ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਬਣਾਉਣ ਲਈ ਯਤਨਸ਼ੀਲ: ਖੁੱਡੀਆਂ
ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ, 23 ਫਰਵਰੀ
‘ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਕ੍ਰਾਂਤੀਕਾਰੀ ਤੇ ਯਤਨਸ਼ੀਲ ਹੈ’। ਇਹ ਗੱਲਾਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ 10ਵੇਂ ਅੰਤਰਰਾਸ਼ਟਰੀ ਮੇਲੇ ‘ਵਿਬਗਿਓਰ-25’ ‘ਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕਹੀਆਂ। ਇਸ ਮੌਕੇ ਮੁੱਖ ਮੰਤਰੀ ਦੇ ਓਐੱਸਡੀ ਰਾਜਵੀਰ ਸਿੰਘ ਘੁੰਮਣ, ਗਿਆਨ ਸਿੰਘ ਮਾਨ, ਵਿਧਾਇਕ ਗਿੱਦੜਬਾਹਾ ਹਰਦੀਪ ਸਿੰਘ ਡਿੰਪੀ ਢਿੱਲੋਂ, ਚੇਅਰਮੈਨ ਇੰਪਰੂਵਮੈਂਟ ਟਰੱਸਟ ਜਤਿੰਦਰ ਸਿੰਘ ਭੱਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਆਪਣੇ ਪੈਰਾਂ ’ਤੇ ਖੜ੍ਹੇ ਕਰਨ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਦੀ ਲੜੀ ਤਹਿਤ ਹੁਣ ਤੱਕ ਸੂਬਾ ਸਰਕਾਰ ਵੱਲੋਂ ਪੰਜਾਬ ਦੇ 51 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਲਈ ਹਮੇਸ਼ਾ ਤਤਪਰ ਹੈ ਅਤੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਨਹਿਰਾਂ ‘ਚ ਸੁਧਾਰ ਕਰਦਿਆਂ ਪਾਣੀ ਟੇਲਾਂ ‘ਤੇ ਪਹੁੰਚਾਇਆ ਹੈ, ਜਿਸ ਸਦਕਾ ਕਿਸਾਨਾਂ ਨੂੰ ਭਰਪੂਰ ਲਾਹਾ ਮਿਲ ਰਿਹਾ ਹੈ। ਇਸ ਦੌਰਾਨ ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸ਼ਨ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਉੱਤਰੀ ਭਾਰਤ ਵਿੱਚ ਮਾਲਵਾ ਖਿੱਤੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਵਿਦਿਆਰਥੀਆਂ ਨੂੰ ਰੁਜ਼ਗਾਰਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਉਸਾਰੀ ਲਈ ਅਨੇਕਾਂ ਉਪਰਾਲੇ ਕੀਤੇ ਜਾਂਦੇ ਹਨ। ਹਰ ਸਾਲ ਦੀ ਤਰ੍ਹਾਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਸੰਸਥਾ ਅਤੇ ਇਲਾਕੇ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਅੰਤਰਰਾਸ਼ਟਰੀ ਪੱਧਰ ਦੀ ਜਾਣਕਾਰੀ ਪ੍ਰਦਾਨ ਕਰਨ ਲਈ ਤਕਨੀਕੀ, ਪ੍ਰਬੰਧਕੀ, ਸੱਭਿਆਚਾਰਕ, ਗਿਆਨ ਅਤੇ ਮਨੋਰੰਜਨ ਆਦਿ ਰੰਗਾਂ ਦੇ ਸੁਮੇਲ ਵਾਲੇ ਦੱਸਵੇਂ ਅੰਤਰਰਾਸ਼ਟਰੀ ਮੇਲੇ ‘ਵਿਬਗਿਓਰ-25’ ਦਾ ਆਗਾਜ਼ ‘ਕਮਲ ਡਰੈਸਰਜ਼’ ਦੇ ਸਹਿਯੋਗ ਨਾਲ ਕੀਤਾ ਗਿਆ। ਚੇਅਰਮੈਨ ਡਾ. ਧਾਲੀਵਾਲ ਨੇ ਦੱਸਿਆ ਕਿ ਇਸ ਮੇਲੇ ਦਾ ਮੰਤਵ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਮੈਨੇਜਮੈਂਟ ਅਤੇ ਟੈਕਨਾਲੋਜੀ ਦੇ ਪੱਖ ਤੋਂ ਵਿਸ਼ਵ ਪੱਧਰੀ ਗਿਆਨ, ਤਕਨੀਕ ਬਾਰੇ ਜਾਣੂ ਕਰਵਾਉਣ ਤੋਂ ਇਲਾਵਾ ਭਾਰਤ ਅਤੇ ਵਿਦੇਸ਼ਾਂ ਦੇ ਸੱਭਿਆਚਾਰ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ।