲੇ ਪਾ ਕੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਤੇ ਜ਼ਿਲ੍ਹਾ ਕਚਹਿਰੀ ਵਿੱਚ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਐੱਸਜੀਪੀਸੀ ਦੇ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਗੁੜਥੜੀ ਨੇ ਕਿਹਾ ਕਿ ਸਮੂਹ ਸਿੱਖ ਧਾਰਮਿਕ ਜਥੇਬੰਦੀਆਂ ਦੀ ਮੰਗ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ। ਇਸ ਮੌਕੇ ਜਥੇਦਾਰ ਭਰਪੂਰ ਸਿੰਘ, ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਐੱਸਜੀਪੀਸੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਆਦਿ ਨੇ ਸੰਬੋਧਨ ਕੀਤਾ।
ਕਾਲਾਂਵਾਲੀ(ਭੁਪਿੰਦਰ ਪੰਨੀਵਾਲੀਆ): ਖੇਤਰ ਦੇ ਕਸਬਾ ਰੋੜੀ ਵਿੱਚ ਅੱਜ ਸਿੱਖਾਂ ਵੱਲੋਂ ਇਕੱਠੇ ਹੋ ਕੇ ਵੱਖ-ਵੱਖ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਕੀਤਾ। ਇਸ ਰੋਸ ਮਾਰਚ ’ਚ ਬਾਬਾ ਪ੍ਰੀਤਮ ਸਿੰਘ ਮਲੜੀ, ਬਾਬਾ ਕੁੰਦਨ ਸਿੰਘ, ਪ੍ਰਧਾਨ ਪ੍ਰਗਟ ਸਿੰਘ ਭੀਮਾ ਆਦਿ ਸਮੇਤ ਆਸ-ਪਾਸ ਦੇ ਪਿੰਡਾਂ ਦੇ ਵੱਡੀ ਗਿਣਤੀ ਲੋਕ ਸ਼ਾਮਲ ਸਨ|
ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ
ਬਰਨਾਲਾ (ਪਰਸ਼ੋਤਮ ਬੱਲੀ): ਇੱਥੇ ਅੱਜ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਰਾਗੀ ਸਿੰਘਾਂ ਤੇ ਸੇਵਾਦਾਰਾਂ/ਮੁਲਾਜ਼ਮਾਂ ਨੇ ਕਾਲੇ ਚੋਲੇ ਪਹਿਨ ਕੇ ਅਤੇ ਕਾਲੀਆਂ ਪੱਗਾਂ ਬੰਨ੍ਹ ਕੇ ਗੁਰਦੁਆਰਾ ਬਾਬਾ ਗਾਂਧਾ ਸਿੰਘ ਤੋਂ ਰੋਸ ਮਾਰਚ ਕੀਤਾ ਅਤੇ ਡਿਪਟੀ ਕਮਿਸ਼ਨਰ ਦਫਤਰ ਪੁੱਜ ਕੇ ਧਰਨਾ ਦਿੱਤਾ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਐੱਸਜੀਪੀਸੀ ਮੈਂਬਰ ਪਰਮਜੀਤ ਸਿੰਘ ਖਾਲਸਾ, ਸੰਤ ਟੇਕ ਸਿੰਘ ਧਨੌਲਾ, ਜਰਨੈਲ ਸਿੰਘ ਭੋਤਨਾ, ਮੈਨੇਜਰ ਲਖਵੀਰ ਸਿੰਘ, ਇਕਬਾਲ ਸਿੰਘ ਤੇ ਹਰਵਿੰਦਰ ਸਿੰਘ ਚੰਗਾਲ ਨੇ ਕਿਹਾ ਕਿ ਕੌਮ ਖਾਤਰ ਜੇਲ੍ਹਾਂ ਕੱਟ ਰਹੇ ਬੰਦੀ ਸਿੰਘਾਂ ਨੂੰ ਅਦਾਲਤਾਂ ਵੱਲੋਂ ਸੁਣਾਈਆਂ ਗਈਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਗੈਰਕਾਨੂੰਨੀ ਢੰਗ ਨਾਲ ਸਲਾਖਾਂ ਪਿੱਛੇ ਡੱਕਿਆ ਹੋਇਆ ਹੈ। ਇਹ ਬੰਦੀ ਸਿੰਘ ਪਿਛਲੇ ਢਾਈ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਅੰਦਰ ਹਨ। ਆਗੂਆਂ ਨੇ ਸੂਬਾ ਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਬੰਦੀ ਸਿੰਘਾਂ ਦੀ ਜਲਦੀ ਰਿਹਾਈ ਨਾ ਕੀਤੀ ਗਈ ਤਾਂ ਸੰਘਰਸ਼ ਚੰਡੀਗੜ੍ਹ ਤੇ ਦਿੱਲੀ ਦੀਆਂ ਬਰੂਹਾਂ ਤੱਕ ਪੁੱਜੇਗਾ। ਆਗੂਆਂ ਨੇ ਡਿਪਟੀ ਕਮਿਸ਼ਨਰ ਦੀ ਪ੍ਰਤੀਨਿਧ ਤਹਿਸੀਲਦਾਰ ਬਰਨਾਲਾ ਨੂੰ ਮੰਗ ਪੱਤਰ ਵੀ ਸੌਂਪਿਆ।