ਮਨੋਜ ਸ਼ਰਮਾ
ਬਠਿੰਡਾ 7 ਜੁਲਾਈ
ਪੰਜਾਬ ਰੋਡਵੇਜ਼, ਪਨਬੱਸ ਤੇ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਦੀ ਕਿਲੋਮੀਟਰ ਸਕੀਮ ਦਾ ਵਿਰੋਧ ਕਰਦਿਆਂ ਅੱਜ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ। ਯੂਨੀਅਨ ਦੇ ਸੁਬਾ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਮਨੇਸ, ਹਰਕੇਸ਼ ਵਿੱਕੀ ਤੇ ਸੂਬਾ ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਦੇ ਕੱਢੇ ਟੈਂਡਰ ਰੱਦ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਸਰਕਾਰ ਤੇ ਮੈਨੇਜਮੈਂਟ ਦਾ ਦੀਵਾਲਾ ਨਿੱਕਲ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ‘ਆਪ’ ਸਰਕਾਰ ਨੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸੀ ਕਿ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ ਅਤੇ ਜਿਹੜੇ ਨੌਜਵਾਨ ਵਿਦੇਸ਼ ਚਲੇ ਗਏ ਹਨ ਜਾਂ ਰਹੇ ਹਨ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ਪਰ ਅੱਜ ਸਰਕਾਰ ਪੀਆਰਟੀਸੀ ਵਿੱਚ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਪਾ ਕੇ ਨੌਜਵਾਨਾਂ ਨੂੰ ਬੇਰੁਜ਼ਗਾਰ ਕਰਨ ਦੇ ਰਾਹ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਲੋਮੀਟਰ ਸਕੀਮ ਤਹਿਤ ਸਰਕਾਰ ਬੱਸਾਂ ਪਾ ਕੇ ਕਾਰਪੋਰੇਟ ਘਰਾਣਿਆਂ ਨੂੰ ਤਰਜੀਹ ਦੇ ਰਹੀ ਹੈ । ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂ ਤੇ ਸੂਬਾ ਆਗੂ ਰਮਨਦੀਪ ਸਿੰਘ, ਰੋਹੀ ਰਾਮ, ਜਤਿੰਦਰ ਸਿੰਘ, ਹਰਪ੍ਰੀਤ ਸਿੰਘ ਸੋਢੀ, ਰਣਧੀਰ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਕਿੱਲੋਮੀਟਰ ਸਕੀਮ ਤਹਿਤ ਬੱਸਾਂ ਚਲਾਉਣ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਮੈਨੇਜਮੈਂਟ ਜਾਣਬੁੱਝ ਕੇ ਪ੍ਰਾਈਵੇਟ ਕਾਰਪੋਰੇਟ ਘਰਾਣਿਆਂ ਨੂੰ ਹੱਲਾਸ਼ੇਰੀ ਦੇ ਕੇ ਸਰਕਾਰ ਦੇ ਖਜਾਨੇ ਦੀ ਲੁੱਟ ਕਰਾ ਰਹੀ ਹੈ। ਇਸ ਮੌਕੇ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਜੇਕਰ ਸਰਕਾਰ ਜਾਂ ਮੈਨੇਜਮੈਂਟ ਨੇ ਕਿੱਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਰੱਦ ਨਾ ਕੀਤੇ ਤਾਂ ਮਜਬੂਰਨ ਜੱਥੇਬੰਦੀ ਵਲੋਂ ਸੰਘਰਸ ਉਲੀਕਿਆ ਜਾਵੇਗਾ।